Weather Report: ਪੰਜਾਬ ਵਿੱਚ ਮੁੜ ਹੜ੍ਹਾਂ ਦਾ ਖਤਰਾ ਵਧ ਸਕਦਾ ਹੈ ਕਿਉਂਕਿ ਅਗਲੇ ਦਿਨੀਂ ਹਿਮਾਚਲ ਪ੍ਰਦੇਸ਼ ਵਿੱਚ ਮੁੜ ਬਾਰਸ਼ ਹੋਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਲਈ ਯੈਲੋ ਅਲਰਟ ਜਾਰੀ ਕਰਦਿਆਂ ਸੂਬੇ ਵਿੱਚ 20 ਤੇ 21 ਅਗਸਤ ਨੂੰ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਤੇ 22 ਤੇ 23 ਅਗਸਤ ਨੂੰ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। 


ਮੌਸਮ ਵਿਭਾਗ ਨੇ ਸ਼ਿਮਲਾ, ਸਿਰਮੌਰ ਤੇ ਚੰਬਾ ਜ਼ਿਲ੍ਹਿਆਂ ’ਚ ਹੜ੍ਹ ਆਉਣ ਦਾ ਖਦਸ਼ਾ ਵੀ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਾਰਨ ਸੂਬੇ ਵਿੱਚ ਢਿੱਗਾਂ ਖਿਸਕਣ ਦੀਆਂ ਘਟਨਾਵਾਂ ਵੀ ਵਾਪਰ ਸਕਦੀਆਂ ਹਨ। ਦੱਸ ਦਈਏ ਕਿ ਪਿਛਲੇ ਦਿਨੀਂ ਹਿਮਾਚਲ ਵਿੱਚ ਪਈ ਬਾਰਸ਼ ਨੇ ਪੰਜਾਬ ਵਿੱਚ ਵੀ ਕਹਿਰ ਮਚਾਇਆ ਹੈ। ਹਿਮਾਚਲ ਵਿੱਚ ਬਾਰਸ਼ ਕਰਕੇ ਘੱਗਰ, ਸੱਤਲੁਜ ਤੇ ਬਿਆਸ ਦਰਿਆਵਾਂ ਵਿੱਚ ਪਾਣੀ ਦੀ ਪੱਧਰ ਕਾਫੀ ਵਧਿਆ ਹੋਇਆ ਹੈ।



ਦੱਸ ਦਈਏ ਕਿ ਹਿਮਾਚਲ ਵਿੱਚ ਹੋਈ ਬਾਰਸ਼ ਕਰਕੇ ਪੰਜਾਬ ’ਚ ਭਾਖੜਾ ਡੈਮ ’ਚ ਪਾਣੀ ਤੇਜ਼ੀ ਨਾਲ ਖਤਰੇ ਦੇ ਨਿਸ਼ਾਨ ਵੱਲ ਵੱਧ ਰਿਹਾ ਹੈ ਜਦਕਿ ਪੌਂਗ ਡੈਮ ਵਿੱਚ ਪਾਣੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਗ ਰਿਹਾ ਹੈ। ਇਸੇ ਕਰਕੇ ਦੋਵਾਂ ਡੈਮਾਂ ਵਿੱਚੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਕਰ ਕੇ ਭਾਖੜਾ ਤੇ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ। 


ਹਾਸਲ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1674.42 ਫੁੱਟ ਦਰਜ ਕੀਤਾ ਗਿਆ ਜਦਕਿ ਖਤਰੇ ਦਾ ਨਿਸ਼ਾਨ 1680 ਫੁੱਟ ’ਤੇ ਹੈ। ਇਸ ਸਮੇਂ ਭਾਖੜਾ ਡੈਮ ਵਿੱਚ 39,445 ਕਿਊਸਿਕ ਪਾਣੀ ਵਗ ਰਿਹਾ ਸੀ ਤੇ 67448 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ। ਇਸੇ ਤਰ੍ਹਾਂ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1392.39 ਫੁੱਟ ਦਰਜ ਕੀਤਾ ਗਿਆ, ਜਦਕਿ ਖਤਰੇ ਦਾ ਨਿਸ਼ਾਨ 1390 ਫੁੱਟ ’ਤੇ ਹੈ। 



ਇਸ ਸਮੇਂ ਪੌਂਗ ਡੈਮ ਵਿੱਚ ਪਾਣੀ 33,081 ਕਿਊਸਿਕ ਪਾਣੀ ਵਗ ਰਿਹਾ ਸੀ, ਜਦਕਿ 78,275 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ। ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 521.49 ਫੁੱਟ ਦਰਜ ਕੀਤਾ ਗਿਆ। ਇੱਥੇ 11,792 ਕਿਊਸਿਕ ਪਾਣੀ ਵਗ ਰਿਹਾ ਸੀ ਤੇ 19,854 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।