ਅੰਮ੍ਰਿਤਸਰ: ਬੇਅਦਬੀ ਕਾਂਡਾਂ ਤੋਂ ਬਾਅਦ ਕਥਿਤ ਤੌਰ 'ਤੇ ਬਾਦਲਾਂ ਤੇ ਡੇਰਾ ਸਿਰਸਾ ਦੀ ਮਿਲੀਭੁਗਤ ਦੀ ਪੁਸ਼ਟੀ ਕਰਨ ਲਈ ਵੱਖਰੀ ਮੰਗ ਉੱਠੀ ਹੈ। ਯੂਨਾਈਟਿਡ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਬਾਦਲਾਂ ਦੇ ਸਾਹਮਣੇ ਬਿਠਾ ਕੇ ਉਸ ਦਾ ਨਾਰਕੋ ਟੈਸਟ ਕੀਤਾ ਜਾਵੇ।


ਯੂਨਾਈਟਿਡ ਅਕਾਲੀ ਦਲ ਦੇ ਆਗੂ ਮੋਹਕਮ ਸਿੰਘ ਨੇ ਹੋਰ ਆਗੂਆਂ ਦੇ ਨਾਲ ਪੱਤਰਕਾਰ ਸੰਮੇਲਨ ਦੌਰਾਨ ਇਹ ਮੰਗ ਉਠਾਈ ਹੈ। ਇਸ ਦੌਰਾਨ ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਤੇ ਰਾਮ ਰਹੀਮ ਦਾ ਨਾਰਕੋ ਟੈਸਟ ਕੀਤੇ ਜਾਣ ਦੀ ਮੰਗ ਕੀਤੀ ਹੈ।

ਮੋਹਕਮ ਸਿੰਘ ਨੇ ਦਾਅਵਾ ਕੀਤਾ ਹੈ ਕਿ ਸਾਬਕਾ ਉਪ ਮੁੱਖ ਮੰਤਰੀ ਦੀ ਅਗਵਾਈ ਵਿੱਚ ਬਰਗਾੜੀ ਪੜਤਾਲੀਆ ਰਿਪੋਰਟ 'ਤੇ ਵਿਵਾਦ ਖੜ੍ਹਾ ਕਰਕੇ ਇਨ੍ਹਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ ਅਕਾਲੀ ਬਾਣੇ 'ਚ ਅੱਤਵਾਦੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲ ਪਰਿਵਾਰ ਦੀ ਕਠਪੁਤਲੀ ਕਰਾਰ ਦਿੱਤਾ ਹੈ। ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਸਵਾਲ ਕੀਤਾ ਕਿ ਉਹ ਸਪੱਸ਼ਟ ਕਰਨ ਕਿ ਉਹ ਪਹਿਲਾਂ ਸਹੀ ਹਨ ਜਾਂ ਹੁਣ।

ਯੂਨਾਈਟਿਡ ਅਕਾਲੀ ਦਲ ਨੇ ਮੰਗ ਕੀਤੀ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਨੂੰ ਅਨਪੜ੍ਹ ਕਹਿਣਾ ਕਾਨੂੰਨੀ ਅਪਰਾਧ ਹੈ। ਇਸ ਲਈ ਸਰਕਾਰ ਨੂੰ ਸੁਖਬੀਰ ਬਾਦਲ ਗ੍ਰਿਫਤਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਇਮਾਨਦਾਰੀ ਦੇ ਨਾਲ ਬੇਅਦਬੀ ਤੇ ਬਰਗਾੜੀ ਕਾਂਡ ਦੀ ਜਾਂਚ ਕੀਤੀ, ਜਦਕਿ ਅਕਾਲੀ ਦਲ ਜਾਣਬੁੱਝ ਕੇ ਇਸ ਦਾ ਵਿਰੋਧ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਵਿਧਾਨ ਸਭਾ ਵਿੱਚ ਰਿਪੋਰਟ ਪੇਸ਼ ਹੋਣ ਦਾ ਇੰਤਜ਼ਾਰ ਕਰਨਾ ਚਾਹੀਦਾ ਸੀ।

ਇਸ ਦੇ ਨਾਲ ਹੀ ਯੂਨਾਈਟਿਡ ਅਕਾਲੀ ਦਲ ਨੇ ਮੌਜੂਦਾ ਸਰਕਾਰ ਨੂੰ ਤਾੜਨਾ ਕੀਤੀ ਕਿ ਉਹ ਬੇਅਦਬੀ ਤੇ ਬਰਗਾੜੀ ਕਾਂਡ ਦੇ ਮਾਮਲੇ ਵਿੱਚ ਗੋਂਗਲੂਆਂ ਤੋਂ ਮਿੱਟੀ ਝਾੜਨ ਦੀ ਬਜਾਏ ਕਾਨੂੰਨੀ ਪ੍ਰਕਿਰਿਆ ਪੂਰੀ ਕਰ ਦੋਸ਼ੀਆਂ ਨੂੰ ਸਜ਼ਾ ਦੇਵੇ।