Flood in Punjab: ਹਿਮਾਚਲ ਪ੍ਰਦੇਸ਼ ਵਿੱਚ ਬਾਰਸ਼ ਨੇ ਤਬਾਹੀ ਮਚਾਈ ਹੋਈ ਹੈ। ਪਹਾੜਾਂ ਵੱਲੋਂ ਆ ਰਹੇ ਪਾਣੀ ਕਾਰਨ ਹੁਣ ਪੰਜਾਬ ’ਚ ਵੀ ਹੜ੍ਹਾਂ ਦਾ ਖ਼ਤਰਾ ਵਧਣ ਲੱਗਿਆ ਹੈ। ਅੱਜ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹੇ ਜਾਣਗੇ। ਇਸ ਵੇਲੇ ਪੌਂਗ ਡੈਮ ਤੋਂ 18 ਹਜ਼ਾਰ ਕਿਊਸਿਕ ਪਾਣੀ ਨਹਿਰਾਂ ਵਿੱਚ ਛੱਡਿਆ ਜਾ ਰਿਹਾ ਹੈ। ਅੱਜ ਸ਼ਾਮ 22 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਵੇਗਾ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਮੁੱਖ ਗੇਟ ਖੋਲ੍ਹੇ ਜਾਣ ਬਾਰੇ ਜਾਣੂ ਵੀ ਕਰਾ ਦਿੱਤਾ ਹੈ। 

ਬੀਬੀਐੱਮਬੀ ਨੇ ਪੱਤਰ ਵਿੱਚ ਕਿਹਾ ਹੈ ਕਿ ਸਥਾਨਕ ਪੌਂਗ ਡੈਮ ਦੇ ਫਲੱਡ ਗੇਟ ਬੁੱਧਵਾਰ ਸ਼ਾਮ ਪੰਜ ਵਜੇ ਖੋਲ੍ਹੇ ਜਾਣਗੇ। ਬੀਬੀਐਮਬੀ ਨੇ ਇਸ ਸਬੰਧੀ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਪੌਂਗ ਡੈਮ ਦੇ ਕੈਚਮੈਂਟ ਏਰੀਏ ’ਚ ਲਗਾਤਾਰ ਮੀਂਹ ਪੈ ਰਿਹਾ ਹੈ। ਕੱਲ੍ਹ ਸ਼ਾਮ ਪੌਂਗ ਡੈਮ ਦੀ ਝੀਲ ’ਚ ਪਾਣੀ ਦੀ ਆਮਦ 99,191 ਕਿਊਸਿਕ ਸੀ ਤੇ ਡੈਮ ’ਚ ਪਾਣੀ ਦਾ ਪੱਧਰ 1369.44 ਫੁੱਟ ਸੀ। ਪਾਵਰ ਹਾਊਸ ਰਾਹੀਂ 18,325 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਡੈਮ ਪ੍ਰਸ਼ਾਸਨ ਨੇ ਇਹਤਿਆਤ ਵਜੋਂ ਅੱਜ ਸ਼ਾਮ ਪੰਜ ਵਜੇ ਡੈਮ ਦੇ ਫਲੱਡ ਗੇਟ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਫਲੱਡ ਗੇਟਾਂ ਰਾਹੀਂ ਚਾਰ ਹਜ਼ਾਰ ਕਿਊਸਿਕ ਪਾਣੀ ਬਿਆਸ ਦਰਿਆ ਵਿੱਚ ਛੱਡਿਆ ਜਾਵੇਗਾ।

ਹਾਸਲ ਜਾਣਕਾਰੀ ਮੁਤਾਬਕ ਪਹਾੜਾਂ ’ਚੋਂ ਪੌਂਗ ਡੈਮ ਵਿੱਚ ਕਈ ਦਿਨਾਂ ਤੋਂ ਰੋਜ਼ਾਨਾ 70 ਹਜ਼ਾਰ ਕਿਊਸਿਕ ਪਾਣੀ ਆ ਰਿਹਾ ਸੀ, ਜੋ ਵਧ ਕੇ ਇੱਕ ਲੱਖ ਕਿਊਸਿਕ ਵੀ ਹੋਇਆ ਹੈ। ਲਗਾਤਾਰ ਮੀਂਹ ਪੈਣ ਕਾਰਨ ਪੰਜਾਬ ਦੇ ਫ਼ਾਜ਼ਿਲਕਾ, ਤਰਨ ਤਾਰਨ ਤੇ ਮੋਗਾ ਜ਼ਿਲ੍ਹੇ ਜ਼ਿਆਦਾ ਪ੍ਰਭਾਵਿਤ ਹੋਏ ਹਨ। ਸਮੁੱਚੇ ਪੰਜਾਬ ਵਿੱਚ ਕਰੀਬ 50 ਹਜ਼ਾਰ ਏਕੜ ਫ਼ਸਲ ਪਾਣੀ ਦੀ ਮਾਰ ਹੇਠ ਹੈ, ਜਦੋਂਕਿ ਸਰਕਾਰੀ ਅੰਕੜਾ 34,552 ਏਕੜ ਫ਼ਸਲ ਦੇ ਪ੍ਰਭਾਵਿਤ ਹੋਣ ਦੀ ਗੱਲ ਕਰ ਰਿਹਾ ਹੈ। 

ਬਿਆਸ ਦਰਿਆ ਵਿੱਚ ਪਾਣੀ ਵਧਣ ਕਾਰਨ ਤਰਨ ਤਾਰਨ ਦਾ ਇਲਾਕਾ ਜ਼ਿਆਦਾ ਪ੍ਰਭਾਵਿਤ ਹੋ ਰਿਹਾ ਹੈ, ਜਿੱਥੇ 15 ਹਜ਼ਾਰ ਏਕੜ ਦੇ ਕਰੀਬ ਫ਼ਸਲ ਪ੍ਰਭਾਵਿਤ ਹੋਈ ਹੈ। ਸਰਕਾਰੀ ਅੰਕੜੇ ਅਨੁਸਾਰ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਕੁੱਲ 28,952 ਏਕੜ ਪਾਣੀ ਦੀ ਮਾਰ ਹੇਠ ਆਈ ਹੈ, ਜਿਸ ਵਿੱਚ ਸਭ ਤੋਂ ਵੱਧ ਝੋਨੇ ਦੀ 20,444 ਏਕੜ ਫ਼ਸਲ ਹੈ। 7,365 ਏਕੜ ਨਰਮਾ ਵੀ ਪਾਣੀ ਤੋਂ ਪ੍ਰਭਾਵਿਤ ਹੋਇਆ ਹੈ। ਸਰਕਾਰੀ ਰਿਪੋਰਟ ’ਚ 5600 ਏਕੜ ਫ਼ਸਲ ਜ਼ਿਲ੍ਹਾ ਮੋਗਾ ਵਿੱਚ ਪ੍ਰਭਾਵਿਤ ਹੋਈ ਹੈ। 

ਕਿਸਾਨਾਂ ਨੂੰ ਇਸ ਫ਼ਸਲ ਦੀ ਮੁੜ ਬਿਜਾਈ ਕਰਨੀ ਪਵੇਗੀ। ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਚਾਰ ਦਿਨਾਂ ਤੋਂ ਹਾਲਾਤ ਬਦਤਰ ਬਣੇ ਹੋਏ ਹਨ। ਫ਼ਾਜ਼ਿਲਕਾ ਸਬ-ਡਿਵੀਜ਼ਨ ਸਭ ਤੋਂ ਵੱਧ ਹੜ੍ਹ ਦੀ ਮਾਰ ਝੱਲ ਰਹੀ ਹੈ। ਜ਼ਿਲ੍ਹਾ ਫ਼ਾਜ਼ਿਲਕਾ ਇੱਕ ਮੱਛੀ ਫਾਰਮ ਵੀ ਪ੍ਰਭਾਵਿਤ ਹੋਇਆ ਹੈ। ਕਿਸਾਨਾਂ ਦੀ ਨਰਾਜ਼ਗੀ ਹੈ ਕਿ ਪ੍ਰਸ਼ਾਸਨ ਨੇ ਸਾਰ ਨਹੀਂ ਲਈ ਹੈ, ਜਿਸ ਕਰਕੇ ਉਹ ਖ਼ੁਦ ਹੀ ਮੈਦਾਨ ਵਿੱਚ ਕੁੱਦੇ ਹੋਏ ਹਨ। ਪ੍ਰਸ਼ਾਸਨ ਦਾ ਦਾਅਵਾ ਹੈ ਕਿ ਪਾਣੀ ਦਾ ਪੱਧਰ ਹੁਣ ਘਟਣ ਲੱਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।