ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਸਿਹਤ ਮੰਤਰੀ ਵਿਜੇ ਸਿੰਗਲਾ (Health Minister Vijay Singla) ਨੂੰ ਬਰਖਾਸਤ ਕਰਨ ਦੇ ਫੈਸਲੇ ਤੋਂ ਬਾਅਦ ਪੰਜਾਬ ਪੁਲਿਸ ਵੀ ਐਕਸ਼ਨ ਦੇ ਮੋਡ ਵਿੱਚ ਆ ਗਈ ਹੈ। ਪੰਜਾਬ ਪੁਲਿਸ ਨੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਹੈ।  ਕੁਝ ਸਮਾਂ ਪਹਿਲਾਂ ਹੀ ਭਗਵੰਤ ਮਾਨ ਨੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਸੀ।




ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਪੰਜਾਬ 'ਚ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਹੈ। ਸਿਹਤ ਮੰਤਰੀ ਵਿਜੇ ਸਿੰਗਲਾ ਖਿਲਾਫ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਠੋਸ ਸਬੂਤ ਮਿਲੇ ਹਨ।

ਮਿਲੀ ਜਾਣਕਾਰੀ ਅਨੁਸਾਰ ਅਧਿਕਾਰੀਆਂ ਤੋਂ ਠੇਕੇ 'ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਿਹਤ ਮੰਤਰੀ ਵਿਜੇ ਸਿੰਗਲਾ 'ਤੇ ਕਾਰਵਾਈ ਹੋਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕੀਤਾ ਹੈ। ਦੱਸ ਦੇਈਏ ਕਿ ਦੇਸ਼ ਦੇ ਇਤਿਹਾਸ ਵਿੱਚ ਦੂਜੀ ਵਾਰ ਕਿਸੇ ਮੁੱਖ ਮੰਤਰੀ ਨੇ ਸਿੱਧੇ ਆਪਣੇ ਮੰਤਰੀ 'ਤੇ ਸਖ਼ਤ ਐਕਸ਼ਨ ਲਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ 1% ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਉਸ ਉਮੀਦ 'ਤੇ ਖਰਾ ਉਤਰਨਾ ਸਾਡਾ ਫਰਜ਼ ਹੈ। ਸਾਲ 2015 ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਆਪਣੇ ਇੱਕ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ, ਅੱਜ ਦੇਸ਼ ਵਿੱਚ ਅਜਿਹਾ ਦੂਜੀ ਵਾਰ ਹੋ ਰਿਹਾ ਹੈ।