Punjab News : ਕੌਮਾਂਤਰੀ ਖੇਡ ਮੁਕਾਬਲਿਆਂ ਦੀ ਤਿਆਰੀ ਲਈ 15 ਲੱਖ ਰੁਪਏ ਤੱਕ ਮਿਲੇਗੀ ਰਾਸ਼ੀ : ਮੀਤ ਹੇਅਰ
Punjab News : ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪਾਸ ਕੀਤੀ
Punjab News : ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪਾਸ ਕੀਤੀ ਨਵੀਂ ਖੇਡ ਨੀਤੀ ਦੇ ਅੱਜ ਵੇਰਵੇ ਜਾਰੀ ਕਰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਖਿਡਾਰੀਆਂ ਲਈ ਨਵੀਆਂ ਸੌਗਾਤਾਂ ਦਾ ਐਲਾਨ ਕੀਤਾ।
ਸੂਬਾ ਸਰਕਾਰ ਦੀ ਨਵੀਂ ਖੇਡ ਨੀਤੀ ਵਿੱਚ ਨਗਦ ਇਨਾਮਾਂ ਦੇ ਗੱਫ਼ਿਆਂ ਦਾ ਐਲਾਨ ਕਰਦਿਆਂ ਖਿਡਾਰੀਆਂ ਤੇ ਕੋਚਾਂ ਲਈ ਐਵਾਰਡ ਅਤੇ ਖਿਡਾਰੀਆਂ ਲਈ ਨੌਕਰੀਆਂ ਦਾ ਰਾਹ ਪੱਧਰਾ ਕਰ ਦਿੱਤਾ। ਸੂਬੇ ਦੇ ਹਰ ਪਿੰਡ ਵਿੱਚ ਖੇਡ ਨਰਸਰੀ ਬਣਾਉਣ ਤੋਂ ਲੈ ਕੇ ਸਟੇਟ ਪੱਧਰ ਦੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸੈਂਟਰ ਬਣਨਗੇ। ਖੇਡ ਮੰਤਰੀ ਵੱਲੋਂ ਨਵੀਂ ਖੇਡ ਨੀਤੀ ਦੇ ਵੇਰਵੇ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ ਅਤੇ ਮਾਹਿਰਾਂ ਦੀ ਕਮੇਟੀ ਦੇ ਮੈਂਬਰ ਦਰੋਣਾਚਾਰੀ ਐਵਾਰਡੀ ਗੁਰਬਖ਼ਸ਼ ਸਿੰਘ ਸੰਧੂ, ਚੰਡੀਗੜ੍ਹ ਯੂਨੀਵਰਸਿਟੀ ਦੇ ਮੌਜੂਦਾ ਖੇਡ ਡਾਇਰੈਕਟਰ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਖੇਡ ਡਾਇਰੈਕਟਰ ਡਾ. ਰਾਜ ਕੁਮਾਰ ਸ਼ਰਮਾ ਤੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ ਜੇ.ਐਸ.ਚੀਮਾ ਦੀ ਹਾਜ਼ਰੀ ਵਿੱਚ ਜਾਰੀ ਕੀਤੇ ਗਏ।
ਮੀਤ ਹੇਅਰ ਨੇ ਦੱਸਿਆ ਕਿ ਓਲੰਪਿਕ ਖੇਡਾਂ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਮੈਡਲ ਜੇਤੂਆਂ ਦੀ ਮੌਜੂਦਾ ਇਨਾਮ ਰਾਸ਼ੀ ਕ੍ਰਮਵਾਰ 2.25 ਕਰੋੜ, ਡੇਢ ਕਰੋੜ ਰੁਪਏ ਤੇ ਇਕ ਕਰੋੜ ਰੁਪਏ ਤੋਂ।ਵਧਾ ਕੇ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇਕ ਕਰੋੜ ਕਰਨ ਦਾ ਫੈਸਲਾ ਕੀਤਾ। ਇਸ ਤੋਂ ਪਹਿਲਾਂ ਕਰੀਬ 25 ਖੇਡਾਂ ਤੇ ਤਮਗ਼ਾ ਜੇਤੂਆਂ ਨੂੰ ਨਗਦ ਇਨਾਮ ਮਿਲਦੇ ਸਨ ਜਦੋਂ ਕਿ ਹੁਣ ਇਨ੍ਹਾਂ ਦੀ ਗਿਣਤੀ ਵਧਾ ਕੇ 80 ਤੋਂ ਵੱਧ ਕਰ ਦਿੱਤੀ ਹੈ।
ਨਵੇਂ ਖੇਡ ਮੁਕਾਬਲਿਆਂ ਵਿੱਚ ਸਪੈਸ਼ਲ ਓਲੰਪਿਕਸ, ਡੈਫ ਓਲੰਪਿਕਸ, ਪੈਰਾ ਵਰਲਡ ਗੇਮਜ਼ (75, 50 ਤੇ 30 ਲੱਖ ਰੁਪਏ), ਬੈਡਮਿੰਟਨ ਦੇ ਥੌਮਸ ਕੱਪ, ਓਬੇਰ ਕੱਪ, ਬੀ.ਡਬਲਿਊ ਐਫ ਵਰਲਡ ਟੂਰ ਫਾਈਨਲ (75, 50 ਤੇ 40 ਲੱਖ ਰੁਪਏ), ਟੈਨਿਸ ਦੇ ਸਾਰੇ ਗਰੈਂਡ ਸਲੈਮ (75, 50 ਤੇ 40 ਲੱਖ ਰੁਪਏ), ਅਜ਼ਲਾਨ ਸ਼ਾਹ ਹਾਕੀ ਕੱਪ (75, 50 ਤੇ 40 ਲੱਖ ਰੁਪਏ), ਡਾਇਮੰਡ ਲੀਗ ਅਤੇ ਮਾਨਤਾ ਪ੍ਰਾਪਤ ਇੰਟਰਨੈਸ਼ਨਲ ਸੰਸਥਾਵਾਂ ਦੇ ਮਾਨਤਾ ਪ੍ਰਾਪਤ ਟੂਰਨਾਮੈਂਟ (75, 50 ਤੇ 40 ਲੱਖ ਰੁਪਏ), ਡੈਫ ਵਰਲਡ ਕੱਪ, ਬਲਾਈਂਡ ਵਰਲਡ ਕੱਪ (60, 40 ਤੇ 20 ਲੱਖ ਰੁਪਏ), ਯੂਥ ਓਲੰਪਿਕ ਖੇਡਾਂ (50, 30 ਤੇ 20 ਲੱਖ ਰੁਪਏ) ਆਦਿ ਸ਼ਾਮਲ ਕੀਤਾ ਗਿਆ ਹੈ।
ਮੀਤ ਹੇਅਰ ਨੇ ਅੱਗੇ ਦੱਸਿਆ ਕਿ ਤਮਗ਼ਾ ਜੇਤੂ ਬਿਹਤਰੀਨ ਖਿਡਾਰੀਆਂ ਲਈ ਤਿਆਰ ਕੀਤੇ ਵਿਸ਼ੇਸ਼ ਕਾਡਰ ਵਿੱਚ 500 ਪੋਸਟਾਂ ਦੀ ਵਿਵਸਥਾ ਜਿਨ੍ਹਾਂ ਵਿੱਚ 40 ਡਿਪਟੀ ਡਾਇਰੈਕਟਰ, 92 ਸੀਨੀਅਰ ਕੋਚ, 138 ਕੋਚ ਤੇ 230 ਜੂਨੀਅਰ ਕੋਚ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਹਰਿਆਣਾ ਵਿੱਚ 2017 ਕੋਚਾਂ ਦੇ ਮੁਕਾਬਲੇ ਪੰਜਾਬ ਵਿੱਚ ਸਿਰਫ 309 ਕੋਚ ਹਨ ਅਤੇ ਨਵੀਂ ਖੇਡ ਨੀਤੀ ਅਨੁਸਾਰ 2360 ਕੋਚਾਂ ਦੀ ਪ੍ਰਸਤਾਵਨਾ ਹੈ।
ਖਿਡਾਰੀਆਂ ਵਾਂਗ ਕੋਚਾਂ ਤੇ ਪ੍ਰਮੋਟਰਾਂ ਲਈ ਪਹਿਲੀ ਵਾਰ ਐਵਾਰਡ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਕੋਚਾਂ ਨੂੰ ਹੁਣ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੋਚ ਐਵਾਰਡ ਮਿਲੇਗਾ ਜਿਸ ਵਿੱਚ 5 ਲੱਖ ਰੁਪਏ ਇਨਾਮ ਰਾਸ਼ੀ, ਟਰਾਫੀ ਤੇ ਬਲੇਜ਼ਰ ਸ਼ਾਮਲ ਹੋਵੇਗਾ। ਇਸੇ ਤਰ੍ਹਾਂ ਖੇਡਾਂ ਨੂੰ ਪ੍ਰਮੋਟ ਕਰਨ ਵਾਲੀ ਕੋਈ ਵੀ ਨਿੱਜੀ ਸੰਸਥਾ ਜਾਂ ਵਿਅਕਤੀ ਲਈ ਮਿਲਖਾ ਸਿੰਘ ਐਵਾਰਡ ਫਾਰ ਸਪੋਰਟਸ ਪ੍ਰਮੋਟਰਜ਼/ਆਰਗੇਨਾਈਜੇਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ। ਇਨਾਮ ਰਾਸ਼ੀ ਵਿੱਚ 5 ਲੱਖ ਰੁਪਏ, ਮਮੈਂਟੋ, ਬਲੇਜ਼ਰ ਤੇ ਸਨਮਾਨ ਪੱਤਰ ਸ਼ਾਮਲ ਹੋਵੇਗਾ।