ਚੰਡੀਗੜ੍ਹ: ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਵਧੀਕ ਐਡਵੋਕੇਟ ਜਨਰਲ ਨਿਯੁਕਤ ਕਰਨ 'ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਵਿਰੋਧੀ ਧਿਰਾਂ ਦੇ ਤਿੱਖੇ ਹਮਲਿਆਂ ਮਗਰੋਂ ਕਾਂਗਰਸ ਦੇ ਅੰਦਰੋਂ ਵੀ ਆਵਾਜ਼ ਉੱਠਣ ਲੱਗੀ ਹੈ। ਕਾਦੀਆਂ ਦੇ ਵਿਧਾਇਕ ਫਤਿਹ ਜੰਗ ਬਾਜਵਾ ਨੇ ਰੰਧਾਵਾ ਨੂੰ ਨੈਤਿਕ ਆਧਾਰ 'ਤੇ ਅਸਤੀਫਾ ਦੇਣ ਦੀ ਮੰਗ ਕੀਤੀ ਹੈ।



ਫਤਿਹ ਜੰਗ ਬਾਜਵਾ ਨੇ ਰਾਹੁਲ ਗਾਂਧੀ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਉਪ ਮੁੱਖ ਮੰਤਰੀ ਦੇ ਜਵਾਈ ਨੂੰ ਵਧੀਕ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਤੁਰੰਤ ਹਟਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਸਰਕਾਰ ਦੇ ਕਾਰਜਕਾਲ ਦਾ ਆਖਰੀ ਸਾਲ ਹੈ ਤੇ ਚੋਣਾਂ ਮੌਕੇ ਪਾਰਟੀ ਲਈ ਲੋਕਾਂ ਦਾ ਸਾਹਮਣਾ ਕਰਨਾ ਮੁਸ਼ਕਲ ਹੋ ਜਾਵੇਗਾ।

ਉਨ੍ਹਾਂ ਕਿਹਾ,‘ਰੰਧਾਵਾ ਤੇ ਹੋਰ ਵਿਧਾਇਕਾਂ ਨੇ ਮੈਨੂੰ ਉਦੋਂ ਨਿਸ਼ਾਨਾ ਬਣਾਇਆ ਜਦੋਂ ਮੇਰੇ ਬੇਟੇ ਅਰਜੁਨ ਨੂੰ ਤਰਸ ਦੇ ਆਧਾਰ 'ਤੇ ਸਰਕਾਰੀ ਨੌਕਰੀ ਦੀ ਪੇਸ਼ਕਸ਼ ਕੀਤੀ ਗਈ ਸੀ। ਉਨ੍ਹਾਂ ਨੇ ਰੌਲਾ ਪਾਇਆ ਸੀ ਤੇ ਇਸ ਨੂੰ ਭਾਈ-ਭਤੀਜਾਵਾਦ ਕਰਾਰ ਦਿੱਤਾ ਸੀ। ਉਹ ਹੁਣ ਪੰਜਾਬ ਦੇ ਲੋਕਾਂ ਨੂੰ ਸਪੱਸ਼ਟੀਕਰਨ ਦੇਣ।’

ਉਧਰ, ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਸਰਕਾਰ ਨੂੰ ਇਹ ਨਿਯੁਕਤੀ ਕਰਨ ਸਮੇਂ ਸੂਬੇ ਦੇ ਲੱਖਾਂ ਬੇਰੁਜ਼ਗਾਰਾਂ ਦੀ ਯਾਦ ਕਿਉਂ ਨਹੀਂ ਆਈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਘਰ-ਘਰ ਰੁਜ਼ਗਾਰ ਦੇਣ ਦੇ ਵਾਅਦੇ ਨੂੰ ਆਪਣੇ ਮੰਤਰੀਆਂ ਤੇ ਵਿਧਾਇਕਾਂ ਲਈ ਨਿਯਮਾਂ ਵਿੱਚ ਵਿਸ਼ੇਸ਼ ਤਬਦੀਲੀਆਂ ਕਰਕੇ ਪੂਰਾ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਦੀ ਤਾਜ਼ਾ ਮਿਸਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਦੀ ਵਧੀਕ ਐਡਵੋਕੇਟ ਜਨਰਲ ਦੇ ਅਹੁਦੇ ’ਤੇ ਕੀਤੀ ਗਈ ਨਿਯੁਕਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਕਸ਼ੇ ਕਦਮਾਂ ’ਤੇ ਚੱਲ ਰਹੇ ਹਨ।