ਫ਼ਰੀਦਕੋਟ: ਬਹਿਬਲ ਕਲਾਂ ਗੋਲ਼ੀਕਾਂਡ ਦੇ ਤਿੰਨ ਮੁਲਜ਼ਮ ਪੁਲਿਸ ਅਧਿਕਾਰੀਆਂ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਅਗਾਊਂ ਜ਼ਮਾਨਤ ਹਾਸਲ ਕਰਨ ਲਈ ਅਦਾਲਤ ਤਕ ਪਹੁੰਚ ਕੀਤੀ ਹੋਈ ਹੈ ਅਤੇ ਅੱਜ ਉਹ ਐਸਆਈਟੀ ਸਨਮੁਖ ਵੀ ਪੇਸ਼ ਨਹੀਂ ਹੋਏ। ਪਰ ਹੁਣ ਇਨ੍ਹਾਂ ਅਧਿਕਾਰੀਆਂ ਦੀਆਂ ਮੁਸ਼ਕਲਾਂ ਹੋਰ ਵੀ ਵੱਧ ਸਕਦੀਆਂ ਹਨ। ਦਰਅਸਲ, ਗੋਲ਼ੀਬਾਰੀ ਵਿੱਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਪਰਿਵਾਰ ਨੇ ਤਿੰਨਾਂ ਪੁਲਿਸ ਅਧਿਕਾਰੀਆਂ ਦੀ ਜ਼ਮਾਨਤ ਅਰਜ਼ੀ ਨਾ ਮਨਜ਼ੂਰ ਕਰਨ ਦੀ ਅਪੀਲ ਕੀਤੀ ਹੈ।


ਅਕਤੂਬਰ 2015 ਵਿੱਚ ਬੇਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਬੀਤੀ 25 ਜਨਵਰੀ ਨੂੰ ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਚਾਰ ਪੁਲਿਸ ਅਧਿਕਾਰੀਆਂ ਨੂੰ ਸੰਮਨ ਜਾਰੀ ਕੀਤੇ ਸਨ, ਜਿਨ੍ਹਾਂ ਵਿੱਚੋਂ ਇੱਕ ਦੀ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਪਰ ਫ਼ਾਜ਼ਿਲਕਾ ਦੇ ਤਤਕਾਲੀ ਐਸਪੀ ਬਿਕਰਮਜੀਤ ਸਿੰਘ ਅਤੇ ਇੰਸਪੈਕਟਰ ਪ੍ਰਦੀਪ ਸਿੰਘ, ਸਬ ਇੰਸਪੈਕਟਰ ਅਮਰਜੀਤ ਸਿੰਘ ਕੁਲਾਰ ਨੇ ਬੀਤੇ ਕੱਲ੍ਹ ਫ਼ਰੀਦਕੋਟ ਦੀ ਸ਼ੈਸ਼ਨ ਕੋਰਟ ਵਿੱਚ ਆਗਾਮੀ ਜ਼ਮਾਨਤ ਦੀ ਅਰਜ਼ੀ ਲਾ ਦਿੱਤੀ ਸੀ, ਜਿਸ ਨੂੰ ਹੁਣ ਚੁਣੌਤੀ ਦਿੱਤੀ ਗਈ ਹੈ।

ਕ੍ਰਿਸ਼ਨ ਭਗਵਾਨ ਦੇ ਪੁੱਤਰ ਸੁਖਰਾਜ ਸਿੰਘ ਨੇ ਤਿੰਨੇ ਪੁਲਿਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਸੁਖਰਾਜ ਸਿੰਘ ਨੇ ਕਿਹਾ ਕਿ ਸਾਲ 2015 ਵਿਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਮਾਮਲੇ ਵਿਚ ਰੋਸ ਕਰ ਰਹੇ ਸਿੱਖਾਂ 'ਤੇ ਪੁਲਿਸ ਵੱਲੋਂ ਲਾਠੀਚਾਰ ਅਤੇ ਗੋਲ਼ੀ ਚਲਈ ਗਈ ਸੀ ਜਿਸ ਵਿੱਚ ਉਨ੍ਹਾਂ ਦੇ ਪਿਤਾ ਤੇ ਗੁਰਜੀਤ ਸਰਾਵਾਂ ਸ਼ਹੀਦ ਹੋ ਗਏ ਸਨ। ਉਨ੍ਹਾਂ ਕਿਹਾ ਕਿ 3 ਸਾਲ ਬੀਤ ਗਏ ਪਰ ਹੁਣ ਨਵੀਂ SIT ਦੀਆਂ ਕਾਰਵਾਈਆਂ ਤੋਂ ਉਨ੍ਹਾਂ ਨੂੰ ਇਨਸਾਫ਼ ਦੀ ਆਸ ਬੱਝੀ ਹੈ। ਉਨ੍ਹਾਂ ਕਿਹਾ ਕਿ ਤਿੰਨਾਂ ਪੁਲਿਸ ਅਧਿਕਾਰੀਆਂ ਦੀ ਜ਼ਮਾਨਤ ਨੂੰ ਰੱਦ ਕਰਵਾਉਣ ਲਈ ਭਲਕੇ ਫੈਸਲੇ ਮੌਕੇ ਆਪਣਾ ਵਕੀਲ ਅਦਾਲਤ ਵਿੱਚ ਭੇਜਣਗੇ।

ਜ਼ਿਕਰਯੋਗ ਹੈ ਕਿ ਐਸਆਈਟੀ ਨੇ ਤਿੰਨੇ ਪੁਲਿਸ ਅਧਿਕਾਰੀਆਂ ਨੂੰ ਚੰਡੀਗੜ੍ਹ ਵਿੱਚ ਪੇਸ਼ ਹੋਣ ਲਈ ਸੰਮਨ ਕੀਤੇ ਗਏ ਸਨ ਪਰ ਚਰਨਜੀਤ ਸ਼ਰਮਾ ਦੀ ਗ੍ਰਿਫਤਾਰੀ ਮਗਰੋਂ ਉਹ ਨਾ ਐਸਆਈਟੀ ਸਾਹਮਣੇ ਪੇਸ਼ ਹੋਏ ਅਤੇ ਗ੍ਰਿਫ਼ਤਾਰੀ ਦੇ ਖ਼ਦਸ਼ੇ ਕਾਰਨ ਅਗਾਊਂ ਜ਼ਮਾਨਤ ਦੀ ਝਾਕ ਵੀ ਕਰ ਰਹੇ ਹਨ। ਫ਼ਰੀਦਕੋਟ ਅਦਾਲਤ ਭਲਕੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ 'ਤੇ ਫੈਸਲਾ ਸੁਣਾਏਗੀ।