ਬਰਨਾਲਾ : ਵਿਜੀਲੈਂਸ ਬਿਊਰੋ ਪੰਜਾਬ ਨੇ ਵੀਰਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਸਹਿਣਾ ਵਿਖੇ ਤਾਇਨਾਤ ਸਬ-ਇੰਸਪੈਕਟਰ (ਐਸਆਈ) ਜੋਗਿੰਦਰ ਸਿੰਘ ਨੂੰ ਰਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜੁਗਰਾਜ ਸਿੰਘ ਦੀ ਸ਼ਿਕਾਇਤ 'ਤੇ ਦੋਸ਼ੀ ਐਸ.ਆਈ. ਨੂੰ ਬਰਨਾਲਾ ਦੇ ਸਹਿਣਾ ਤੋਂ ਕਾਬੂ ਕੀਤਾ ਗਿਆ ਹੈ।



ਉਨ੍ਹਾਂ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਦੀ ਕੁਝ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਹੈ ਅਤੇ ਸਬੰਧਤ ਥਾਣੇ ਦਾ ਐਸਆਈ ਉਸ ​​ਤੋਂ ਦੂਜੀ ਧਿਰ ਖ਼ਿਲਾਫ਼ ਕੇਸ ਦਰਜ ਕਰਨ ਲਈ ਪੈਸੇ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਐਸ.ਆਈ ਇਸ ਸਬੰਧੀ ਪਹਿਲਾਂ ਹੀ 2500 ਰੁਪਏ ਲੈ ਚੁੱਕਾ ਹੈ ਅਤੇ ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਨ ਲਈ 4000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ।


ਸ਼ਿਕਾਇਤ ਵਿੱਚ ਤੱਥਾਂ ਅਤੇ ਭੌਤਿਕ ਸਬੂਤਾਂ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਸਬ-ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਸ਼ੀ ਪੁਲਿਸ ਅਧਿਕਾਰੀ ਦੇ ਖਿਲਾਫ ਵਿਜੀਲੈਂਸ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।