Chandigarh Weather Update: ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਤਿੰਨ-ਚਾਰ ਦਿਨਾਂ ਦੀ ਰਾਹਤ ਮਗਰੋਂ ਗਰਮੀ ਨੇ ਮੁੜ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਗਰਮੀ ਵਧਣ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਵੀ ਵਧਣੀਆਂ ਸ਼ੁਰੂ ਹੋ ਗਈਆਂ ਹਨ। ਮੌਸਮ ਵਿਭਾਗ ਨੇ ਪੂਰਾ ਹਫ਼ਤਾ ਗਰਮੀ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 10, 11, 12 ਤੇ 13 ਜੂਨ ਤੱਕ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਹੈ।


ਉਧਰ, ਮੌਸਮ ਵਿਗਿਆਨੀਆਂ ਵੱਲੋਂ ਵੀ ਗਰਮੀ ਵਧਣ ਕਰਕੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਗਰਮੀ ਵਿੱਚ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਘਰੋਂ ਬਾਹਰ ਘੱਟ ਨਿਕਲਿਆ ਜਾਵੇ। ਇਸ ਤੋਂ ਇਲਾਵਾ ਵਾਰ-ਵਾਰ ਪਾਣੀ ਪੀਣ ਦੀ ਸਲਾਹ ਦਿੱਤੀ ਗਈ ਹੈ।


ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 42.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 3.3 ਡਿਗਰੀ ਸੈਲਸੀਅਸ ਵੱਧ ਸੀ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 26.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਦੇ ਬਰਾਬਰ ਹੀ ਰਿਹਾ। 


ਦੱਸ ਦਈਏ ਕਿ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਤਾਪਮਾਨ 46 ਤੋਂ 47 ਡਿਗਰੀ ਸੈਲਸੀਅਸ ਦੇ ਕਰੀਬ ਪਹੁੰਚ ਗਿਆ ਸੀ ਜਿਸ ਕਰਕੇ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਸੀ। ਉਸ ਤੋਂ ਬਾਅਦ ਪਿਛਲੇ ਤਿੰਨ-ਚਾਰ ਦਿਨ ਮੌਸਮ ਵਿੱਚ ਵੈਸਟਰਨ ਡਿਸਟਰਬੈਂਸ ਦੇ ਚੱਲਦਿਆਂ ਲੋਕਾਂ ਨੇ ਅਤਿ ਦੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਸੀ। 


ਇਸ ਦੌਰਾਨ ਤਾਪਮਾਨ 40 ਡਿਗਰੀ ਸੈਲਸੀਅਸ ਦੇ ਕਰੀਬ ਦਰਜ ਕੀਤਾ ਗਿਆ ਜੋ ਆਮ ਨਾਲੋਂ 2 ਤੋਂ 3 ਡਿਗਰੀ ਸੈਲਸੀਅਸ ਘੱਟ ਸੀ ਪਰ ਹੁਣ ਮੁੜ ਤੋਂ ਗਰਮੀ ਨੇ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਐਤਵਾਰ ਨੂੰ ਛੁੱਟੀ ਹੋਣ ਦੇ ਬਾਵਜੂਦ ਗਰਮੀ ਕਰਕੇ ਸ਼ਹਿਰ ਦੀਆਂ ਸੜਕਾਂ ’ਤੇ ਦੁਪਹਿਰੇ ਸੁੰਨ ਪੱਸਰੀ ਰਹੀ ਤੇ ਬਾਜ਼ਾਰ ਵੀ ਖਾਲੀ ਰਹੇ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।