ਭਾਰੀ ਬਾਰਸ਼ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਨੇ ਤਿਆਰੀ ਕਸੀ: ਮੀਤ ਹੇਅਰ
ਪਹਾੜੀ ਸਥਾਨਾਂ 'ਤੇ ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਜਲ ਭੰਡਾਰਾਂ 'ਚ ਵਧੇ ਪਾਣੀ ਦੇ ਪੱਧਰ ਕਾਰਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕੱਸੀ ਗਈ ਹੈ।
Sangrur News: ਪਹਾੜੀ ਸਥਾਨਾਂ 'ਤੇ ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਜਲ ਭੰਡਾਰਾਂ 'ਚ ਵਧੇ ਪਾਣੀ ਦੇ ਪੱਧਰ ਕਾਰਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕੱਸੀ ਗਈ ਹੈ। ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ ਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ।
ਇਹ ਗੱਲ ਅੱਜ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜ਼ਮੀਨੀ ਪੱਧਰ ਉਤੇ ਸਥਿਤੀ ਪਤਾ ਕਰਨ ਲਈ ਖਨੌਰੀ-ਮੂਨਕ ਖੇਤਰ ਵਿਖੇ ਘੱਗਰ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਣ ਮੌਕੇ ਕਹੀ। ਜਲ ਸਰੋਤ ਮੰਤਰੀ ਨੇ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਤੇ ਐਸ.ਡੀ.ਐਮ. ਸੂਬਾ ਸਿੰਘ ਸਣੇ ਵਿਭਾਗ ਦੇ ਅਧਿਕਾਰੀਆਂ ਨੂੰ ਲੈ ਕੇ ਮੂਣਕ-ਟੋਹਾਣਾ ਪੁਲ ਅਤੇ ਮਕਰੌੜ ਸਾਹਿਬ ਦਾ ਦੌਰਾ ਕੀਤਾ।
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਗਈ ਹੈ। ਜਿੱਥੇ ਸਾਰੇ ਵਿਭਾਗ ਦੇ ਅਧਿਕਾਰੀ/ਕਰਮਚਾਰੀ ਫੀਲਡ ਵਿੱਚ ਤਾਇਨਾਤ ਹਨ ਉੱਥੇ ਉਹ ਖ਼ੁਦ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਮੁੱਖ ਦਫਤਰ ਪੱਧਰ 'ਤੇ ਪਹਿਲਾਂ ਹੀ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਜਾ ਚੁੱਕਾ ਹੈ।ਇਸ ਤੋਂ ਇਲਾਵਾ ਹਰ ਜ਼ਿਲੇ ਵਿੱਚ ਵੀ ਫਲੱਡ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਸਾਰੇ ਫੀਲਡ ਅਫਸਰਾਂ ਨੂੰ ਪਾਣੀ ਦੇ ਪੱਧਰ ਅਤੇ ਪਾਣੀ ਛੱਡਣ ਬਾਰੇ ਤੁਰੰਤ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਸਬੰਧਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦੇ ਸਕਣ।
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਜਲ ਸਰੋਤ ਵਿਭਾਗ ਵੱਲੋਂ ਕਿਸੇ ਵੀ ਅਣਸੁਖਾਵੀਂ ਸਥਿਤੀ ਦੇ ਟਾਕਰੇ ਲਈ ਪੂਰੀ ਤਿਆਰੀ ਕੀਤੀ ਗਈ ਹੈ। ਅੱਜ ਮੂਨਕ ਇਲਾਕੇ ਵਿਖੇ ਘੱਗਰ ਦਰਿਆ ਦਾ ਜਾਇਜ਼ਾ ਲਿਆ।ਮੁੱਖ ਦਫਤਰ ਤੇ ਹਰ ਜ਼ਿਲੇ ਵਿੱਚ ਹੜ੍ਹ ਕੰਟਰੋਲ ਰੂਮ ਬਣਾਇਆ ਗਿਆ ਹੈ।ਸਰਕਾਰ ਹਰ ਪਲ ਨਿਗਰਾਨੀ ਰੱਖ ਰਹੀ ਹੈ।ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ pic.twitter.com/99BJLcn8lx
— Gurmeet Singh Meet Hayer (@meet_hayer) July 9, 2023
ਇਹ ਵੀ ਪੜ੍ਹੋ: ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਪਾਣੀ ਨਾਲ ਭਰੀਆਂ ਸੜਕਾਂ ਦੀ ਸੂਚੀ ਕੀਤੀ ਜਾਰੀ, MC ਨੇ ਕਿਹਾ ਟੀਮਾਂ ਸੜਕਾਂ ਨੂੰ ਸਾਫ਼ ਕਰਨ ਦਾ ਕਰ ਰਹੀਆਂ ਕੰਮ
ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੀ ਹੜ੍ਹ ਰੋਕੂ ਕੰਮ ਕੀਤੇ ਗਏ ਹਨ ਅਤੇ ਅੱਗੇ ਵਾਲੀ ਸਥਿਤੀ ਨੂੰ ਦੇਖਦਿਆਂ ਵੀ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲੇ ਵਿੱਚ ਸਾਢੇ ਪੰਜ ਕਰੋੜ ਰੁਪਏ ਦੇ ਕਰੀਬ ਲਾਗਤ ਨਾਲ ਕੰਮ ਕੀਤੇ ਗਏ।ਉਨ੍ਹਾਂ ਅੱਗੇ ਕਿਹਾ ਕਿ ਜਿਥੋੰ ਤੱਕ ਡੈਮਾਂ ਦਾ ਸਬੰਧ ਹੈ, ਡੈਮਾਂ ਦੇ ਵੱਧ ਤੋਂ ਵੱਧ ਪੱਧਰ ਤੱਕ ਤਸੱਲੀਬਖਸ਼ ਬਫਰ ਉਪਲਬਧ ਹੈ। ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਮੁਸਤੈਦੀ ਨਾਲ ਜ਼ਮੀਨੀ ਪੱਧਰ ਉਤੇ ਦੌਰਾ ਕਰਕੇ ਸਾਰੀ ਸਥਿਤੀ ਦਾ ਜਾਇਜ਼ਾ ਲੈ ਰਿਹਾ ਹੈ। ਵਿਭਾਗ ਦੇ ਫੀਲਡ ਸਟਾਫ ਜਿਵੇਂ ਕਿ ਐਕਸੀਅਨ, ਐਸ.ਡੀ.ਓ ਤੇ ਜੇ.ਈਜ਼ ਨੂੰ ਪਹਿਲਾਂ ਹੀ ਕਹਿ ਦਿੱਤਾ ਹੈ ਅਤੇ ਉਹ ਸੰਵੇਦਨਸ਼ੀਲ ਥਾਂਵਾਂ 'ਤੇ ਨਜ਼ਰ ਰੱਖ ਰਹੇ ਹਨ। ਫੀਲਡ ਸਟਾਫ਼ ਜ਼ਿਲ੍ਹਾ ਪ੍ਰਸ਼ਾਸਨ ਨਾਲ ਪੂਰੀ ਤਰ੍ਹਾਂ ਤਾਲਮੇਲ ਵਿੱਚ ਹੈ।
ਮੀਤ ਹੇਅਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪੋ-ਆਪਣੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਦਫਤਰ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਉਨ੍ਹਾਂ ਨੂੰ ਬਾਹਰ ਕੱਢਿਆ ਜਾ ਸਕੇ। ਵਿਭਾਗ ਦੇ ਸਟਾਫ ਨੂੰ ਰਾਤ ਦੀ ਚੌਕਸੀ ਦੇ ਨਾਲ-ਨਾਲ ਖੇਤਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਫੌਰੀ ਉਪਾਅ ਜਿਵੇਂ ਕਿ ਖਾਲੀ ਸੀਮੈਂਟ ਬੈਗਾਂ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ ਲਈ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ: Chandigarh News: ਸੁਖਨਾ ਝੀਲ 'ਚ ਪਾਣੀ ਦਾ ਪੱਧਰ ਵਧਿਆ, ਦੋ ਫਲੱਡ ਗੇਟ ਖੋਲ੍ਹੇ, ਪੰਚਕੂਲਾ ਤੇ ਮੋਹਾਲੀ 'ਚ ਅਲਰਟ