Farmers Protest: ਪੰਜਾਬ ਦੇ ਕਿਸਾਨ ਦਿੱਲੀ ਕੂਚ ਕਰਨ ਦੀ ਤਿਆਰੀ ਖਿੱਚਣ ਲੱਗੇ ਹਨ। ਸੰਭੂ ਬਾਰਡਰ ਉਪਰ 13 ਫਰਵਰੀ ਤੋਂ ਹਜ਼ਾਰਾਂ ਕਿਸਾਨਾਂ ਨਾਲ ਬੈਠੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਅਸੀਂ 21 ਫਰਵਰੀ ਨੂੰ ਸਵੇਰੇ 11 ਵਜੇ ਸ਼ਾਂਤੀਪੂਰਵਕ ਅੱਗੇ ਵਧਾਂਗੇ। ਉਦੋਂ ਤੱਕ ਅਸੀਂ ਕੇਂਦਰ ਅੱਗੇ ਆਪਣਾ ਪੱਖ ਰੱਖਣ ਦੀ ਕੋਸ਼ਿਸ਼ ਕਰਾਂਗੇ।
ਕੇਂਦਰੀ ਮੰਤਰੀਆਂ ਨਾਲ ਮੀਟਿੰਗ ਮਗਰੋਂ ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਅਸੀਂ ਇਸ ਪ੍ਰਸਤਾਵ 'ਤੇ ਖੇਤੀ ਮਾਹਿਰਾਂ ਤੇ ਕਾਨੂੰਨ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰਾਂਗੇ। ਇਸ ਤੋਂ ਬਾਅਦ ਫੈਸਲਾ ਲਿਆ ਜਾਵੇਗਾ। ਅੱਜ ਉਹ ਆਪਣੇ ਸਾਥੀਆਂ ਨਾਲ ਵੀ ਇਸ ਮਾਮਲੇ 'ਤੇ ਚਰਚਾ ਕਰਨਗੇ। ਦਿੱਲੀ ਜਾਣ ਦਾ ਸਾਡਾ ਫੈਸਲਾ ਸੁਰੱਖਿਅਤ ਹੈ। ਅਸੀਂ 21 ਫਰਵਰੀ ਨੂੰ ਸਵੇਰੇ 11 ਵਜੇ ਸ਼ਾਂਤੀਪੂਰਵਕ ਅੱਗੇ ਵਧਾਂਗੇ। ਉਦੋਂ ਤੱਕ ਅਸੀਂ ਕੇਂਦਰ ਅੱਗੇ ਆਪਣਾ ਪੱਖ ਰੱਖਣ ਦੀ ਕੋਸ਼ਿਸ਼ ਕਰਾਂਗੇ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਉਹ 19 ਤੇ 20 ਫਰਵਰੀ ਨੂੰ ਸਮੂਹ ਜਥੇਬੰਦੀਆਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ 20 ਤਰੀਕ ਦੀ ਸ਼ਾਮ ਨੂੰ ਅਸੀਂ ਆਪਣਾ ਫੈਸਲਾ ਸੁਣਾਵਾਂਗੇ। ਦਿੱਲੀ ਕੂਚ ਨੂੰ 21 ਫਰਵਰੀ ਸਵੇਰੇ 11 ਵਜੇ ਤੱਕ ਸਟੈਂਡਬਾਏ 'ਤੇ ਰੱਖਿਆ ਗਿਆ ਹੈ।
ਦੱਸ ਦਈਏ ਕਿ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਰੰਟੀ ਦੇਣ ਲਈ ਤਿਆਰ ਨਹੀਂ। ਸਗੋਂ ਕੰਟਰੈਕਟ ਫਾਰਮਿੰਗ ਨੂੰ ਲਾਗੂ ਕਰਨਾ ਚਾਹੁੰਦੀ ਹੈ। ਇਸ ਗੱਲ ਦਾ ਖੁਲਾਸਾ ਕੇਂਦਰੀ ਮੰਤਰੀਆਂ ਵੱਲੋਂ ਕਿਸਾਨ ਲੀਡਰਾਂ ਨੂੰ ਦਿੱਤੇ ਨਵੇਂ ਪ੍ਰਸਤਾਵ ਤੋਂ ਹੋਇਆ ਹੈ। ਕੇਂਦਰੀ ਮੰਤਰੀਆਂ ਨੇ ਕਿਹਾ ਕਿ ਤਿੰਨ ਫਸਲਾਂ ਮੱਕੀ, ਕਪਾਹ ਤੇ ਦਾਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਉਪਰ ਖਰੀਦਿਆ ਜਾ ਸਕਦਾ ਹੈ ਪਰ ਇਸ ਲਈ ਪੰਜ ਸਾਲ ਦਾ ਕੰਟਰੈਕਟ ਕਰਨਾ ਪਵੇਗਾ।
ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਕਿਸਾਨਾਂ ਨੇ ਮੱਕੀ ਤੇ ਕਪਾਹ ਵੀ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਣ ਦੀ ਮੰਗ ਕੀਤੀ ਹੈ। ਇਸ 'ਤੇ ਵਿਸਤ੍ਰਿਤ ਵਿਚਾਰ ਵਟਾਂਦਰੇ ਤੋਂ ਬਾਅਦ ਅਸੀਂ ਫੈਸਲਾ ਕੀਤਾ ਹੈ ਕਿ NCCF ਤੇ NAFED ਘੱਟੋ-ਘੱਟ ਸਮਰਥਨ ਮੁੱਲ 'ਤੇ ਕਿਸਾਨਾਂ ਦੀਆਂ ਫਸਲਾਂ ਖਰੀਦਣ। ਇਸ ਬਾਰੇ 5 ਸਾਲਾਂ ਲਈ ਕਾਨਟਰੈਕਟ ਕੀਤਾ ਜਾਏ। ਇਸ ਲਈ ਇੱਕ ਪੋਰਟਲ ਵੀ ਬਣਾਇਆ ਜਾਵੇਗਾ। ਇਸ ਨਾਲ ਕਿਸਾਨਾਂ ਦੀ ਆਮਦਨ ਵੀ ਵਧੇਗੀ।