Punjab Weather: ਇੱਕ ਹਫ਼ਤੇ ਤੋਂ ਵੱਧ ਸਮੇਂ ਤੋਂ ਸੁੱਕੀ ਠੰਢ ਦਾ ਸਾਹਮਣਾ ਕਰ ਰਹੇ ਪੰਜਾਬ ਵਿੱਚ ਬੁੱਧਵਾਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਬੁੱਧਵਾਰ ਅਤੇ ਵੀਰਵਾਰ ਨੂੰ ਪੂਰੇ ਪੰਜਾਬ 'ਚ ਮੀਂਹ ਪੈਣ ਦੀ ਸੰਭਾਵਨਾ ਹੈ ਜਦਕਿ ਵੀਰਵਾਰ ਨੂੰ ਹਰਿਆਣਾ 'ਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਮੰਗਲਵਾਰ ਨੂੰ ਦਿਨ ਭਰ ਪੰਜਾਬ ਅਤੇ ਹਰਿਆਣਾ ਨੂੰ ਧੁੰਦ ਅਤੇ ਸੰਘਣੀ ਧੁੰਦ ਨੇ ਘੇਰ ਲਿਆ, ਜਿਸ ਕਾਰਨ ਕਈ ਸ਼ਹਿਰਾਂ ਦਾ ਤਾਪਮਾਨ ਆਮ ਨਾਲੋਂ ਹੇਠਾਂ ਰਿਹਾ। ਪੰਜਾਬ ਦੇ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 2.4 ਅਤੇ ਹਰਿਆਣਾ ਦੇ ਭਿਵਾਨੀ ਵਿੱਚ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ਦੀ ਨੰਗਲ ਸਬ-ਡਿਵੀਜ਼ਨ ਵਿੱਚ ਪਈ ਸੰਘਣੀ ਧੁੰਦ ਨੇ ਪੂਰੇ ਖੇਤਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਹਾਲਾਤ ਅਜਿਹੇ ਸਨ ਕਿ ਰਾਤ ਦੇ 12 ਵਜੇ ਤੱਕ ਵੀ ਸੜਕ 'ਤੇ ਸੈਰ ਕਰਦੇ ਸਮੇਂ ਕੁਝ ਨਜ਼ਰ ਨਹੀਂ ਆ ਰਿਹਾ ਸੀ। ਸੜਕ 'ਤੇ ਵਾਹਨ ਚਲਾਉਣ ਸਮੇਂ ਵਾਹਨ ਚਾਲਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਕਾਰਨ ਦਿਨ ਵੇਲੇ ਹੀ ਵਾਹਨਾਂ ਦੀਆਂ ਹੈੱਡ ਲਾਈਟਾਂ ਜਗਾਉਣੀਆਂ ਪਈਆਂ।
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਬੁੱਧਵਾਰ ਤੋਂ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਕਾਰਨ ਲੋਕਾਂ ਨੂੰ ਸੁੱਕੀ ਠੰਢ ਤੋਂ ਰਾਹਤ ਮਿਲ ਸਕਦੀ ਹੈ। ਇਸ ਦੌਰਾਨ ਪੂਰੇ ਪੰਜਾਬ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਸਥਾਨਾਂ 'ਤੇ ਠੰਡ ਸੀ, ਜਦੋਂ ਕਿ ਸਵੇਰੇ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਸੀ।
ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 2.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਘੱਟ ਹੈ। ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 9.2 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਟਿਆਲਾ 'ਚ ਘੱਟੋ-ਘੱਟ ਤਾਪਮਾਨ 7.9 ਡਿਗਰੀ, ਪਠਾਨਕੋਟ 'ਚ 10.4, ਫਰੀਦਕੋਟ 'ਚ 6 ਅਤੇ ਗੁਰਦਾਸਪੁਰ 'ਚ 6.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਹਰਿਆਣਾ ਦੇ ਭਿਵਾਨੀ 'ਚ ਘੱਟੋ-ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਬਾਲਾ ਵਿੱਚ 8.2 ਡਿਗਰੀ, ਹਿਸਾਰ ਵਿੱਚ 4.3, ਕਰਨਾਲ ਵਿੱਚ 8.5, ਨਾਰਨੌਲ ਵਿੱਚ 5, ਰੋਹਤਕ ਵਿੱਚ 7.2 ਅਤੇ ਸਿਰਸਾ ਵਿੱਚ 4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਜਦਕਿ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।