ਚੰਡੀਗੜ੍ਹ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸ਼ਹਿਰੀ ਖੇਤਰਾਂ ਵਿੱਚ ਗ਼ੈਰ-ਕਾਨੂੰਨੀ ਅਤੇ ਬੇਤਰਤੀਬੇ ਵਿਕਾਸ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਲਦੀ ਵਿਆਪਕ ਰੀਅਲ ਅਸਟੇਟ ਨੀਤੀ ਲਿਆਂਦੀ ਜਾਵੇਗੀ।
ਉਹ ਅੱਜ ਇੱਥੇ ਪੰਜਾਬ ਭਵਨ ਵਿਖੇ ਮਾਲ ਤੇ ਮੁੜ ਵਸੇਬਾ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਰੀਅਲ ਅਸਟੇਟ ਡਿਵੈੱਲਪਰਾਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਰੀਅਲ ਅਸਟੇਟ ਡਿਵੈੱਲਪਰਾਂ ਨੂੰ ਕਿਹਾ ਕਿ ਉਹ ਆਪਣੇ ਸਵਾਲਾਂ ਅਤੇ ਸਮੱਸਿਆਵਾਂ ਬਾਰੇ ਵਧੀਕ ਮੁੱਖ ਸਕੱਤਰ-ਕਮ-ਐਫ.ਸੀ.ਆਰ. ਅਨੁਰਾਗ ਅਗਰਵਾਲ ਨੂੰ ਰੀਪ੍ਰੈਜ਼ੈਂਟੇਸ਼ਨ ਦੇਣ।
ਕੈਬਨਿਟ ਮੰਤਰੀ ਨੇ ਰੀਅਲ ਅਸਟੇਟ ਡਿਵੈੱਲਪਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਉਹ ਇਸ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕਰਨਗੇ, ਜੋ ਇਸ ਮੁੱਦੇ ਦੀ ਖ਼ੁਦ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਨੇ ਡਿਵੈੱਲਪਰਾਂ ਨੂੰ ਜਾਇਦਾਦ ਖਰੀਦਦਾਰਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸ਼ਹਿਰੀ ਵਿਕਾਸ ਦੇ ਨਾਂ 'ਤੇ ਸਭ ਗੜਬੜ ਕਰ ਦਿੱਤਾ ਹੈ, ਜਿਸ ਕਾਰਨ ਸੂਬੇ ਵਿੱਚ 14000 ਦੇ ਕਰੀਬ ਗ਼ੈਰ-ਕਾਨੂੰਨੀ ਕਾਲੋਨੀਆਂ ਹੋਂਦ ਵਿੱਚ ਆਈਆਂ ਹਨ। ਮਾਨ ਸਰਕਾਰ ਆਮ ਆਦਮੀ ਨੂੰ ਦਰਪੇਸ਼ ਸਾਰੀਆਂ ਮੁਸ਼ਕਲਾਂ ਤੋਂ ਪੂਰੀ ਤਰ੍ਹਾਂ ਜਾਣੂ ਹੈ ਪਰ ਸਿਸਟਮ ਨੂੰ ਸਾਫ਼ ਕਰਨ ਲਈ ਇੱਕ ਵਿਆਪਕ ਨੀਤੀ ਲਿਆਂਦੀ ਜਾਵੇਗੀ ਤਾਂ ਜੋ ਸੂਬੇ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਦੀ ਹੋ ਰਹੀ ਲੁੱਟ ਨੂੰ ਰੋਕਿਆ ਜਾ ਸਕੇ।
ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਲਾਜ਼ਮੀ ਕਰਨ ਦੇ ਸਵਾਲ 'ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮੁੱਦੇ ਨੂੰ ਵੀ ਜਲਦ ਹੱਲ ਕਰ ਲਿਆ ਜਾਵੇਗਾ ਕਿਉਂਕਿ ਪੰਜਾਬ ਸਰਕਾਰ ਦੇ ਤਿੰਨ ਵਿਭਾਗ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ, ਮਾਲ ਅਤੇ ਸਥਾਨਕ ਸਰਕਾਰਾਂ ਇਸ ਮਸਲੇ ਨੂੰ ਜਲਦੀ ਹੱਲ ਕਰਨ ਲਈ ਮਿਲ ਕੇ ਕੰਮ ਕਰ ਰਹੇ ਹਨ।
ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ-ਕਮ-ਐਫ.ਸੀ.ਆਰ. ਅਨੁਰਾਗ ਅਗਰਵਾਲ, ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਅਤੇ ਮਾਲ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।