Punjab News: ਪੰਜਾਬ ਅੰਦਰ ਸਤਲੁਜ-ਯਮਨਾ ਲਿੰਕ ਨਹਿਰ (ਐਸਵਾਈਐਲ) ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਅਕਾਲੀ ਦਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਗੇ ਗੋਡੇ ਟੇਕ ਦਿੱਤੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪਰਮਬੰਸ ਸਿੰਘ ਰੁਮਾਣਾ ਨੇ ਕਿਹਾ ਕਿ ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਨੇ ਐਸਵਾਈਐਲ 'ਤੇ ਸੁਪਰੀਮ ਕੋਰਟ ਵਿੱਚ ਪੰਜਾਬ ਦੀ ਲੜਾਈ ਦੀ ਅਗਵਾਈ ਕਰਨੀ ਹੁੰਦੀ ਹੈ। ਉਹ ਖੁਦ ਹੀ ਇੱਕ ਅਜਿਹੇ ਹੱਲ ਦੀ ਗੱਲ ਕਰ ਰਹੇ ਹਨ ਜੋ ਸਾਰੇ ਹਿੱਸੇਦਾਰਾਂ ਦੇ ਅਧਿਕਾਰਾਂ ਤੇ ਹਿੱਤਾਂ ਦਾ ਸਤਿਕਾਰ ਕਰਦਾ ਹੋਵੇ। ਇਹ ਸਰਕਾਰ ਦੇ ਇਰਾਦੇ ਨੂੰ ਦਰਸਾਉਂਦਾ ਹੈ ਤੇ ਨਾਲ ਹੀ ਪਤਾ ਲੱਗਦਾ ਹੈ ਕਿ ਕਿਵੇਂ ਉਸ ਨੇ ਅਰਵਿੰਦ ਕੇਜਰੀਵਾਲ ਅੱਗੇ ਪੂਰੀ ਤਰ੍ਹਾਂ ਸਮਰਪਣ ਕਰ ਦਿੱਤਾ।
ਆਓ ਰੋਜ਼-ਰੋਜ਼ ਦੀ ਕਿੱਚ ਕਿੱਚ ਖਤਮ ਕਰੀਏ: ਸੀਐਮ ਭਗਵੰਤ ਮਾਨ
ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ, ਅਕਾਲੀ ਦਲ ਤੇ ਬੀਜੇਪੀ ਦੇ ਪ੍ਰਧਾਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਓ ਰੋਜ਼-ਰੋਜ਼ ਦੀ ਕਿੱਚ ਕਿੱਚ ਖਤਮ ਕਰੀਏ ਤੇ ਪੰਜਾਬੀਆਂ ਤੇ ਮੀਡੀਆ ਸਾਹਮਣੇ ਬੈਠ ਕੇ ਕਲੀਅਰ ਕਰ ਲਈਏ ਕਿ ਪੰਜਾਬ ਦਾ ਨੁਕਸਾਨ ਲਈ ਕੌਣ ਜ਼ਿੰਮੇਵਾਰ ਹੈ। ਸੀਐਮ ਭਗਵੰਤ ਦਾ ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਐਸਵਾਈਐਲ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ।
ਸੀਐਮ ਭਗਵੰਤ ਮਾਨ ਟਵੀਟ ਕਰਕੇ ਕਿਹਾ...ਭਾਜਪਾ ਪ੍ਰਧਾਨ ਜਾਖੜ ਜੀ, ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ, ਜਵਾਨੀ ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ..ਸਾਰੇ ਮੁੱਦਿਆਂ ਤੇ ਲਾਈਵ ਬਹਿਸ ਕਰੀਏ..ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ..1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਠੀਕ ਰਹੇਗਾ..ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ.. ਮੇਰੀ ਤਾਂ ਪੂਰੀ ਤਿਆਰੀ ਐ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ..