(Source: ECI/ABP News/ABP Majha)
ਬੰਦੀ ਸਿੰਘਾਂ ਦੀ ਰਿਹਾਈ ਲਈ ਕਾਲੇ ਚੋਲੇ ਤੇ ਲੋਹੇ ਦੀਆਂ ਜ਼ੰਜੀਰਾਂ ਪਾ ਸ਼੍ਰੋਮਣੀ ਕਮੇਟੀ ਦੇ ਰਹੀ ਕੇਂਦਰ ਸਰਕਾਰ ਨੂੰ ਸੁਨੇਹਾ, 'ਸਿੱਖ ਅਜੇ ਵੀ ਗੁਲਾਮ'
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਰੋਸ ਮਾਰਚ ਤੇ ਧਰਨੇ ਦਿੱਤੇ ਜਾਣਗੇ।
ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਰੋਸ ਮਾਰਚ ਤੇ ਧਰਨੇ ਦਿੱਤੇ ਜਾਣਗੇ। ਇਸ ਦੌਰਾਨ ਪ੍ਰਦਰਸ਼ਨਕਾਰੀ ਕਾਲੇ ਚੋਲੇ ਤੇ ਗਲ ਵਿੱਚ ਲੋਹੇ ਦੀਆਂ ਜ਼ੰਜੀਰਾਂ ਪਾ ਕੇ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕਰਨਗੇ।
ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਮਾਰਚ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵੱਲੋਂ ਕਾਲੇ ਚੋਲੇ ਤੇ ਲੋਹੇ ਦੀਆਂ ਜ਼ੰਜੀਰਾਂ ਪਾ ਕੇ ਇਹ ਦਿਖਾਉਣ ਦਾ ਯਤਨ ਕੀਤਾ ਜਾਵੇਗਾ ਕਿ ਦੇਸ਼ ਵਿੱਚ ਸਿੱਖ ਅਜੇ ਵੀ ਗੁਲਾਮ ਹਨ ਤੇ ਇਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਕੀਤੇ ਜਾਣ ਵਾਲੇ ਰੋਸ ਮੁਜ਼ਾਹਰਿਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿੱਖ ਸ਼ਿਰਕਤ ਕਰਨਗੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਆਖਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਸਥਾ ਵੱਲੋਂ ਲੰਮੇ ਸਮੇਂ ਤੋਂ ਜੱਦੋ ਜਹਿਦ ਕੀਤੀ ਜਾ ਰਹੀ ਹੈ। ਇਸ ਸਬੰਧੀ ਕਈ ਵਾਰ ਸਰਕਾਰਾਂ ਕੋਲੋਂ ਮੰਗ ਵੀ ਕੀਤੀ ਜਾ ਚੁੱਕੀ ਹੈ ਪਰ ਕੋਈ ਸੁਣਵਾਈ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਸਿੱਖ ਦੋ ਤੋਂ ਤਿੰਨ ਦਹਾਕਿਆਂ ਤੋਂ ਬੰਦ ਹਨ ਤੇ ਉਨ੍ਹਾਂ ਦੀਆਂ ਨਿਰਧਾਰਤ ਸਜ਼ਾਵਾਂ ਦੀ ਮਿਆਦ ਵੀ ਪੂਰੀ ਹੋ ਚੁੱਕੀ ਹੈ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਹ ਵਰਤਾਰਾ ਮਨੁੱਖੀ ਹੱਕਾਂ ਦੀ ਉਲੰਘਣਾ ਦੇ ਨਾਲ-ਨਾਲ ਸਿੱਖਾਂ ਨਾਲ ਵਿਤਕਰੇ ਦਾ ਵੀ ਪ੍ਰਤੱਖ ਪ੍ਰਮਾਣ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਮੰਗ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਨੂੰ ਰਿਹਾਅ ਕੀਤਾ ਜਾਵੇ ਤੇ ਇਸ ਸਬੰਧੀ ਰੋਸ ਵਿਖਾਵੇ ਦੌਰਾਨ ਸਰਕਾਰ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਪਰੋਕਤ ਫ਼ੈਸਲਾ ਬੀਤੇ ਦਿਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੇ ਸੱਦੇ ਗਏ ਇਕ ਵਿਸ਼ੇਸ਼ ਇਜਲਾਸ ਦੌਰਾਨ ਲਿਆ ਗਿਆ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :