ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਸਿੱਧਵਾਂ ਬੇਟ ਬਲਾਕ ਦੇ ਮੁਅੱਤਲ ਬੀ.ਡੀ.ਪੀ.ਓ ਸਤਵਿੰਦਰ ਸਿੰਘ ਕੰਗ ਅਤੇ ਸਿੱਧਵਾਂ ਬੇਟ ਬਲਾਕ ਸਮਿਤੀ ਦੇ ਚੇਅਰਮੈਨ ਲਖਵਿੰਦਰ ਸਿੰਘ ਨੂੰ ਸਰਕਾਰੀ ਪੈਸੇ ਦੀ ਧੋਖਾਧੜੀ ਅਤੇ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸਿੱਧਵਾਂ ਬੇਟ ਦੇ ਬੀਡੀਪੀਓ ਸੁਖਵਿੰਦਰ ਸਿੰਘ ਵਿਰਕ ਨੂੰ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਗਿਆ ਸੀ। ਇਨ੍ਹਾਂ 'ਤੇ ਸਟਰੀਟ ਲਾਈਟਾਂ ਨੂੰ ਮਨਜ਼ੂਰਸ਼ੁਦਾ ਰੇਟ ਤੋਂ ਦੁੱਗਣੀ ਦਰ 'ਤੇ ਖਰੀਦ ਕੇ ਸਰਕਾਰੀ ਫੰਡਾਂ 'ਚ 65 ਲੱਖ ਰੁਪਏ ਦਾ ਗਬਨ ਕਰਨ ਦਾ ਦੋਸ਼ ਹੈ। 


 

ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਲੁਧਿਆਣਾ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ, ਜਿਸ ਵਿੱਚ ਦੋਵੇਂ ਮੁਲਜ਼ਮ ਗ੍ਰਿਫ਼ਤਾਰ ਹਨ, ਤੀਜੇ ਮੁਲਜ਼ਮ ਗੌਰਵ ਸ਼ਰਮਾ ਦੀ ਗ੍ਰਿਫ਼ਤਾਰੀ ਬਾਕੀ ਹੈ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਦੀ 2022 ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਤਤਕਾਲੀ ਬੀ.ਡੀ.ਪੀ.ਓ. ਸਤਵਿੰਦਰ ਸਿੰਘ ਨੇ ਸਿੱਧਵਾਂ ਬੇਟ ਬਲਾਕ ਵਿੱਚ ਆਪਣੀ ਤਾਇਨਾਤੀ ਦੌਰਾਨ 26 ਪਿੰਡਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਲਈ ਸਰਕਾਰੀ ਗ੍ਰਾਂਟਾਂ ਪ੍ਰਾਪਤ ਕੀਤੀਆਂ ਸਨ। 

 

ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਵੱਲੋਂ ਦੋਸ਼ ਲਾਇਆ ਗਿਆ ਸੀ ਕਿ ਜੋ ਸਟਰੀਟ ਲਾਈਟ ਸਰਕਾਰ ਵੱਲੋਂ 3325 ਰੁਪਏ ਵਿੱਚ ਖਰੀਦਣ ਦੀ ਮਨਜ਼ੂਰੀ ਦਿੱਤੀ ਗਈ ਸੀ, ਉਸ ਨੂੰ ਸਿੱਧਵਾਂ ਵੇਟ ਦੇ ਬੀਡੀਪੀਓ ਸੁਖਵਿੰਦਰ ਸਿੰਘ ਕੰਗ ਅਤੇ ਬਲਾਕ ਸਮਿਤੀ ਦੇ ਚੇਅਰਮੈਨ ਲਖਵਿੰਦਰ ਸਿੰਘ ਨੇ 7288 ਰੁਪਏ ਵਿੱਚ ਖਰੀਦਿਆ ਸੀ। ਇਨ੍ਹਾਂ ਸਟਰੀਟ ਲਾਈਟਾਂ ਦੀ ਖਰੀਦ-ਵੇਚ ਵਿੱਚ 65 ਲੱਖ ਰੁਪਏ ਦੀ ਗ੍ਰਾਂਟ ਬਰਬਾਦ ਹੋ ਗਈ ਹੈ।ਇਹ ਸਟਰੀਟ ਲਾਈਟ ਬੀਡੀਪੀਓ ਸਤਵਿੰਦਰ ਸਿੰਘ ਅਤੇ ਬਲਾਕ ਸਮਿਤੀ ਚੇਅਰਮੈਨ ਲਖਵਿੰਦਰ ਸਿੰਘ ਵੱਲੋਂ ਅਮਰ ਇਲੈਕਟ੍ਰੀਕਲ ਇੰਟਰਪ੍ਰਾਈਜਿਜ਼ ਤੋਂ ਖਰੀਦੀ ਗਈ ਸੀ।

 

ਉਨ੍ਹਾਂ ਦੱਸਿਆ ਕਿ ਸਟਰੀਟ ਲਾਈਟ 30 ਦਸੰਬਰ 2021 ਨੂੰ ਬਲਾਕ ਸਮਿਤੀ ਚੇਅਰਮੈਨ ਲਖਵਿੰਦਰ ਸਿੰਘ ਵੱਲੋਂ ਪਾਸ ਕੀਤੀ ਗਈ ਸੀ, ਜਿਸ ਦੇ ਅਰਥ ਬੀ.ਡੀ.ਪੀ.ਓ ਸੁਖਵਿੰਦਰ ਸਿੰਘ ਕੰਗ ਨੇ 27 ਦਸੰਬਰ 2021 ਨੂੰ ਪਾਏ ਸਨ ਅਤੇ ਤਿੰਨ ਦਿਨ ਬਾਅਦ 30 ਦਸੰਬਰ ਨੂੰ ਬਲਾਕ ਸਮਿਤੀ ਚੇਅਰਮੈਨ ਲਖਵਿੰਦਰ ਸਿੰਘ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਸੀ। ਵਿਜੀਲੈਂਸ ਅਧਿਕਾਰੀ ਅਨੁਸਾਰ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।  ਇਸ ਤਰ੍ਹਾਂ ਉਸ ਨੇ 65 ਲੱਖ ਰੁਪਏ ਦੀ ਸਰਕਾਰੀ ਗਰਾਂਟ ਹੜੱਪ ਕੇ ਸਰਕਾਰੀ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਸੀ।