ਮਾਨਸਾ ਦੇ ਪਿੰਡ ਬੱਛੋਆਣਾ ਵਿੱਚ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਸੁਨਾਮ ਸ਼ਹਿਰ ਵਿੱਚ ਡੇਰਾ ਸਿਰਸਾ ਦਾ ਨਵਾਂ ਕੇਂਦਰ ਨਹੀਂ ਖੁੱਲ੍ਹਣ ਦੇਵਾਂਗੇ ਤੇ ਇਸ ਦਾ ਵਿਰੋਧ ਸੁਨਾਮ ਵਿੱਚ  ਹੀ ਨਹੀਂ ਸਗੋਂ ਪੂਰੇ ਪੰਜਾਬ ਵਿੱਚ ਕੀਤਾ ਜਾਵੇਗਾ।


ਇਸ ਮੌਕੇ ਸੰਗਤ ਦੇ ਮੁਖਾਤਬ ਹੁੰਦਿਆਂ ਅੰਮ੍ਰਿਤਪਾਲ ਨੇ ਕਿਹਾ ਕਿ ਇਹ ਸਿੱਧਾ ਸਿੱਧਾ ਸਿੱਖੀ ਨੂੰ ਕਮਜ਼ੋਰ ਕਰਨ ਤੇ ਡੇਰਾਵਾਦ ਨੂੰ ਉਕਸਾਉਣ ਦਾ ਮਨਸੂਬਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਖੀ ਨੂੰ ਕਮਜ਼ੋਰ ਕਰਨ ਲਈ ਹਕੂਮਤਾਂ ਜਾਣ ਬੁੱਝ ਕੇ ਡੇਰਿਆਂ ਨੂੰ ਫੈਲਾ ਰਹੀਆਂ ਹਨ।


ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਅੰਮ੍ਰਿਤ ਛਕਣ ਲਈ ਪ੍ਰੇਰਿਤ ਕਰਦੇ ਵੀ ਨਜ਼ਰ ਆਏ। ਇਸ ਦੇ ਨਾਲ ਹੀ ਸਿੱਖ ਧਰਮ ਬਾਬਤ ਉਨ੍ਹਾਂ ਕਿਹਾ ਕਿ ਪੈਦਾ ਹੋਈ ਪਾਟੋਧਾੜ ਨੂੰ ਪੰਥਕ ਏਕਤਾ ਨਾਲ ਹੀ ਖ਼ਤਮ ਕੀਤਾ ਜਾ ਸਕਦਾ ਹੈ।


ਐਸਜੀਪੀਸੀ ਪ੍ਰਧਾਨ ਹਰਜਿੰਦਰ ਧਾਮੀ ਨੇ ਕੀ ਕਿਹਾ


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਵੱਲੋਂ ਸੁਨਾਮ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ ਪ੍ਰਤੀਕਿਰਿਆ ਦਿੰਦਿਆਂ ਸਰਕਾਰ ਪਾਸੋਂ ਇਸ ਦੀਆਂ ਗਤੀਵਿਧੀਆਂ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਕਿਰਦਾਰ ਗੈਰ ਸਮਾਜਿਕ ਹੈ ਅਤੇ ਉਸ ’ਤੇ ਲੱਗੇ ਦੋਸ਼ ਬੇਹੱਦ ਸੰਗੀਨ ਹਨ।ਬਲਾਤਕਾਰ ਅਤੇ ਹੱਤਿਆ ਦੇ ਮਾਮਲਿਆਂ ਵਿਚ ਸਜ਼ਾਜਾਫਤਾ ਰਾਮ ਰਹੀਮ ਬੇਅਦਬੀ ਮਾਮਲਿਆਂ ਵਿਚ ਵੀ ਮੁੱਖ ਦੋਸ਼ੀ ਹੈ। ਉਨ੍ਹਾਂ ਆਖਿਆ ਕਿ ਇਸ ਵਿਵਾਦਤ ਵਿਅਕਤੀ ਵੱਲੋਂ ਪੰਜਾਬ ਅੰਦਰ ਡੇਰਾ ਖੋਲ੍ਹਣ ਦੇ ਐਲਾਨ ਨਾਲ ਸਿੱਖ ਭਾਵਨਾਵਾਂ ਨੂੰ ਭਾਰੀ ਸੱਟ ਵੱਜੀ ਹੈ ਅਤੇ ਇਸ ਨਾਲ ਪੰਜਾਬ ਦਾ ਸ਼ਾਂਤ ਮਾਹੌਲ ਖਰਾਬ ਹੋ ਸਕਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਬੇਹੱਦ ਸੰਜੀਦਾ ਮਾਮਲੇ ’ਤੇ ਜ਼ੁੰਮੇਵਾਰੀ ਨਾਲ ਆਪਣੀ ਭੂਮਿਕਾ ਨਿਭਾਵੇ ਅਤੇ ਇਹ ਸੰਕਲਪ ਕਰੇ ਕਿ ਡੇਰਾ ਸਿਰਸਾ ਦੀ ਕੋਈ ਵੀ ਸ਼ਾਖਾ ਪੰਜਾਬ ਵਿਚ ਨਾ ਬਣੇ


ਕੀ ਹੈ ਪੂਰਾ ਮਾਮਲਾ


ਜ਼ਿਕਰ ਕਰ ਦਈਏ ਕਿ ਰਾ ਸਿਰਸਾ ਮੁਖੀ ਰਾਮ ਰਹੀਮ ਵੱਲੋਂ ਡੇਰਾ ਪ੍ਰੇਮੀਆਂ ਦੀ ਮੰਗ 'ਤੇ ਪੰਜਾਬ 'ਚ ਇੱਕ ਹੋਰ ਨਵਾਂ ਡੇਰਾ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ , ਜਿਸ ਨੂੰ ਵੀਰਵਾਰ ਨੂੰ ਆਨਲਾਈਨ ਸਤਿਸੰਗ 'ਚ ਗੁਰਮੀਤ ਰਾਮ ਰਹੀਮ ਨੇ ਜ਼ਿਲ੍ਹਾ ਸੰਗਰੂਰ ਦੇ ਸੁਨਾਮ 'ਚ ਨਵਾਂ ਡੇਰਾ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਬਠਿੰਡਾ ਦੇ ਸਲਾਬਤਪੁਰਾ ਤੋਂ ਬਾਅਦ ਪੰਜਾਬ 'ਚ ਇਹ ਦੂਸਰਾ ਡੇਰਾ ਹੋਵੇਗਾ ,ਕਿਉਂਕਿ ਉਨ੍ਹਾਂ ਦਾ ਸਭ ਤੋਂ ਵੱਡਾ ਡੇਰਾ ਬਠਿੰਡਾ ਦੇ ਸਲਾਬਤਪੁਰਾ ਵਿੱਚ ਹੈ, ਜੋ ਕਿ ਹਰਿਆਣਾ ਦੇ ਸਿਰਸਾ ਹੈੱਡਕੁਆਰਟਰ ਤੋਂ ਬਾਅਦ ਦੂਜੇ ਨੰਬਰ 'ਤੇ ਆਉਂਦਾ ਹੈ।