Punjab Weather Update: ਪੰਜਾਬ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਸੋਮਵਾਰ ਨੂੰ ਦਿਨ ਭਰ ਬੱਦਲ ਛਾਏ ਰਹੇ। ਕਈ ਥਾਈਂ ਬੂੰਦਾ-ਬਾਂਦੀ ਦੀਆਂ ਵੀ ਖਬਰਾਂ ਹਨ। ਚੰਡੀਗੜ੍ਹ ਤੇ ਜਲੰਧਰ 'ਚ ਕੁਝ ਥਾਵਾਂ 'ਤੇ ਹਲਕੀ ਬਾਰਸ਼ ਵੀ ਹੋਈ। ਅਚਾਨਕ ਵਧੀ ਠੰਢ ਨਾਲ ਵੱਧ ਤੋਂ ਵੱਧ ਤਾਪਮਾਨ 2.4 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਹੁਣ ਦਿਨ ਦਾ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਹੇਠਾਂ ਪਹੁੰਚ ਗਿਆ ਹੈ। ਹਾਲਾਂਕਿ ਰਾਤ ਦਾ ਤਾਪਮਾਨ ਅਜੇ ਵੀ ਆਮ ਨਾਲੋਂ ਛੇ ਡਿਗਰੀ ਵੱਧ ਹੈ। 


ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅੱਜ ਮੰਗਲਵਾਰ ਤੋਂ ਦੋ ਦਿਨਾਂ ਤੱਕ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਸਵੇਰ ਵੇਲੇ ਸੰਘਣੀ ਧੁੰਦ ਪਵੇਗੀ। ਇਸ ਦੇ ਨਾਲ ਹੀ ਰਾਤ ਦਾ ਤਾਪਮਾਨ ਵੀ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਹੇਠਾਂ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਡਰਾਈਵਰਾਂ ਨੂੰ ਖਾਸ ਤੌਰ 'ਤੇ ਸਵੇਰ ਵੇਲੇ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।


ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣਗੇ ਤੇ ਤੇਜ਼ ਹਵਾਵਾਂ ਚੱਲਣਗੀਆਂ ਜਿਸ ਕਾਰਨ ਠੰਢ ਵਧਣ ਦੀ ਸੰਭਾਵਨਾ ਹੈ। ਅੱਜ ਲੁਧਿਆਣਾ, ਪਟਿਆਲਾ, ਸੰਗਰੂਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ। 


ਇਸੇ ਤਰ੍ਹਾਂ ਹਰਿਆਣਾ ਦੇ ਅੰਬਾਲਾ, ਕਰਨਾਲ, ਕੁਰੂਕਸ਼ੇਤਰ, ਯਮੁਨਾਨਗਰ ਤੇ ਕੈਥਲ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮਾਹਿਰਾਂ ਅਨੁਸਾਰ ਮੀਂਹ ਤੋਂ ਬਾਅਦ ਹਵਾ ਦੀ ਗੁਣਵੱਤਾ ਸੂਚਕਾਂਕ ਦਾ ਪੱਧਰ ਵੀ ਸੁਧਰ ਸਕਦਾ ਹੈ, ਕਿਉਂਕਿ ਇਹ ਹਵਾ ਵਿੱਚ ਮੌਜੂਦ ਧੂੜ ਦੇ ਬਾਰੀਕ ਕਣਾਂ ਨੂੰ ਸਾਫ਼ ਕਰ ਦੇਵੇਗਾ। ਮੀਂਹ ਤੋਂ ਬਾਅਦ ਸਾਰੇ ਜ਼ਿਲ੍ਹਿਆਂ ਵਿੱਚ ਠੰਢ ਵਧੇਗੀ।


ਉਧਰ, ਪੰਜਾਬ ਪੁਲਿਸ ਨੇ ਵੀ ਅਲਰਟ ਜਾਰੀ ਕੀਤਾ ਹੈ। ਧੁੰਦ ਤੇ ਕੋਹਰੇ ਨੂੰ ਵੇਖਦਿਆਂ ਪੰਜਾਬ ਪੁਲਿਸ ਨੇ ਸੜਕਾਂ ਉੱਪਰ ਗੱਡੀਆਂ ਸਾਵਧਾਨੀ ਨਾਲ ਚਲਾਉਣ ਲਈ ਸਲਾਹ ਦਿੱਤੀ ਹੈ। ਪੁਲਿਸ ਨੇ ਟਵੀਟ ਕਰਕੇ ਕਿਹਾ ਹੈ ਕਿ ਜਿਵੇਂ ਕਿ ਸੜਕਾਂ 'ਤੇ ਧੁੰਦ ਦੀ ਚਾਦਰ ਪੱਸਰੀ ਹੋਈ ਹੈ, ਵਾਧੂ ਸਾਵਧਾਨੀ ਨਾਲ ਸਿੰਗਲ-ਲੇਨ ਸੜਕਾਂ 'ਤੇ ਨੈਵੀਗੇਟ ਕਰੋ। ਤੁਹਾਡੀ ਸਾਵਧਾਨ ਡਰਾਈਵਿੰਗ ਹਰ ਕਿਸੇ ਲਈ ਇੱਕ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਂਦੀ ਹੈ। #DriveSafe #FogSafety









ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਸੋਮਵਾਰ ਨੂੰ ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 24.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ 'ਚ 22.4 ਡਿਗਰੀ, ਲੁਧਿਆਣਾ 'ਚ 21.0, ਪਟਿਆਲਾ 'ਚ 20.6, ਪਠਾਨਕੋਟ 'ਚ 24.6, ਬਠਿੰਡਾ 'ਚ 22.2, ਗੁਰਦਾਸਪੁਰ 'ਚ 22.0, ਬਰਨਾਲਾ 'ਚ 21.3, ਮੋਗਾ 'ਚ 21.3, ਜਲੰਧਰ 'ਚ 20.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗੁਰਦਾਸਪੁਰ ਵਿੱਚ ਸਭ ਤੋਂ ਘੱਟ ਤਾਪਮਾਨ 11.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।