ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਅੱਜ ਚੰਡੀਗੜ੍ਹ 'ਤੇ ਆਪਣੇ ਹੱਕ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਚੰਡੀਗੜ੍ਹ ਦਾ ਇੱਕ ਇੰਚ ਵੀ ਕਿਸੇ ਨੂੰ ਨਹੀਂ ਦੇਵਾਂਗੇ, ਚੰਡੀਗੜ੍ਹ ਪੰਜਾਬ ਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੰਸਦ ਨੇ ਵੀ ਇਸ ਨੂੰ ਸਵੀਕਾਰ ਕੀਤਾ ਹੈ। ਇਸ ਲਈ ਅਕਾਲੀ ਦਲ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।


ਉਨ੍ਹਾਂ ਕਿਹਾ ਕਿ ਜਦੋਂ ਤੋਂ 'ਆਪ' ਦੀ ਸਰਕਾਰ ਬਣੀ ਹੈ, ਉਹ ਸਾਰੇ ਮੁੱਦਿਆਂ ਬਾਰੇ ਚੁੱਪ ਹੈ। ਅੱਜ ਤੱਕ ਮੁੱਖ ਮੰਤਰੀ ਭਗਵੰਤ ਮਾਨ ਕੁਝ ਨਹੀਂ ਬੋਲੇ, ਚਾਹੇ ਉਹ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਦਾ ਐਸਵਾਈਐਲ 'ਤੇ ਬਿਆਨ ਹੋਵੇ ਜਾਂ ਫਿਰ BBMAB ਦਾ ਮੁੱਦਾ ਹੋਵੇ।


ਸੁਖਬੀਰ ਬਾਦਲ ਨੇ ਕਿਹਾ ਕਿ ਅਸਲ ਮੁੱਖ ਮੰਤਰੀ ਕੇਜਰੀਵਾਲ ਹੈ ਤੇ ਭਗਵੰਤ ਮਾਨ ਅਸਲੀ ਮੁੱਖ ਮੰਤਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਹਰਿਆਣਾ ਵਿੱਚ ਚੋਣਾਂ ਲੜਨਾ ਚਾਹੁੰਦੇ ਹਨ। ਇਸੇ ਲਈ ਉਹ ਹਰਿਆਣਾ ਦੇ ਹੱਕ ਵਿੱਚ ਬਿਆਨ ਦੇ ਰਹੇ ਹਨ।


ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਜਾਂਚ ਸੀਬੀਆਈ ਨੂੰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਿਰਫ਼ ਦਿੱਲੀ ਪੁਲਿਸ ਨੇ ਹੀ ਕਾਰਵਾਈ ਕੀਤੀ ਹੈ, ਪੰਜਾਬ ਪੁਲਿਸ ਨੇ ਕੁਝ ਨਹੀਂ ਕੀਤਾ। ਪੰਜਾਬ ਪੁਲਿਸ ਨੂੰ ਲੱਗਦਾ ਹੈ ਕਿ ਜੇਕਰ ਉਹ ਜਾਂਚ ਕਰਦੀ ਹੈ ਤਾਂ ਇਸ ਮੁੱਦੇ 'ਤੇ ਮੁੱਖ ਮੰਤਰੀ ਪੰਜਾਬ ਤੇ 'ਆਪ' ਦੀ ਸੋਸ਼ਲ ਮੀਡੀਆ ਟੀਮ ਦੋਸ਼ੀ ਸਾਬਤ ਹੋਵੇਗੀ।


ਸੁਖਬੀਰ ਬਾਦਲ ਨੇ ਕਿਹਾ ਕਿ 'ਆਪ' ਨੇ ਰਾਘਵ ਚੱਢਾ ਨੂੰ ਗਲਤ ਤਰੀਕੇ ਨਾਲ ਮੁੱਖ ਮੰਤਰੀ ਬਣਾ ਦਿੱਤਾ ਹੈ। ਹੁਣ ਹਰ ਮੁੱਦੇ ਦੀ ਫਾਈਲ ਰਾਘਵ ਕੋਲ ਜਾਂਦੀ ਹੈ। ਲੋਕਾਂ ਨੇ ਵਿਧਾਇਕਾਂ ਨੂੰ ਚੁਣਿਆ ਹੈ, ਰਾਘਵ ਚੱਢਾ ਨੂੰ ਨਹੀਂ। ਰਾਘਵ ਚੱਢਾ ਨੂੰ ਤੁਰੰਤ ਇਸ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ।