Drug Free Punjab : ਪੰਜਾਬ ਕਾਂਗਰਸ ਵੱਲੋਂ ਨਸ਼ਿਆਂ ਦੀ ਅਲਾਮਤ ਅਤੇ ਨਸ਼ੇ ਦੀ ਓਵਰਡੋਜ਼ ਕਾਰਨ ਵੱਧ ਰਹੀਆਂ ਮੌਤਾਂ ਵਿਰੁੱਧ ਚੱਲ ਰਹੀ ‘ਨਸ਼ਾ ਵਿਰੋਧੀ’ ਮੁਹਿੰਮ ਦੌਰਾਨ ਅੱਜ ਪੰਜਾਬ ਕਾਂਗਰਸ ਪ੍ਰਧਾਨ ਦੇ ਗ੍ਰਹਿ ਮੈਦਾਨ ’ਤੇ ਲਾਇਆ ਧਰਨਾ ਭਾਰੀ ਇਕੱਠ ਵਿੱਚ ਤਬਦੀਲ ਹੋ ਗਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਵਿਖੇ ਦਿੱਤੇ ਗਏ ਧਰਨੇ ਵਿੱਚ ਕਾਂਗਰਸ ਪਾਰਟੀ ਦੀ ਪੰਜਾਬ ਇਕਾਈ ਦੀ ਸੀਨੀਅਰ ਲੀਡਰਸ਼ਿਪ ਅਤੇ ਸਮੂਹ ਵਰਕਰਾਂ ਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ।


ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ 'ਬਦਲਾਅ' ਦੇ ਨਾਂ 'ਤੇ ਤਿੰਨ ਮਹੀਨਿਆਂ ਵਿੱਚ ਨਸ਼ਾਖੋਰੀ ਨੂੰ ਖਤਮ ਕਰਨ ਦਾ ਝੂਠਾ ਵਾਅਦਾ ਕਰਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨਾ ਸਿਰਫ਼ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ 'ਚ ਬੁਰੀ ਤਰ੍ਹਾਂ ਅਸਫਲ ਰਹੀ ਹੈ, ਸਗੋਂ ਇਸ ਗੰਭੀਰ ਮੁੱਦੇ ਪ੍ਰਤੀ ਲਾਪਰਵਾਹੀ ਕਾਰਨ ਸੂਬੇ 'ਚ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਹੋ ਰਹੀਆਂ ਹਨ।


ਫ਼ੋਕੀ ਮਸ਼ਹੂਰੀਆਂ ਵਾਲੀ ਸਰਕਾਰ ਦੀ ਆਲੋਚਨਾ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਕਿਹਾ, “ਧਰਨੇ ਵਿੱਚ ਭਾਰੀ ਇਕੱਠ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬ ਵਾਸੀ ਪਾਰਟੀ ਦੇ ਝੂਠੇ ਵਾਅਦਿਆਂ ਅਤੇ ਗੁੰਮਰਾਹਕੁੰਨ ਦਾਅਵਿਆਂ ਤੋਂ ਅੱਕ ਚੁੱਕੇ ਹਨ ਅਤੇ ਉਹ ਆਉਣ ਵਾਲੀਆਂ ਚੋਣਾਂ 'ਚ ਸੱਤਾਧਾਰੀ ਸਰਕਾਰ ਨੂੰ ਜ਼ਰੂਰ ਸਬਕ ਸਿਖਾਉਣਗੇ।''


'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਿੰਦਾ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ, “ਸਰਕਾਰ ਦੇ ਹੱਥਾਂ ਵਿੱਚ ਬਿਨਾਂ ਸ਼ੱਕ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਣਾ ਅਤੇ ਸੂਬੇ ਵਿੱਚ ਸਰਗਰਮ ਡਰੱਗ ਮਾਫੀਆ 'ਤੇ ਹਮਲਾ ਕਰਨਾ ਹੈ। ਸਰਕਾਰ ਦੀ ਅਯੋਗਤਾ ਨੇ ਨਸ਼ੇ ਦੇ ਸੌਦਾਗਰਾਂ ਨੂੰ ਵਧਣ-ਫੁੱਲਣ ਲਈ ਖੁੱਲ੍ਹਾ ਹੱਥ ਦਿੱਤਾ ਹੈ। ਸਰਹੱਦ ਪਾਰ ਨਸ਼ਿਆਂ ਦੇ ਰੈਕੇਟ ਨੂੰ ਖਤਮ ਕਰਨਾ ਰਾਜ ਅਤੇ ਕੇਂਦਰ ਸਰਕਾਰ ਦੀ ਬਰਾਬਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਭਾਵੇਂ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਹੋਵੇ ਜਾਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ, ਸੂਬੇ ਵਿੱਚ ਵੱਧ ਰਹੀਆਂ ਮੌਤਾਂ ਲਈ ਆਪ ਅਤੇ ਭਾਜਪਾ ਦੋਵੇਂ ਬਰਾਬਰ ਜ਼ਿੰਮੇਵਾਰ ਹਨ।


'ਆਪ' ਲੀਡਰਸ਼ਿਪ 'ਤੇ ਸਰਕਾਰੀ ਖਜ਼ਾਨੇ ਨੂੰ ਸਵੈ-ਪ੍ਰਚਾਰ ਅਤੇ ਬ੍ਰਾਂਡਿੰਗ 'ਤੇ ਬਰਬਾਦ ਕਰਨ ਦਾ ਦੋਸ਼ ਲਗਾਉਂਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ, "ਜੋ ਇਸ਼ਤਿਹਾਰਬਾਜ਼ੀ ਗਤੀਵਿਧੀਆਂ 'ਤੇ ਜਨਤਾ ਦੇ ਪੈਸੇ ਨੂੰ ਬਰਬਾਦ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਨਿੰਦਾ ਕਰਦੇ ਸਨ ਅਤੇ 'ਬਦਲਾਅ' ਦੇ ਵਾਅਦੇ ਕਰਦੇ ਸਨ, ਹੁਣ ਉਹ ਵੀ ਉਸੇ ਰਾਹ 'ਤੇ ਚੱਲ ਰਹੇ ਹਨ। ਉਨ੍ਹਾਂ ਤਿੰਨ ਮਹੀਨਿਆਂ ਵਿੱਚ ਨਸ਼ਾਖੋਰੀ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਆਪਣੇ ਵਾਅਦੇ ਨੂੰ ਪੂਰਾ ਕਰਨ ਵਿੱਚ ਅਸਫਲ ਰਹੇ ਜਿਸ ਨੇ ਨੌਜਵਾਨਾਂ ਨੂੰ ਬਰਬਾਦ ਕੀਤਾ ਅਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਦੀ ਗਿਣਤੀ ਵਿੱਚ ਵਾਧਾ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਸਰਗਰਮ ਮਿਲੀਭੁਗਤ ਨਾਲ ਅਪਰਾਧੀਆਂ ਵੱਲੋਂ ਪੰਜਾਬ ਨੂੰ ਬਰਬਾਦ ਕੀਤਾ ਜਾ ਰਿਹਾ ਹੈ।


ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਕੱਠ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਸਮਰਥਨ ਲਈ ਪੰਜਾਬ ਦੇ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਮਜ਼ਬੂਤ ​​ਹੋ ਕੇ ਇਸ ਖਤਰੇ ਦਾ ਟਾਕਰਾ ਕਰਨ ਦੀ ਅਪੀਲ ਕੀਤੀ। ਇਹ ਕਹਿੰਦਿਆਂ ਕਿ ਨਸ਼ਿਆਂ ਨੇ ਸੂਬੇ ਦੇ ਕਈ ਪਰਿਵਾਰਾਂ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਸੈਂਕੜੇ ਅਜਿਹੇ ਹਨ ਜੋ ਅਜੇ ਵੀ ਇਸ ਦਾ ਸੰਤਾਪ ਭੋਗ ਰਹੇ ਹਨ, ਬਾਜਵਾ ਨੇ ਕਿਹਾ ਕਿ ਸੂਬੇ ਨੂੰ ਇਸ ਬੁਰਾਈ ਤੋਂ ਬਚਾਉਣ ਅਤੇ ਇਸ ਨੂੰ ਖੁਸ਼ਹਾਲ ਬਣਾਉਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਦਲਾਅ ਦੇ ਨਾਂ 'ਤੇ ਸੂਬੇ ਨੂੰ ਬਰਬਾਦ ਕਰਨ ਵਾਲੀ ਪਾਰਟੀ ਵਿਚਲੇ ਧੋਖੇਬਾਜ਼ਾਂ ਨੂੰ ਲੋਕ ਸਭਾ ਚੋਣਾਂ ਵਿਚ ਨੰਗਾ ਕਰਨ ਅਤੇ ਉਨ੍ਹਾਂ ਨੂੰ ਸਬਕ ਸਿਖਾਉਣ।



'ਆਪ' ਸਰਕਾਰ ਦੀ ਅਯੋਗਤਾ 'ਤੇ ਵਰ੍ਹਦਿਆਂ ਵੜਿੰਗ ਨੇ ਕਿਹਾ ਕਿ ਨਸ਼ਿਆਂ ਨੇ ਪਰਿਵਾਰਾਂ ਨੂੰ ਏਨੇ ਵੱਡੇ ਪੱਧਰ 'ਤੇ ਬਰਬਾਦ ਕਰ ਦਿੱਤਾ ਹੈ ਜੋ ਸਾਬਤ ਹੋ ਗਿਆ ਕਿ ਨਿਰਾਸ਼ ਲੋਕਾਂ ਨੇ 'ਆਪ' ਪਾਰਟੀ ਦੇ ਤਿੰਨ ਮਹੀਨਿਆਂ 'ਚ ਨਸ਼ਾਖੋਰੀ ਦੇ ਖਾਤਮੇ ਦੇ ਵਾਅਦੇ 'ਤੇ ਵਿਸ਼ਵਾਸ ਕੀਤਾ ਅਤੇ 'ਬਦਲਾਅ' ਨੂੰ ਵੋਟ ਦਿੱਤੀ। ਪੀਪੀਸੀ ਦੇ ਮੁਖੀ ਨੇ ਦੋਸ਼ ਲਾਇਆ ਕਿ ਇਹ ਸਿਰਫ਼ ਇੱਕ ਆਫ਼ਤ ਹੀ ਹੈ ਕਿਉਂਕਿ 'ਆਪ' ਦੇ ਪੰਜਾਬ ਵਿੱਚ ਸੱਤਾ 'ਤੇ ਕਾਬਜ਼ ਹੋਣ ਤੋਂ ਬਾਅਦ ਹੀ ਸਮੱਸਿਆ ਵਧੀ ਹੈ।



ਭਗਵੰਤ ਮਾਨ ਅਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੋਵਾਂ ਨੇ ਤਿੰਨ ਮਹੀਨਿਆਂ 'ਚ ਨਸ਼ਾਖੋਰੀ ਨੂੰ ਖਤਮ ਕਰਨ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਸੂਬੇ 'ਚ 'ਆਪ' ਸਰਕਾਰ ਦੇ ਡੇਢ ਸਾਲ ਤੋਂ ਵੱਧ ਰਾਜ ਦੇ ਬਾਅਦ ਵੀ ਪੰਜਾਬ ਵਿੱਚ ਇਸ ਮੁੱਦੇ ਨੂੰ ਹੱਲ ਕਰਨ 'ਚ ਅਸਫਲ ਰਹੀ, ਰਾਜਾ ਵੜਿੰਗ ਨੇ ਕਿਹਾ। ਪੀਪੀਸੀ ਦੇ ਮੁਖੀ ਨੇ ਕਿਹਾ ਕਿ ਜੇਕਰ ਸਰਕਾਰ ਚਾਹੁੰਦੀ ਤਾਂ ਨਸ਼ਿਆਂ ਦੇ ਖਾਤਮੇ ਲਈ ਠੋਸ ਕਦਮ ਚੁੱਕ ਕੇ ਮੁਹਿੰਮ ਚਲਾ ਸਕਦੀ ਸੀ ਜਾਂ ਇਮਾਨਦਾਰੀ ਨਾਲ ਯਤਨ ਕਰ ਸਕਦੀ ਸੀ।


ਵੜਿੰਗ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਅਸੀਂ ਆਪਣੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਾਂਗੇ। ਇਹ ਕਹਿੰਦਿਆਂ ਕਿ ਸਾਨੂੰ ਇਨ੍ਹਾਂ ਬੁਰਾਈਆਂ ਵਿਰੁੱਧ ਲੜਾਈ ਲੜਨੀ ਪਵੇਗੀ, ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਸਾਰਿਆਂ ਨੂੰ ਇਕੱਠੇ ਹੋਣ, ਨਸ਼ਿਆਂ ਵਿਰੁੱਧ ਮਜ਼ਬੂਤੀ ਨਾਲ ਖੜ੍ਹੇ ਹੋਣ ਅਤੇ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਦੀ ਸੇਵਾ ਲਈ ਵਚਨਬੱਧ ਹੈ ਅਤੇ ਸੂਬੇ ਲਈ ਕੁਝ ਵੀ ਕਰੇਗੀ।