ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਸਕਿੱਲ ਤੇ ਵੋਕੇਸ਼ਨਲ ਯੂਨੀਵਰਸਿਟੀ ਸਥਾਪਤ ਕਰਨ ਦੇ ਐਲਾਨ ਤੋਂ ਬਾਅਦ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਪ੍ਰਾਜੈਕਟ ਲਈ ਨਗਰ ਪੰਚਾਇਤ ਚਮਕੌਰ ਸਾਹਿਬ ਦੀ 100 ਏਕੜ ਜਗ੍ਹਾ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਗੱਲ ਕਹੀ ਹੈ।


ਸਿੱਧੂ ਨੇ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਨਵੀਂ ਦਿਸ਼ਾ ਦੇਣ ਲਈ ਕਿੱਤਾਮੁਖੀ ਤੇ ਹੁਨਰਮੰਦ ਸਿੱਖਿਆ ਦੇਣ ਲਈ ਸ੍ਰੀ ਚਮਕੌਰ ਸਾਹਿਬ ਦੀ ਇਤਿਹਾਸਕ ਧਰਤੀ 'ਤੇ ਬਣਾਈ ਜਾਣ ਵਾਲੀ ਸਕਿੱਲ ਤੇ ਵੋਕੇਸ਼ਨਲ ਯੂਨੀਵਰਸਿਟੀ ਵੱਡੇ ਸ਼ਾਹਿਬਜ਼ਾਦਿਆਂ ਤੇ ਸਿੰਘਾਂ ਦੀ ਸ਼ਹਾਦਤ ਨੂੰ ਨਿਮਾਣੀ ਜਿਹੀ ਭੇਂਟ ਹੋਵੇਗੀ।

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਤੇ ਕਿੱਤਮੁਖੀ ਸਿੱਖਿਆ ਦੇਣ ਲਈ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਇਸ ਯੂਨੀਵਰਸਿਟੀ ਬਣਾਉਣ ਦੀ ਮੰਗ ਰੱਖੀ ਗਈ ਸੀ ਜਿਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਕੇ 'ਤੇ ਹੀ ਪ੍ਰਵਾਨ ਕਰਦਿਆਂ ਸ੍ਰੀ ਚਮਕੌਰ ਸਾਹਿਬ ਵਿਖੇ ਸਕਿੱਲ ਤੇ ਵੋਕੇਸ਼ਨਲ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ ਕੀਤਾ ਸੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਜਿੱਥੇ 'ਘਰ ਘਰ ਰੁਜ਼ਗਾਰ ਮੁਹਿੰਮ' ਆਰੰਭੀ ਗਈ ਹੈ ਉਥੇ ਨੌਜਵਾਨਾਂ ਨੂੰ ਸਨਅਤਾਂ ਦੀ ਮੰਗ ਅਨੁਸਾਰ ਹੁਨਰਮੰਦ ਤੇ ਕਿੱਤਾਮੁਖੀ ਸਿਖਲਾਈ ਦੇਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਦੀ ਸਥਾਪਨਾ ਨਾਲ ਇਥੋਂ ਸਿੱਖਿਆ ਹਾਸਲ ਕਰਨ ਉਪਰੰਤ ਹੀ ਵਿਦਿਆਰਥੀ ਰੁਜ਼ਗਾਰ ਦੇ ਕਾਬਲ ਹੋਣਗੇ।