ਜ਼ਿਲ੍ਹਾ ਫਤਿਹਗੜ੍ਹ ਸਾਹਿਬ : ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਛਲੇੜੀ ਕਲਾਂ ਵਾਸੀਆਂ ਨੇ 417 ਏਕੜ ਪੰਚਾਇਤੀ ਜ਼ਮੀਨ ਖ਼ੁਦ ਸਰਕਾਰ ਦੇ ਸਪੁਰਦ ਕਰਕੇ ਪੰਜਾਬ ਭਰ ਵਿੱਚੋਂ ਮੋਹਰੀ ਮਿਸਾਲ ਕਾਇਮ ਕਰ ਦਿੱਤੀ ਹੈ। ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਪਿੰਡ ਦੇ ਲੋਕਾਂ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਤੇ ਨਾਲ ਹੀ ਉਨ੍ਹਾਂ ਨੂੰ ਸਰੋਪਾ ਦੇ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਬਚਾਉਣ ਦੀ ਗੱਲ ਕਰਦੀ ਸੀ। ਉਸੇ ਦੀ ਚੱਲ ਰਹੀਆਂ ਸਰਕਾਰੀ ਜਾਇਦਾਦਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਰਕਾਰ ਦੀ ਆਮਦਨ ਨੂੰ ਵਧਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਛਲੇੜੀ ਵਾਸੀਆਂ ਵੱਲੋਂ ਚਾਰ ਸੌ ਸਤਾਰਾਂ ਏਕੜ ਜ਼ਮੀਨ ਸਰਕਾਰ ਨੂੰ ਦਿੱਤੀ ਗਈ ਹੈ, ਜਿਥੇ ਉਹ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ।

ਉੱਥੇ ਹੀ ਉਨ੍ਹਾਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕੀ ਇਹ ਜ਼ਮੀਨ ਦੀ ਵਰਤੋਂ ਉਨ੍ਹਾਂ ਦੇ ਭਲੇ ਲਈ ਹੀ ਕੀਤੀ ਜਾਵੇਗੀ। ਇਸ ਮੌਕੇ 'ਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪਿੰਡ ਵਾਸੀ ਹੀ ਬੋਲੀ ਦੇ ਕੇ ਇਸ  ਜ਼ਮੀਨ ਨੂੰ ਠੇਕੇ 'ਤੇ ਲੈ ਲੈ ਕੇ ਖੇਤੀ ਕਰ ਸਕਣਗੇ। ਉਨ੍ਹਾਂ ਕਿਹਾ ਕਿ ਜਲਦ ਹੀ ਸਰਕਾਰ ਦੀ ਨਵੀਂ ਪਾਲਿਸੀ ਆਵੇਗੀ, ਜਿਸ ਤਹਿਤ ਉਹ ਇਸ ਜ਼ਮੀਨ ਨੂੰ ਖਰੀਦ ਵੀ ਸਕਣਗੇ।

ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਉਕਤ ਕਾਰਜ ਦੇ ਲਈ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਤੇ ਨਾਲ ਹੀ ਕੁਲਦੀਪ ਸਿੰਘ ਧਾਲੀਵਾਲ ਦਾ ਵੀ ਧੰਨਵਾਦ ਕੀਤਾ। ਜਿਨ੍ਹਾਂ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਨੂੰ ਬੇਰੁਜ਼ਗਾਰ ਨਹੀਂ ਹੋਣ ਦਿੱਤਾ ਜਾਵੇਗਾ, ਇਹ ਜ਼ਮੀਨ ਪਿੰਡ ਵਾਸੀ ਹੀ ਵਰਤ ਸਕਣਗੇ।