Stubble Burning: ਪਰਾਲ਼ੀ ਸਾਂਭਣ ਲਈ ਸਹਿਕਾਰੀ ਬੈਂਕਾਂ ਤੋਂ 80 ਫੀਸਦੀ ਤੱਕ ਸਬਸਿਡੀ 'ਤੇ ਮਿਲੇਗਾ ਕਰਜ਼ਾ, CM ਮਾਨ ਨੇ ਕਿਸਾਨਾਂ ਨੂੰ ਫ਼ਾਇਦਾ ਲੈਣ ਦੀ ਕੀਤੀ ਅਪੀਲ
Punjab News: ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਸ਼ੀਨਰੀ ਉੱਤੇ ਕਰਜ਼ੇ ਦੀ ਮੁੜ ਅਦਾਇਗੀ ਦੀ ਮਿਆਦ ਪੰਜ ਸਾਲ ਹੋਵੇਗੀ ਅਤੇ ਇਹ ਕਰਜ਼ਾ 30 ਜੂਨ ਅਤੇ 31 ਜਨਵਰੀ ਨੂੰ ਸਾਲਾਨਾ 10 ਛਿਮਾਹੀ ਕਿਸ਼ਤਾਂ ਵਿੱਚ ਵਾਪਸੀਯੋਗ ਹੋਵੇਗਾ।
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਫੂਕਣ ਦੇ ਖ਼ਤਰੇ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਪੰਜਾਬ ਭਰ ਦੇ ਸਹਿਕਾਰੀ ਬੈਂਕਾਂ ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਢੁਕਵੇਂ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਲਈ ਕਰਜ਼ਾ ਆਸਾਨੀ ਨਾਲ ਉਪਲਬਧ ਕਰਵਾਉਣਾ ਹੈ ਤਾਂ ਜੋ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਸਕੀਮ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਜ਼ਿਲ੍ਹਾ ਸਹਿਕਾਰੀ ਬੈਂਕਾਂ ਦੀਆਂ 802 ਸ਼ਾਖਾਵਾਂ ਵਿੱਚ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਸਰਲ ਅਤੇ ਆਸਾਨ ਵਿਧੀ ਰਾਹੀਂ ਇਸ ਸਕੀਮ ਦਾ ਲਾਭ ਲੈ ਸਕਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੀਆਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.) ਅਤੇ ਹੋਰ ਅਗਾਂਹਵਧੂ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਾਇਟੀਆਂ ਜਾਂ ਹੋਰ ਅਦਾਰੇ ਕਾਮਨ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਕੀਮ ਅਧੀਨ ਖੇਤੀ ਸੰਦਾਂ ਦੀ ਖ਼ਰੀਦ 'ਤੇ 80 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਅਗਾਂਹਵਧੂ ਕਿਸਾਨ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਬੇਲਰ ਅਤੇ ਸੁਪਰਸੀਡਰਾਂ ਵਰਗੇ ਖੇਤੀ ਸੰਦਾਂ ਦੀ ਖ਼ਰੀਦ 'ਤੇ 50 ਫੀਸਦੀ ਸਬਸਿਡੀ ਦੇ ਹੱਕਦਾਰ ਹੋਣਗੇ।
Our government is committed to addressing the pollution caused by stubble burning. To support this mission, we have introduced the 'Crop Residue Management Loan Scheme' through cooperative banks across Punjab. This initiative is designed to empower our farmers by providing access…
— Bhagwant Mann (@BhagwantMann) October 6, 2024
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੀਮ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਕੀਮ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦਾ ਬਦਲ ਚੁਣਨ ਲਈ ਉਤਸ਼ਾਹਿਤ ਕਰਨ ਲਈ ਵੀ ਸਹਾਈ ਸਿੱਧ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਦੀ ਭਲਾਈ ਨੂੰ ਹਰ ਸੰਭਵ ਤਰੀਕੇ ਨਾਲ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਉਠਾਉਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਘਟਾਉਣ ਲਈ ਬਾਇਓ-ਊਰਜਾ ਪਲਾਂਟਾਂ ਨੂੰ ਸਮਰਥਨ ਦੇਣ ਲਈ ਖੇਤੀ ਰਹਿੰਦ-ਖੂੰਹਦ ਦੀ ਸਪਲਾਈ ਲੜੀ ਵਿੱਚ ਉਦਯੋਗਾਂ-ਕਿਸਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਉੱਤੇ ਮੁੱਖ ਜ਼ੋਰ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪਹਿਲਕਦਮੀ ਬਾਇਓਮਾਸ ਸਪਲਾਈ ਚੇਨ ਰਾਹੀਂ ਬਾਇਓ-ਊਰਜਾ ਉਦਯੋਗ ਤੱਕ ਖੇਤੀ ਰਹਿੰਦ-ਖੂੰਹਦ ਦੀ ਪਹੁੰਚ ਕਰ ਕੇ ਇਸ ਪ੍ਰਦੂਸ਼ਣ ਤੋਂ ਬਚਣ ਵਿੱਚ ਮਦਦ ਕਰੇਗੀ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਿਜਲੀ ਉਤਪਾਦਨ ਯੂਨਿਟ, ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟ, 2ਜੀ ਈਥਾਨੌਲ ਫੈਕਟਰੀਆਂ ਫਸਲੀ ਰਹਿੰਦ-ਖੂੰਹਦ ਉੱਤੇ ਆਧਾਰਤ ਆਪਣੀ ਸਪਲਾਈ ਚੇਨ ਨੂੰ ਮਜ਼ਬੂਤ ਕਰ ਸਕਦੀਆਂ ਹਨ ਅਤੇ ਇਸ ਕਦਮ ਨਾਲ ਬਾਇਓ ਬਾਲਣ ਉਦਯੋਗ ਨੂੰ ਸਮੁੱਚੇ ਤੌਰ 'ਤੇ ਲਾਭ ਪਹੁੰਚ ਸਕਦਾ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਸ਼ੀਨਰੀ ਉੱਤੇ ਕਰਜ਼ੇ ਦੀ ਮੁੜ ਅਦਾਇਗੀ ਦੀ ਮਿਆਦ ਪੰਜ ਸਾਲ ਹੋਵੇਗੀ ਅਤੇ ਇਹ ਕਰਜ਼ਾ 30 ਜੂਨ ਅਤੇ 31 ਜਨਵਰੀ ਨੂੰ ਸਾਲਾਨਾ 10 ਛਿਮਾਹੀ ਕਿਸ਼ਤਾਂ ਵਿੱਚ ਵਾਪਸੀਯੋਗ ਹੋਵੇਗਾ।