ਲੁਧਿਆਣਾ: ਸੰਗਰੂਰ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਲੀਡ ਬਰਕਰਾਰ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (ਬ) 5ਵੇਂ ਨੰਬਰ ਉੱਪਰ ਖਿਸਕ ਗਿਆ ਹੈ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਬੁਲਾਰੇ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਹੈ ਲੋਕਾਂ ਨੇ ਬਦਲਾਅ ਲਿਆਂਦਾ ਹੈ।



ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਲੋਕਾਂ ਨੇ ਵੱਡਾ ਬਦਲਾਅ ਲਿਆਂਦਾ ਹੈਅਤੇ ਪੰਜਾਬੀ ਤੇ ਪੰਜਾਬੀਅਤ ਲਈ ਇਹ ਬਹੁਤ ਜ਼ਰੂਰੀ ਵੀ ਸੀ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਨੇ ਜੋ ਵੱਡੇ-ਵੱਡੇ ਦਾਅਵੇ ਵਾਅਦੇ ਕੀਤੇ ਸਨ, ਉਹ ਪੂਰੇ ਨਾ ਕਰਨਾ ਉਨ੍ਹਾਂ ਨੂੰ ਮਹਿੰਗਾ ਪਿਆ ਹੈ।


ਉਨ੍ਹਾਂ ਕਿਹਾ ਕਿ ਇਹ ਵੱਡਾ ਬਦਲਾਅ ਹੈ ਜੋ ਸੰਗਰੂਰ ਦੇ ਲੋਕਾਂ ਨੇ ਕਰਕੇ ਵਿਖਾਇਆ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਵਿੱਚ ਛੇ ਹਲਕਿਆਂ ਅੰਦਰ ਆਮ ਆਦਮੀ ਪਾਰਟੀ ਨੂੰ ਛੇ ਲੱਖ ਤੋਂ ਵੱਧ ਵੋਟਾਂ ਪਈਆਂ ਸਨ ਪਰ ਹੁਣ ਦੋ ਲੱਖ ਰਹਿ ਗਈਆਂ।


ਮਹੇਸ਼ਇੰਦਰ ਗਰੇਵਾਲ ਨੇ ਆਪਣੀ ਹਾਰ ਤੇ ਸਫ਼ਾਈ ਦਿੰਦਿਆਂ ਕਿਹਾ ਕਿ ਅਕਾਲੀ ਦਲ ਸੰਗਰੂਰ ਜ਼ਿਮਨੀ ਚੋਣ ਲੜਨਾ ਹੀ ਨਹੀਂ ਚਾਹੁੰਦਾ ਸੀ ਪਰ ਪੰਥਕ ਏਜੰਡੇ ਨੂੰ ਲੈ ਕੇ ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਤੇ ਹੀ ਉਨ੍ਹਾਂ ਵੱਲੋਂ ਸਾਂਝੇ ਤੌਰ ਤੇ ਸਿੱਖ ਜਥੇਬੰਦੀਆਂ ਨਾਲ ਮਿਲ ਕੇ ਆਪਣਾ ਉਮੀਦਵਾਰ ਖੜ੍ਹਾ ਕੀਤਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਿਰਫ ਇੱਕੋ ਹੀ ਏਜੰਡਾ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਹੋ ਸਕੇ ਤੇ ਉਸ ਤੇ ਉਹ ਲਗਾਤਾਰ ਕੰਮ ਕਰਦੇ ਰਹਿਣਗੇ।


ਦੱਸ ਦਈਏ ਕਿ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਵੱਡਾ ਫੇਰਬਦਲ ਵੇਖਣ ਨੂੰ ਮਿਲਿਆ ਹੈ। ਕਈ ਸਾਲਾਂ ਤੋਂ ਸਿਆਸੀ ਹਾਸ਼ੀਏ 'ਤੇ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ (ਅ) ਵੱਡੀ ਬਾਜ਼ੀ ਮਾਰੀ ਹੈ। ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਤੋਂ 7000 ਤੋਂ ਵੱਧ ਵੋਟਾਂ ਨਾਲ ਜਿੱਤਦੇ ਨਜ਼ਰ ਆ ਰਹੇ ਹਨ। ਅਜੇ ਤੱਕ ਚੋਣ ਕਮਿਸ਼ਨ ਨੇ ਅਧਿਕਾਰਤ ਤੌਰ ਉੱਪਰ ਨਤੀਜੇ ਦਾ ਐਲਾਨ ਨਹੀਂ ਕੀਤਾ।