Punjab Floods: ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਵਧਿਆ, ਸ੍ਰੀ ਆਨੰਦਪੁਰ ਸਾਹਿਬ 'ਚ ਅਲਰਟ ਜਾਰੀ, ਹੜ੍ਹਾਂ ਦਾ ਵਧਿਆ ਖ਼ਤਰਾ !
ਪ੍ਰਸ਼ਾਸਨ ਨੇ ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਖੇਤਰ ਵਿੱਚ ਸਤਲੁਜ ਦਰਿਆ ਦੇ ਕੰਢੇ ਸਥਿਤ ਸਾਰੇ ਪਿੰਡਾਂ ਦੇ ਵਸਨੀਕਾਂ ਨੂੰ ਸੁਰੱਖਿਆ ਨੂੰ ਪਹਿਲ ਦੇਣ ਦੀ ਚੇਤਾਵਨੀ ਦਿੱਤੀ ਹੈ। ਪ੍ਰਭਾਵਿਤ ਖੇਤਰਾਂ ਵਿੱਚ ਸੁਰੱਖਿਆ ਕੈਂਪ ਸਥਾਪਤ ਕੀਤੇ ਗਏ ਹਨ ਅਤੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

Punjab Floods: ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਕਾਰਨ ਭਾਖੜਾ ਡੈਮ ਤੋਂ ਪਾਣੀ ਛੱਡਿਆ ਜਾ ਰਿਹਾ ਹੈ। ਪਾਣੀ ਦਾ ਵਹਾਅ 65,000 ਕਿਊਸਿਕ ਤੋਂ ਵਧਾ ਕੇ 75,000 ਕਿਊਸਿਕ ਕਰ ਦਿੱਤਾ ਗਿਆ ਹੈ। ਇਸ ਕਾਰਨ ਨੰਗਲ ਖੇਤਰ ਦੇ ਕਈ ਪਿੰਡ ਪ੍ਰਭਾਵਿਤ ਹੋ ਸਕਦੇ ਹਨ। ਇਸ ਤੋਂ ਇਲਾਵਾ, ਸ੍ਰੀ ਆਨੰਦਪੁਰ ਸਾਹਿਬ ਦੇ ਇਲਾਕੇ ਦੇ ਕਈ ਲੋਕਾਂ ਨੂੰ ਸੁਚੇਤ ਰਹਿਣ ਤੇ ਲੋੜ ਪੈਣ 'ਤੇ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਅਪੀਲ ਕੀਤੀ ਗਈ ਹੈ।
ਪ੍ਰਸ਼ਾਸਨ ਨੇ ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਖੇਤਰ ਵਿੱਚ ਸਤਲੁਜ ਦਰਿਆ ਦੇ ਕੰਢੇ ਸਥਿਤ ਸਾਰੇ ਪਿੰਡਾਂ ਦੇ ਵਸਨੀਕਾਂ ਨੂੰ ਸੁਰੱਖਿਆ ਨੂੰ ਪਹਿਲ ਦੇਣ ਦੀ ਚੇਤਾਵਨੀ ਦਿੱਤੀ ਹੈ। ਪ੍ਰਭਾਵਿਤ ਖੇਤਰਾਂ ਵਿੱਚ ਸੁਰੱਖਿਆ ਕੈਂਪ ਸਥਾਪਤ ਕੀਤੇ ਗਏ ਹਨ ਅਤੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
ਪਟਿਆਲਾ ਵਿੱਚ ਵੀ ਅਲਰਟ ਜਾਰੀ
ਪੰਜਾਬ ਦੀ ਸਰਹੱਦ ਨਾਲ ਲੱਗਦੇ ਹਰਿਆਣਾ ਦੇ ਅੰਬਾਲਾ ਤੇ ਕਾਲਾ ਅੰਬ ਇਲਾਕਿਆਂ ਵਿੱਚ ਭਾਰੀ ਬਾਰਿਸ਼ ਕਾਰਨ ਟਾਂਗਰੀ ਨਦੀ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅਗਲੇ 10-12 ਘੰਟਿਆਂ ਵਿੱਚ ਪਟਿਆਲਾ ਜ਼ਿਲ੍ਹੇ ਦੇ ਦੇਵੀਗੜ੍ਹ ਖੇਤਰ ਵਿੱਚ ਇਸ ਦੇ ਪਾਣੀ ਦਾ ਪੱਧਰ ਹੋਰ ਵੱਧ ਸਕਦਾ ਹੈ। ਇਸ ਦੇ ਮੱਦੇਨਜ਼ਰ, ਪ੍ਰਸ਼ਾਸਨ ਨੇ ਤੁਰੰਤ ਚੇਤਾਵਨੀ ਜਾਰੀ ਕੀਤੀ ਹੈ।
ਸਥਾਨਕ ਲੋਕਾਂ ਨੂੰ ਸਾਵਧਾਨ ਰਹਿਣ, ਨਦੀ ਦੇ ਕੰਢੇ ਨਾ ਜਾਣ ਅਤੇ ਪ੍ਰਸ਼ਾਸਨਿਕ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਪ੍ਰਸ਼ਾਸਨ ਨੇ ਪ੍ਰਭਾਵਿਤ ਖੇਤਰਾਂ ਵਿੱਚ ਸੁਰੱਖਿਆ ਕੈਂਪ ਸਥਾਪਤ ਕੀਤੇ ਹਨ ਅਤੇ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਕਿਸੇ ਵੀ ਐਮਰਜੈਂਸੀ ਜਾਣਕਾਰੀ ਲਈ, ਪਟਿਆਲਾ ਜ਼ਿਲ੍ਹਾ ਕੰਟਰੋਲ ਰੂਮ ਨੰਬਰ 0175-2350550, 2358550 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਖੇਤੀਬਾੜੀ ਮੰਤਰੀ ਕਰਨਗੇ ਦੌਰਾ
ਦੱਸ ਦਈਏ ਕਿ ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਹੜ੍ਹਾਂ ਦੇ ਮੱਦੇਨਜ਼ਰ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਕੱਲ੍ਹ ਵੀਰਵਾਰ ਨੂੰ ਸੂਬੇ ਦਾ ਦੌਰਾ ਕਰਨਗੇ, ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ। ਇਸ ਦੇ ਨਾਲ ਹੀ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦਾ ਦੌਰਾ ਕਰਨ ਜਾ ਰਹੇ ਹਨ। ਇੱਥੇ ਉਹ ਹੜ੍ਹਾਂ ਨਾਲ ਵਿਗੜੀ ਸਥਿਤੀ ਅਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣਗੇ।






















