Punjab News: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਰਾਸ਼ਟਰੀ ਸੁਰੱਖਿਆ ਐਕਟ (ਐਨ.ਐਸ.ਏ.) ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਪੁੱਤਰ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ। ਉਸ ਦਾ ਕਹਿਣਾ ਹੈ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਮਿਲਣ ਲਈ ਪਰਿਵਾਰਕ ਮੈਂਬਰਾਂ ਨੂੰ ਕਾਫੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।


ਬਲਵਿੰਦਰ ਕੌਰ ਨੇ ਇਹ ਵੀ ਕਿਹਾ ਕਿ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਆਪਣੇ ਵਕੀਲਾਂ ਨੂੰ ਮਿਲਣ ਦੇ ਅਧਿਕਾਰ ਤੋਂ ਵੀ ਵਾਂਝਾ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਉਨ੍ਹਾਂ ਦੇ ਵਕੀਲਾਂ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ। ਇਸ ਕਾਰਨ ਉਹ ਜੇਲ੍ਹ ਵਿੱਚ ਭੁੱਖ ਹੜਤਾਲ ’ਤੇ ਬੈਠਣ ਲਈ ਮਜਬੂਰ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਭਰਜਾਈ ਅਤੇ 7 ਸਾਲਾ ਭਤੀਜੀ ਵੀ ਉਸ ਨੂੰ ਮਿਲਣ ਲਈ ਡਿਬਰੂਗੜ੍ਹ ਜੇਲ੍ਹ ਵਿੱਚ ਗਏ ਸਨ, ਪਰ ਉਨ੍ਹਾਂ ਨੂੰ ਵੀ ਮਿਲਣ ਨਹੀਂ ਦਿੱਤਾ ਗਿਆ। ਛੇ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਮਿਲੇ ਬਿਨ੍ਹਾਂ ਹੀ ਵਾਪਿਸ ਆ ਗਏ।


ਅੰਮ੍ਰਿਤਪਾਲ ਅਤੇ ਸਾਥੀਆਂ ਦੀ ਰਿਹਾਈ ਦੀ ਮੰਗ ਉਠਾਈ


ਬਲਵਿੰਦਰ ਕੌਰ ਨੇ ਸਮੂਹ ਸਿੱਖ ਜਥੇਬੰਦੀਆਂ ਨੂੰ ਨਿਸ਼ਾਨ ਸਾਹਿਬ ਥੱਲੇ ਇਕੱਠੇ ਹੋ ਕੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦੀ ਰਿਹਾਈ ਦੀ ਮੰਗ ਉਠਾਉਣ ਲਈ ਕਿਹਾ। ਜ਼ਿਕਰ ਕਰ ਦਈਏ ਕਿ ਦਮਦਮੀ ਟਕਸਾਲ ਸੰਗਰਾਵਾਂ ਗਰੁੱਪ ਵੱਲੋਂ ਖਾਲਸਾ ਵਹੀਰ 15 ਅਕਤੂਬਰ ਨੂੰ ਕੱਢੀ ਜਾਵੇਗੀ। ਇਸ ਤਹਿਤ ਵਹੀਰ ਦਮਦਮਾ ਸਾਹਿਬ ਤੋਂ ਸ਼ੁਰੂ ਹੋ ਕੇ ਖਡੂਰ ਸਾਹਿਬ ਤਰਨਤਾਰਨ ਵਿਖੇ ਇਕੱਤਰ ਹੋਵੇਗਾ। ਇਸ ਸਬੰਧੀ ਬਲਵਿੰਦਰ ਕੌਰ ਦਾ ਕਹਿਣਾ ਹੈ ਕਿ ਸਮੂਹ ਜਥੇਬੰਦੀਆਂ ਖਾਲਸਾ ਵਹੀਰ ਦੌਰਾਨ ਵੀ ਉਨ੍ਹਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨ। ਦੂਜੇ ਪਾਸੇ ਦਮਦਮੀ ਟਕਸਾਲ ਦੇ ਸੰਗਰਾਵਾਂ ਧੜੇ ਦੇ ਮੁਖੀ ਰਾਮ ਸਿੰਘ ਨੇ ਵੀ ਸਿੱਖ ਕੈਦੀਆਂ ਨੂੰ ਵਕੀਲਾਂ ਨਾਲ ਨਾ ਮਿਲਣ ਦੇਣ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ।