ਗੁਰਦਾਸਪੁਰ: ਪੰਜਾਬ ਦੇ ਲੋਕ ਨਿਰਮਾਣ ਵਿਭਾਗ ਮੰਤਰੀ ਵਿਜੇ ਇੰਦਰ ਸਿੰਗਲਾ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਰਤਾਰਪੁਰ ਕੌਰੀਡੋਰ ਦੇ ਉਸਾਰੀ ਕਾਰਜਾਂ ਦਾ ਜਾਇਜ਼ਾ ਲਿਆ। ਦੋਵੇਂ ਮੰਤਰੀਆਂ ਨੇ ਅਧਿਕਾਰੀਆਂ ਨਾਲ ਬੈਠਕ ਕਰਕੇ ਕੌਰੀਡੋਰ ਤਕ ਪਹੁੰਚ ਸੁਖਾਲੀ ਬਣਾਉਣ ਲਈ ਕਈ ਯੋਜਨਾਵਾਂ ਉਲੀਕੀਆਂ। ਮੰਤਰੀਆਂ ਨੇ ਦਾਅਵਾ ਕੀਤਾ ਕਿ ਇਨ੍ਹਾਂ ਕਾਰਜਾਂ ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪੂਰਾ ਕਰ ਲਿਆ ਜਾਵੇਗਾ।

ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਕੌਰੀਡੋਰ ਤਕ ਸ਼ਰਧਾਲੂ ਆਸਾਨੀ ਨਾਲ ਪਹੁੰਚ ਸਕਣ, ਇਸ ਲਈ ਡੇਰਾ ਬਾਬਾ ਨਾਨਕ ਦੀਆਂ ਸਾਰੀਆਂ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਨਾਲ ਅੰਮ੍ਰਿਤਸਰ, ਪਠਾਨਕੋਟ ਤੇ ਬਟਾਲਾ ਨਾਲ ਜੋੜਨ ਵਾਲੀਆਂ ਸਾਰੀਆਂ ਸੜਕਾਂ ਨੂੰ ਵੀ ਅਪਗ੍ਰੇਡ ਕੀਤਾ ਜਾਵੇਗਾ। ਮੰਤਰੀ ਨੇ ਇਸ ਸਬੰਧੀ ਮੌਕੇ 'ਤੇ ਪ੍ਰਵਾਨਗੀਆਂ ਵੀ ਦੇ ਦਿੱਤੀਆਂ।

ਉੱਧਰ, ਡੇਰਾ ਬਾਬਾ ਨਾਨਕ ਦੇ ਵਿਧਾਇਕ ਅਤੇ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੇਰਾ ਬਾਬਾ ਨਾਨਕ ਦੇ ਕਰੋੜਾਂ ਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਸਾਰੇ ਲੋੜੀਂਦੇ ਫੰਡ ਪੰਚਾਇਤਾਂ ਕੋਲ ਪਹੁੰਚ ਚੁੱਕੇ ਹਨ।