ਅੰਮ੍ਰਿਤਸਰ: ਕੱਲ੍ਹ ਪੰਜਾਬ ਪੁਲਿਸ ਵੱਲੋਂ ਮੁਕਾਬਲੇ ਦੌਰਾਨ ਮਾਰੇ ਗਏ ਗੈਂਗਸਟਰ ਵਿੱਕੀ ਗੌਂਡਰ ਦੀ ਚਰਚਾ ਹਰ ਪਾਸੇ ਹੋ ਰਹੀ ਹੈ। ਜਿੱਥੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਦੀ ਇਸ ਕਾਰਵਾਈ ਦੀ ਤਾਰੀਫ ਕੀਤੀ ਸੀ ਅਤੇ ਵਧਾਈ ਦਿੱਤੀ ਸੀ। ਓਥੇ ਹੀ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਵੀ ਪੁਲਿਸ ਦੀ ਇਸ ਵੱਡੀ ਕਾਮਯਾਬੀ ਦੀ ਤਾਰੀਫ ਕੀਤੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਅਜਿਹੇ ਗੈਂਗਸਟਰ ਪੰਜਾਬ ਦੇ ਨੌਜਵਾਨਾਂ ਨੂੰ ਗੁਮਰਾਹ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰ ਰਹੇ ਹਨ ਇਸ ਲਈ ਅਜਿਹੇ ਲੋਕਾਂ ਖਿਲਾਫ ਅਜਿਹੀ ਕਾਰਵਾਈ ਹੋਣੀ ਜ਼ਰੂਰੀ ਹੈ। ਸੁਖਬੀਰ ਬਾਦਲ ਅੱਜ ਆਪਣੀ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੱਖਵਾਏ ਗਏ ਅਖੰਡਪਾਠ ਸਾਹਿਬ ਦੇ ਪਾਠ ਦੇ ਭੋਗ ਵਿੱਚ ਸ਼ਾਮਿਲ ਹੋਣ ਲਈ ਆਏ ਸਨ। ਦੋਵਾਂ ਨੇ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨਾਲ ਗੱਲ ਕੀਤੀ।
ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਅਤੇ ਖਾਸ ਕਰਕੇ ਕਿਸਾਨਾਂ ਬਾਰੇ ਕੁਝ ਵੀ ਨਹੀਂ ਸੋਚ ਰਹੀ. ਉਨ੍ਹਾਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਧੂ ਸਿਰਫ ਲੋਕਾਂ ਨੂੰ ਟੀਵੀ ਚੈਨਲਾਂ ਤੇ ਹਸਾ ਸਕਦੇ ਹਨ ਜਾਂ ਫਿਰ ਲੋਕਾਂ ਦੀ ਨਿੰਦਾ ਹੀ ਕਰ ਸਕਦੇ ਹਨ। ਉਨ੍ਹਾਂ ਸਿੱਧੂ ਦੀ ਕੈਪਟਨ ਨਾਲ ਨਾਰਾਜ਼ਗੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿੱਧੂ ਪਹਿਲਾਂ ਸਾਡੇ ਨਾਲ ਸੀ ਓਥੇ ਵੀ ਨਾਰਾਜ਼ਗੀ ਦੇ ਚੱਲਦਿਆਂ ਪਾਰਟੀ ਨੂੰ ਛੱਡ ਕੇ ਕਾਂਗਰਸ ਚ ਆ ਗਏ ਅਤੇ ਹੁਣ ਫਿਰ ਨਾਰਾਜ਼ਗੀ ਦਿਖਾ ਕੇ ਕੀਤੇ ਹੋਰ ਜਾਣ ਦੀ ਤਿਆਰੀ ਕਰਦੇ ਲੱਗ ਰਹੇ ਹਨ।