ਚੰਡੀਗੜ੍ਹ : ਵਿਜੀਲੈਂਸ ਬਿਊਰੋ ਨੇ ਖੁਰਾਕ ਵਿਭਾਗ ਦੇ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਜਾਇਦਾਦਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਸਾਬਕਾ ਮੰਤਰੀ ਨੇ ਘੁਟਾਲੇ ਦੇ ਪੈਸੇ ਨਾਲ ਸੂਬੇ ਅਤੇ ਹੋਰ ਸੂਬਿਆਂ ਵਿੱਚ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਖਰੀਦੀਆਂ ਹਨ। ਵਿਜੀਲੈਂਸ ਨੇ ਆਸ਼ੂ ਦੇ ਰਿਸ਼ਤੇਦਾਰਾਂ ਅਤੇ ਨਜ਼ਦੀਕੀਆਂ 'ਤੇ ਵੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ।

ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਮੰਗਲਵਾਰ ਰਾਤ ਨੂੰ ਵਿਜੀਲੈਂਸ ਨੇ ਲੁਧਿਆਣਾ ਸਥਿਤ ਰਿਹਾਇਸ਼ 'ਚ ਕਈ ਜਾਇਦਾਦਾਂ ਦੇ ਕਾਗਜ਼ਾਂ ਦੀ ਜਾਂਚ ਕੀਤੀ ਪਰ ਇਸ 'ਚ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਵਿਜੀਲੈਂਸ ਬਿਊਰੋ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਾਬਕਾ ਮੰਤਰੀ ਦੀ ਜਾਇਦਾਦ ਦੇ ਵੇਰਵਿਆਂ ਦੀ ਜਾਂਚ ਕੀਤੀ ਜਾ ਰਹੀ ਹੈ, ਭਾਵੇਂ ਉਸ ਦੇ ਨਾਂ ਜਾਂ ਉਸ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਜਾਂ ਨਜ਼ਦੀਕੀ ਦੋਸਤਾਂ ਦੇ ਨਾਂ 'ਤੇ ਹੈ। ਇਸ ਦੇ ਨਾਲ ਹੀ ਆਸ਼ੂ ਦੇ ਨਿੱਜੀ ਬੈਂਕ ਖਾਤਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇੱਕ ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਆਸ਼ੂ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਬਣਨ ਤੋਂ ਬਾਅਦ ਰੀਅਲ ਅਸਟੇਟ ਸੈਕਟਰ ਵਿੱਚ ਖਰੀਦੀਆਂ ਗਈਆਂ ਜਾਇਦਾਦਾਂ ਜਾਂ ਨਿਵੇਸ਼ਾਂ ਦੀ ਜਾਂਚ ਕੀਤੀ ਜਾਵੇਗੀ। ਜੇਕਰ ਜਾਂਚ ਦੌਰਾਨ ਸਾਹਮਣੇ ਆਉਂਦਾ ਹੈ ਕਿ ਅਣਦੱਸੀ ਆਮਦਨ ਨਾਲ ਕੋਈ ਜਾਇਦਾਦ ਖਰੀਦੀ ਗਈ ਹੈ ਤਾਂ ਵਿਜੀਲੈਂਸ ਉਸ ਨੂੰ ਕੁਰਕ ਕਰਨ ਦੀ ਕਾਰਵਾਈ ਕਰੇਗੀ।


 ਭਾਰਤ ਭੂਸ਼ਣ ਆਸ਼ੂ ਦਾ PA ਨਿਕਲਿਆ ਕਰੋੜਪਤੀ  


ਵਿਜੀਲੈਂਸ ਨੇ ਭਾਰਤ ਭੂਸ਼ਣ ਆਸ਼ੂ ਦੇ ਫਰਾਰ ਪੀਏ ਮੀਨੂੰ ਪੰਕਜ ਮਲਹੋਤਰਾ 'ਤੇ ਵੀ ਸ਼ਿਕੰਜਾ ਕੱਸ ਦਿੱਤਾ ਹੈ। ਜਾਂਚ 'ਚ ਸਾਹਮਣੇ ਆਇਆ ਹੈ ਕਿ ਘਰ ਦੇ ਬਾਹਰ ਸਰਕਾਰੀ ਡਿਪੂ ਅਤੇ ਕਰਿਆਨੇ ਦੀ ਦੁਕਾਨ ਚਲਾਉਣ ਵਾਲਾ ਮੀਨੂੰ ਕੁਝ ਹੀ ਸਮੇਂ 'ਚ ਕਰੋੜਾਂ ਦੀ ਜਾਇਦਾਦ ਦਾ ਮਾਲਕ ਬਣ ਗਿਆ ਹੈ। ਉਸ ਦੇ ਪੌਸ਼ ਇਲਾਕੇ ਵਿੱਚ 6 ਤੋਂ ਵੱਧ ਜਾਇਦਾਦਾਂ ਹਨ। ਵਿਜੀਲੈਂਸ ਨੇ ਇਸ ਦਾ ਰਿਕਾਰਡ ਨਗਰ ਨਿਗਮ ਤੋਂ ਕਢਵਾ ਲਿਆ ਹੈ। ਕਈ ਬੇਨਾਮੀ ਜਾਇਦਾਦਾਂ ਬਾਰੇ ਵੀ ਜਾਣਕਾਰੀ ਮਿਲੀ ਹੈ।

ਦੱਸ ਦੇਈਏ ਕਿ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu Arrest) ਨੂੰ ਵਿਜੀਲੈਂਸ ਨੇ ਮੰਗਲਵਾਰ ਸ਼ਾਮ ਕਰੀਬ 4 ਵਜੇ ਅਦਾਲਤ ਵਿੱਚ ਪੇਸ਼ ਕੀਤਾ। ਦੋਵਾਂ ਧਿਰਾਂ ਦੀ ਬਹਿਸ ਤੋਂ ਬਾਅਦ ਅਦਾਲਤ ਨੇ ਆਸ਼ੂ ਨੂੰ 27 ਅਗਸਤ ਤੱਕ ਵਿਜੀਲੈਂਸ ਰਿਮਾਂਡ 'ਤੇ ਭੇਜ ਦਿੱਤਾ ਹੈ।