Weather Update: ਪੰਜਾਬ ਵਿੱਚ ਮੌਸਮ ਮੁੜ ਕਹਿਰ ਢਾਏਗਾ। ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੂਰੇ ਪੰਜਾਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਹ ਮੌਸਮ ਅਗਲੇ ਕੁਝ ਦਿਨਾਂ ਤੱਕ ਬਣੇ ਰਹਿਣ ਦੀ ਸੰਭਾਵਨਾ ਹੈ। ਜੇਕਰ ਮੀਂਹ ਤੇ ਤੇਜ਼ ਹਨੇਰੀ ਆਉਂਦੀ ਹੈ ਤਾਂ ਖੇਤਾਂ ਵਿੱਚ ਖੜ੍ਹੀ ਫ਼ਸਲ ਦੇ ਨਾਲ-ਨਾਲ ਇਸ ਦਾ ਅਸਰ ਮੰਡੀਆਂ ਵਿੱਚ ਪਈ ਕਣਕ 'ਤੇ ਵੀ ਦੇਖਣ ਨੂੰ ਮਿਲੇਗਾ।


ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਮਾਲਵਾ ਖੇਤਰ ਦੇ 6 ਜ਼ਿਲ੍ਹਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਘੰਟਿਆਂ ਦੌਰਾਨ ਜਲੰਧਰ, ਨਵਾਂ ਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਕਪੂਰਥਲਾ, ਹੁਸ਼ਿਆਰਪੁਰ, ਪਟਿਆਲਾ ਤੇ ਐਸਏਐਸ ਨਗਰ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਕਾਰਨ ਪੰਜਾਬ ਤੋਂ ਇਲਾਵਾ ਉੱਤਰੀ ਭਾਰਤ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 


ਪੱਛਮੀ ਗੜਬੜੀ ਕਾਰਨ ਪੰਜਾਬ 'ਚ ਤੇਜ਼ ਹਵਾਵਾਂ ਤੇ ਤੂਫਾਨ ਆਉਣ ਦੀ ਸੰਭਾਵਨਾ ਹੈ। ਇਨ੍ਹਾਂ ਦੀ ਰਫ਼ਤਾਰ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਹੋ ਸਕਦੀ ਹੈ। ਇਸ ਕਾਰਨ ਕੱਚੇ ਮਕਾਨਾਂ ਤੇ ਟੁੱਟੀਆਂ ਇਮਾਰਤਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਸ ਦੇ ਨਾਲ ਹੀ ਪੁਰਾਣੇ ਦਰੱਖਤ ਵੀ ਡਿੱਗ ਸਕਦੇ ਹਨ। ਇਸ ਕਾਰਨ ਲੋਕਾਂ ਨੂੰ ਖਰਾਬ ਮੌਸਮ ਵਿੱਚ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਹਦਾਇਤ ਵੀ ਕੀਤੀ ਗਈ ਹੈ।



ਮੌਸਮ ਵਿਭਾਗ ਵੱਲੋਂ ਅੱਜ 2 ਮਈ ਤੇ 3 ਮਈ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਕਾਰਨ ਖੇਤਾਂ ਵਿੱਚ ਖੜ੍ਹੀ ਫਸਲ ਤੇ ਮੰਡੀਆਂ ਵਿੱਚ ਵਿਕਣ ਲਈ ਰੱਖੀ ਕਣਕ ਦਾ ਨੁਕਸਾਨ ਹੋ ਸਕਦਾ ਹੈ। ਕਿਸਾਨਾਂ ਦਾ ਪਹਿਲਾਂ ਹੀ ਭਾਰੀ ਨੁਕਸਾਨ ਹੋਇਆ ਹੈ। ਹੁਣ ਜੇਕਰ ਬਾਰਸ਼ ਕਾਰਨ ਮੰਡੀਆਂ 'ਚ ਰੱਖੀ ਕਣਕ 'ਚ ਨਮੀ ਵਧਦੀ ਹੈ ਤਾਂ ਇਸ ਦਾ ਅਸਰ ਖਰੀਦ 'ਤੇ ਵੀ ਦੇਖਣ ਨੂੰ ਮਿਲੇਗਾ।


ਦੱਸ ਦਈਏ ਕਿ ਮਈ ਵਿੱਚ ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਦੇ ਨੇੜੇ ਪਹੁੰਚ ਜਾਂਦਾ ਹੈ ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਦੇ ਨੇੜੇ ਦਰਜ ਕੀਤਾ ਜਾਂਦਾ ਹੈ, ਪਰ ਬੇਮੌਸਮੀ ਬਰਸਾਤ ਕਾਰਨ ਲੁਧਿਆਣਾ, ਫਰੀਦਕੋਟ ਤੇ ਪਟਿਆਲਾ ਨੂੰ ਛੱਡ ਕੇ ਬਾਕੀ ਸਾਰੇ ਸ਼ਹਿਰਾਂ ਦਾ ਤਾਪਮਾਨ 20 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਤੋਂ ਘੱਟ ਬਣਿਆ ਹੋਇਆ ਹੈ।