Election Update: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਜੈਪੁਰ ਪੁੱਜੇ ਜਿੱਥੇ ਉਨ੍ਹਾਂ ਰਾਜਸਥਾਨ ਦੇ ਲੋਕਾਂ ਨੂੰ 6 ‘ਕੇਜਰੀਵਾਲ ਦੀ ਗਰੰਟੀ’ਦਿੱਤੀ। ਇਸ ਮੌਕੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਭਾਰਤੀ ਰਾਜਨੀਤੀ ਨੂੰ ਇੱਕ ਨਵੀਂ ਦਿਸ਼ਾ ਅਤੇ ਦਸ਼ਾ ਦਿੱਤੀ ਹੈ। ਮਾਨ ਨੇ ਕਿਹਾ ਕਿ ਤੁਹਾਡਾ ਅੱਜ ਇਸ ਪ੍ਰੋਗਰਾਮ ਦਾ ਹਿੱਸਾ ਬਣਨ ਲਈ ਚੁੱਕਿਆ ਹਰ ਕਦਮ ਕ੍ਰਾਂਤੀ ਵੱਲ ਇੱਕ ਕਦਮ ਹੈ ਅਤੇ ਰਾਜਸਥਾਨ ਅਤੇ ਇਸ ਦੇ ਲੋਕਾਂ ਦੇ ਬਿਹਤਰ ਭਵਿੱਖ ਲਈ ਹੈ।
ਦਿੱਲੀ ਤੇ ਪੰਜਾਬ ਵਿੱਚ ਕੀਤੇ ਕੰਮਾਂ ਦੇ ਗਾਏ ਸੋਹਲੇ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਦਿੱਲੀ ਅਤੇ ਪੰਜਾਬ ਵਿੱਚ ਪਹਿਲਾਂ ਹੀ ਇਨ੍ਹਾਂ ਗਾਰੰਟੀਆਂ ਨੂੰ ਪੂਰਾ ਕਰ ਚੁੱਕੇ ਹਾਂ। ਪੰਜਾਬ ਵਿੱਚ 'ਆਪ' ਦੀ ਸਰਕਾਰ ਸਿਰਫ਼ ਇੱਕ ਸਾਲ ਪੰਜ ਮਹੀਨੇ ਪਹਿਲਾਂ ਬਣੀ ਸੀ, ਪਰ ਅਸੀਂ ਉੱਥੇ ਸਾਰੀਆਂ ਵੱਡੀਆਂ ਚੋਣ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ 'ਜੁਮਲੇਬਾਜ਼' ਨਹੀਂ ਹਾਂ, ਅਸੀਂ ਚੋਣਾਂ ਸਮੇਂ ਲਾਲੀਪਾਪ ਨਹੀਂ ਦਿੰਦੇ, ਪਰ ਅਸੀਂ ਗਾਰੰਟੀ ਦਿੰਦੇ ਹਾਂ ਅਤੇ ਅਸੀਂ ਜੋ ਵਾਅਦਾ ਕਰਦੇ ਹਾਂ, ਅਸੀਂ ਪੂਰਾ ਕਰਦੇ ਹਾਂ ਕਿਉਂਕਿ ਅਸੀਂ ਸਿਰਫ ਇਹ ਕਹਿੰਦੇ ਹਾਂ ਕਿ ਅਸੀਂ ਕੀ ਕਰ ਸਕਦੇ ਹਾਂ। ਦੂਜੀਆਂ ਪਾਰਟੀਆਂ ਦੇ ਉਲਟ, ਅਸੀਂ ਆਪਣੇ ਵਾਅਦੇ ਤੋਂ ਵੱਧ ਕਰਦੇ ਹਾਂ।
ਗੁਆਂਢੀਆਂ ਨੂੰ ਕੀ ਦਿੱਤੀਆਂ ਗਾਰੰਟੀਆਂ ?
ਗਰੰਟੀ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 'ਆਪ' ਦੀ ਸਰਕਾਰ ਬਣਨ 'ਤੇ ਲੋਕਾਂ ਨੂੰ ਮੁਫਤ ਅਤੇ 24 ਘੰਟੇ ਬਿਜਲੀ ਦਿੱਤੀ ਜਾਵੇਗੀ। ਸਰਕਾਰੀ ਸਕੂਲਾਂ ਦਾ ਸੁਧਾਰ ਕੀਤਾ ਜਾਵੇਗਾ। ਸਿੱਖਿਆ ਅਤੇ ਸਿਹਤ ਸਹੂਲਤਾਂ ਹਰ ਕਿਸੇ ਲਈ ਮੁਫਤ ਹੋਣਗੀਆਂ। ਦਿੱਲੀ ਅਤੇ ਪੰਜਾਬ ਵਾਂਗ ਮੁਹੱਲਾ ਕਲੀਨਿਕ ਬਣਾਏ ਜਾਣਗੇ, ਸਰਕਾਰੀ ਹਸਪਤਾਲ ਬਣਾਏ ਜਾਣਗੇ। ਰੁਜ਼ਗਾਰ ਪੈਦਾ ਕਰਨਾ ਅਤੇ ਨੌਕਰੀਆਂ ਦੇਣਾ ਪਹਿਲ ਹੋਵੇਗੀ। ਅਸੀਂ ਦਿੱਲੀ ਵਿੱਚ 2 ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਨੌਜਵਾਨਾਂ ਨੂੰ 12 ਲੱਖ ਪ੍ਰਾਈਵੇਟ ਨੌਕਰੀਆਂ ਦਿੱਤੀਆਂ। 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਭ੍ਰਿਸ਼ਟਾਚਾਰ ਮੁਕਤ ਰਾਜਸਥਾਨ ਬਣਾਇਆ ਜਾਵੇਗਾ ਅਤੇ ਸ਼ਹੀਦਾਂ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ।