ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਦੇ ਨਿਸ਼ਾਨੇ ‘ਤੇ ਹੁਣ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਹੈ। ਮਾਨ ਨੇ ਸਰਕਾਰ ਵੱਲੋਂ ਤਰਾਈ ਖੇਤਰ ਦੇ ਹਜ਼ਾਰਾਂ ਪੰਜਾਬੀ ਕਿਸਾਨ ਪਰਿਵਾਰਾਂ ਨੂੰ ਧੱਕੇ ਨਾਲ ਉਜਾੜੇ ਜਾਣ ਦੀਆਂ ਕਾਰਵਾਈਆਂ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਪੰਜਾਬ ਨਾਲ ਸਬੰਧਤ ਕੇਂਦਰੀ ਮੰਤਰੀ ਹਰਸਿਮਰਤ ਬਾਦਲ, ਸੋਮ ਪ੍ਰਕਾਸ਼ ਤੇ ਹਰਦੀਪ ਸਿੰਘ ਪੁਰੀ ਨੂੰ ਕਟਹਿਰੇ 'ਚ ਖੜ੍ਹਾ ਕੀਤਾ ਹੈ।

ਭਗਵੰਤ ਮਾਨ ਨੇ ਕਿਹਾ, “ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਯੂਪੀ ਦੇ ਤਰਾਈ ਇਲਾਕੇ 'ਚ ਪਿਛਲੇ 70 ਸਾਲਾਂ ਤੋਂ ਵੱਸਦੇ ਹਜ਼ਾਰਾਂ ਪੰਜਾਬੀ ਸਿੱਖ ਕਿਸਾਨਾਂ ਨੂੰ ਉਸੇ ਸਰਕਾਰੀ ਗੁੰਡਾਗਰਦੀ ਰਾਹੀਂ ਉਜਾੜਿਆ ਜਾ ਰਿਹਾ ਹੈ, ਜਿਵੇਂ ਗੁਜਰਾਤ ਦੀ ਭਾਜਪਾ ਸਰਕਾਰ ਨੇ ਕੱਛ ਇਲਾਕੇ 'ਚ ਵੱਸਦੇ ਪੰਜਾਬੀ ਕਿਸਾਨਾਂ ਨੂੰ ਉਜਾੜਿਆ ਸੀ, ਪਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਜੀਰੀਆਂ ਭੋਗ ਰਹੇ ਸਾਡੇ ਪੰਜਾਬ ਦੇ ਮੰਤਰੀ ਤਮਾਸ਼ਬੀਨ ਬਣੇ ਹੋਏ ਹਨ।“

ਮਾਨ ਨੇ ਹਰਸਿਮਰਤ ਬਾਦਲ ਦੇ ਹਵਾਲੇ ਨਾਲ ਬਾਦਲ ਪਰਿਵਾਰ ਕੋਲੋਂ ਸਪਸ਼ਟੀਕਰਨ ਮੰਗਿਆ ਕਿ ਅਕਾਲੀ ਦਲ (ਬਾਦਲ) ਦਾ ਭਾਜਪਾ ਨਾਲ ਸਿਆਸੀ ਗੱਠਜੋੜ ਕਿਹੜੇ ਅਸੂਲਾਂ-ਸਿਧਾਂਤਾਂ ਦੇ ਆਧਾਰ 'ਤੇ ਟਿਕਿਆ ਹੋਇਆ ਹੈ? ਕੀ ਬਾਦਲ ਪਰਿਵਾਰ ਲਈ ਸਿਰਫ਼ ਹਰਸਿਮਰਤ ਕੌਰ ਬਾਦਲ ਦੀ ਵਜ਼ੀਰੀ ਹੀ ਸਭ ਕੁਝ ਹੈ? ਜਿਹੜੇ ਪੰਜਾਬੀਆਂ ਨੇ ਬਾਦਲ ਪਰਿਵਾਰ ਨੂੰ 5 ਵਾਰ ਮੁੱਖ ਮੰਤਰੀ ਅਨੇਕਾਂ ਅੰਨ੍ਹੀਆਂ ਤਾਕਤਾਂ ਨਾਲ ਨਿਵਾਜਿਆ ਉਨ੍ਹਾਂ ਪੰਜਾਬੀਆਂ ਪ੍ਰਤੀ ਇਹ ਪਰਿਵਾਰ ਐਨਾ ਅਹਿਸਾਨ ਫ਼ਰਾਮੋਸ਼ ਕਿਉਂ ਹੈ।

ਭਗਵੰਤ ਮਾਨ ਨੇ ਤੰਜ ਕੱਸਿਆ ਕਿ ਜਿਸ ਇੱਕ ਵਜ਼ੀਰੀ ਦੀ ਪੰਜਾਬ ਅਤੇ ਪੰਜਾਬੀਆਂ ਨੂੰ ਐਨੀਆਂ ਭਾਰੀ ਕੀਮਤਾਂ ਚੁਕਾਉਣੀਆਂ ਪੈਂਦੀਆਂ ਹੋਣ ਅਜਿਹੀ ਵਜ਼ੀਰੀ 'ਤੇ ਲੱਖ ਲਾਹਨਤਾਂ ਹਨ। ਭਗਵੰਤ ਮਾਨ ਨੇ ਭਾਜਪਾ ਦੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਅੰਮ੍ਰਿਤਸਰ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜਨ ਵਾਲੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਯੂਪੀ ਦੇ ਪੰਜਾਬੀ ਕਿਸਾਨਾਂ ਦੇ ਹੱਕ 'ਚ ਡਟਣ ਦੀ ਸਲਾਹ ਦਿੰਦਿਆਂ ਕਿਹਾ ਕਿ ਜੇਕਰ ਉਹ ਅੱਜ ਪੰਜਾਬੀ ਕਿਸਾਨਾਂ ਨਾਲ ਨਹੀਂ ਖੜੇ ਤਾਂ ਪੰਜਾਬ ਦੇ ਲੋਕ ਬਾਦਲਾਂ ਵਾਂਗ ਉਨ੍ਹਾਂ ਨੂੰ ਵੀ ਕਦੇ ਮੁਆਫ਼ ਨਹੀਂ ਕਰਨਗੇ।

ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਹ ਮਸਲਾ ਕੇਂਦਰ ਅਤੇ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਕੋਲ ਉਠਾਉਣ ਦੀ ਮੰਗ ਕੀਤੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904