(Source: ECI/ABP News/ABP Majha)
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
ਪੰਜਾਬ ਵਿਚ ਪੰਜ ਤੋਂ 11 ਜੁਲਾਈ ਤੱਕ ਜਲਥਲ ਹੋਏਗਾ। ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ 5 ਤੋਂ 11 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ
Punjab Weather Update: ਪੰਜਾਬ ਵਿਚ ਪੰਜ ਤੋਂ 11 ਜੁਲਾਈ ਤੱਕ ਜਲਥਲ ਹੋਏਗਾ। ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ 5 ਤੋਂ 11 ਜੁਲਾਈ ਤੱਕ ਰੋਜ਼ਾਨਾ 5 ਤੋਂ 10 ਮਿਲੀਮੀਟਰ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਅੰਮ੍ਰਿਤਸਰ ਤੋਂ ਇਲਾਵਾ ਗੁਰਦਾਸਪੁਰ, ਲੁਧਿਆਣਾ, ਮੋਹਾਲੀ, ਫਤਹਿਗੜ੍ਹ ਸਾਹਿਬ, ਖਰੜ, ਅਬੋਹਰ ਤੇ ਮਾਨਸਾ ਦੇ ਨਾਲ ਲੱਗਦੇ ਕੁਝ ਇਲਾਕਿਆਂ 'ਚ ਰੋਜ਼ਾਨਾ 10 ਤੋਂ 15 ਮਿਲੀਮੀਟਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ।
ਹਾਲਾਂਕਿ ਮੌਸਮ ਵਿਭਾਗ ਨੇ 5-6 ਜੁਲਾਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਤੇ ਉਸ ਤੋਂ ਬਾਅਦ ਸਥਿਤੀ ਆਮ ਵਾਂਗ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ ਪਰ ਅਗਲੇ ਦਿਨੀਂ ਮਾਨਸੂਨ ਦਾ ਅਸਰ ਸੂਬੇ ਵਿੱਚ ਵੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਪੰਜਾਬ ਵਿੱਚ ਮਾਨਸੂਨ ਦੇ ਸਰਗਰਮ ਹੋਣ ਤੋਂ ਬਾਅਦ ਹੋਈ ਬਾਰਸ਼ ਕਾਰਨ ਔਸਤ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ।
ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦਾ ਤਾਪਮਾਨ 1.8 ਡਿਗਰੀ ਹੇਠਾਂ ਦਰਜ ਕੀਤਾ ਗਿਆ। ਇਸ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਰਹਿਣ ਦਾ ਅਨੁਮਾਨ ਹੈ। ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ ਮੁਹਾਲੀ ਤੇ ਫਤਿਹਗੜ੍ਹ ਸਾਹਿਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਹੈ, ਪਰ ਸਥਿਤੀ ਆਮ ਵਾਂਗ ਰਹੇਗੀ।
ਦੱਸ ਦਈਏ ਕਿ ਪੰਜਾਬ 'ਚ ਮਾਨਸੂਨ ਦੇ ਸਰਗਰਮ ਹੋਣ ਤੋਂ ਬਾਅਦ ਸੂਬਾ ਘੱਟ ਬਾਰਸ਼ ਦੀ ਸਥਿਤੀ ਤੋਂ ਉਭਰਿਆ ਹੈ। ਵੀਰਵਾਰ ਨੂੰ ਸੂਬੇ 'ਚ ਔਸਤਨ 14.8 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ। ਪਿਛਲੇ 4 ਦਿਨਾਂ ਦੀ ਗੱਲ ਕਰੀਏ ਤਾਂ ਸੂਬੇ 'ਚ 22.8 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ ਲਗਪਗ 45 ਫੀਸਦੀ ਜ਼ਿਆਦਾ ਹੈ। ਇਸ ਦੇ ਨਾਲ ਹੀ ਅੱਜ ਵੀ ਚੰਗੀ ਬਾਰਸ਼ ਹੋਣ ਦੀ ਉਮੀਦ ਹੈ।
ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਵੀਰਵਾਰ ਨੂੰ ਅੰਮ੍ਰਿਤਸਰ ਵਿੱਚ 5.4 ਮਿਲੀਮੀਟਰ, ਲੁਧਿਆਣਾ ਵਿੱਚ 47.6, ਪਟਿਆਲਾ ਵਿੱਚ 1.2, ਫਰੀਦਕੋਟ ਵਿੱਚ 3.2, ਗੁਰਦਾਸਪੁਰ ਵਿੱਚ 31.4, ਐਸਬੀਐਸ ਨਗਰ ਵਿੱਚ 33.1, ਬਰਨਾਲਾ ਵਿੱਚ 35.5, ਮੁਹਾਲੀ ਵਿੱਚ 24, ਪਠਾਨਕੋਟ ਵਿੱਚ 7, ਰੋਪੜ ਵਿੱਚ 18 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।