ਰੌਬਟ ਦੀ ਰਿਪੋਰਟ



ਚੰਡੀਗੜ੍ਹ: ਪੰਜਾਬ (Punjab) ਦੀ ਭਗਵੰਤ ਮਾਨ (Bhagwant Mann) ਸਰਕਾਰ ਦੇ ਪਹਿਲੇ ਵਿਧਾਨ ਸਭਾ (Vidhan Sabha) ਸੈਸ਼ਨ ਦਾ ਤੀਜਾ ਤੇ ਆਖਰੀ ਦਿਨ ਸੀ। ਅੱਜ ਵਿੱਤ ਮੰਤਰੀ ਹਰਪਾਲ ਚੀਮਾ (Harpal Cheema) ਨੇ 2022-23 ਦੇ 3 ਮਹੀਨਿਆਂ ਦਾ ਬਜਟ ਪੇਸ਼ ਕਰਦਿਆਂ ਦੱਸਿਆ ਕਿ ਅਪਰੈਲ ਤੋਂ ਜੂਨ ਤੱਕ ਲੇਖਾ-ਜੋਖਾ ਗਰਾਂਟ 37,120 ਕਰੋੜ ਰੁਪਏ ਬਣਦੀ ਹੈ। ਇਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਤੋਂ ਬਾਅਦ ਸਪੀਕਰ ਕੁਲਤਾਰ ਸੰਧਵਾਂ ਨੇ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ।

ਸੀਐਮ ਮਾਨ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਸ਼ਹੀਦ ਭਗਤ ਸਿੰਘ ਤੇ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦਾ ਬੁੱਤ ਲਗਾਇਆ ਜਾਵੇਗਾ। ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸ ਦਾ ਸਮਰਥਨ ਕੀਤਾ। ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਚੰਗਾ ਕਦਮ ਹੈ। ਉਂਝ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸਿੱਖ ਰਾਜ ਦਾ ਸੁਨਹਿਰੀ ਦੌਰ ਰਿਹਾ ਹੈ। ਇਸ ਲਈ ਉਨ੍ਹਾਂ ਦੇ ਬੁੱਤ ਨੂੰ ਵੀ ਸ਼ਾਮਲ ਕਰਨਾ ਚਾਹੀਦਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਰਾਜ ਨੂੰ ਕੋਈ ਨਹੀਂ ਭੁੱਲ ਸਕਦਾ। ਅਸੀਂ ਇਸ 'ਤੇ ਯਕੀਨੀ ਤੌਰ 'ਤੇ ਕਾਰਵਾਈ ਕਰਾਂਗੇ। ਅਕਾਲੀ ਆਗੂ ਮਨਪ੍ਰੀਤ ਇਆਲੀ ਨੇ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਬੁੱਤ ਲਗਾਉਣ ਦੀ ਮੰਗ ਕੀਤੀ।

ਇਸ ਤੋਂ ਇਲਾਵਾ ਪਿਛਲੀ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੀ ਬਰਸੀ ਮੌਕੇ ਨਵਾਂਸ਼ਹਿਰ ਵਿੱਚ ਹੀ ਛੁੱਟੀ ਰੱਖੀ ਗਈ ਸੀ। ਇਸ ਲਈ ਇਸ ਵਾਰ ਭਲਕੇ ਪੂਰੇ ਪੰਜਾਬ ਵਿੱਚ ਛੁੱਟੀ ਰਹੇਗੀ। ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਦਿਨ ਛੁੱਟੀ ਦੀ ਬਜਾਏ ਪ੍ਰੋਗਰਾਮ ਕੀਤਾ ਜਾਣਾ ਚਾਹੀਦਾ ਹੈ। ਹਾਲਾਂਕਿ ਮੁੱਖ ਮੰਤਰੀ ਮਾਨ ਨੇ ਕਿਹਾ ਕਿ 28 ਸਤੰਬਰ ਨੂੰ ਭਗਤ ਸਿੰਘ ਦੇ ਜਨਮ ਦਿਨ 'ਤੇ ਪੂਰੇ ਦਿਨ ਦਾ ਪ੍ਰੋਗਰਾਮ ਹੈ। ਇਸ ਲਈ ਇਸ ਦਿਨ ਛੁੱਟੀ ਹੋਵੇਗੀ।

CM ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਕਈ ਵਿਧਾਇਕ ਨਵੇਂ ਚੁਣ ਕੇ ਆਏ ਹਨ। ਇਸ ਲਈ ਰਾਜਪਾਲ ਦੇ ਭਾਸ਼ਣ 'ਤੇ ਧੰਨਵਾਦ ਮਤਾ ਤੇ ਬਹਿਸ ਅਗਲੇ ਸਦਨ 'ਚ ਹੋਣੀ ਚਾਹੀਦੀ ਹੈ। ਮਾਨ ਨੇ ਕਿਹਾ ਕਿ ਇਸ ਨਾਲ ਵਿਧਾਇਕਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਲਈ ਪੂਰਾ ਸਮਾਂ ਮਿਲੇਗਾ ਜਿਸ ਬਾਰੇ ਸਪੀਕਰ ਕੁਲਤਾਰ ਸੰਧਵਾਂ ਨੇ ਸਦਨ ਦੀ ਸਹਿਮਤੀ ਨਾਲ ਮਤਾ ਪਾਸ ਕਰ ਦਿੱਤਾ। ਰਾਜਪਾਲ ਨੇ ਕੱਲ੍ਹ ਹੀ ਵਿਧਾਨ ਸਭਾ ਵਿੱਚ ਮਾਨ ਸਰਕਾਰ ਦੇ ਰੋਡਮੈਪ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਯਾਦ ਕੀਤਾ ਗਿਆ।