Punjab News: ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਲੋਕਾਂ ਨੂੰ ਬਿਜਲੀ ਦੇ ਜ਼ੀਰੋ ਬਿੱਲ ਆਉਣ ਲੱਗੇ ਹਨ। ਉਨ੍ਹਾਂ ਨੇ ਟਵੀਟ ਕੀਤਾ, ਸ਼ਾਨਦਾਰ ਖਬਰ! ਪੰਜਾਬੀਆਂ ਨੂੰ ਇਸ ਮਹੀਨੇ ਬਿਜਲੀ ਦੇ ਜ਼ੀਰੋ ਬਿੱਲ ਮਿਲਣੇ ਸ਼ੁਰੂ ਹੋ ਗਏ ਹਨ। ਅਰਵਿੰਦ ਕੇਜਰੀਵਾਲ ਜੀ ਨੇ ਚੋਣਾਂ ਤੋਂ ਪਹਿਲਾਂ ਜੋ ਵਾਅਦਾ ਕੀਤਾ ਸੀ, ਭਗਵੰਤ ਮਾਨ ਸਰਕਾਰ ਨੇ 6 ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਪੂਰਾ ਕਰ ਦਿੱਤਾ। ਜੋ ਕਿਹਾ ਉਹ ਕੀਤਾ!
ਦੱਸ ਦੇਈਏ ਅੱਜ ਪੰਜਾਬ ਸਰਕਾਰ ਵੱਲੋਂ ਨੌਂ ਹੋਰ ਵਿਭਾਗਾਂ ਦੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਮੰਗਲ ਸਿੰਘ ਨੂੰ ਪੰਜਾਬ ਖੇਤੀਬਾੜੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦਾ ਚੇਅਰਮੈਨ ਲਾਇਆ ਗਿਆ ਹੈ। ਇਸ ਸਮੇਂ ਮੰਗਲ ਸਿੰਘ ‘ਆਪ’ ਲਈ ਲੋਕ ਸਭਾ ਹਲਕਾ ਜਲੰਧਰ ਦੇ ਇੰਚਾਰਜ ਵਜੋਂ ਜ਼ਿੰਮੇਵਾਰੀ ਨਿਭਾ ਰਹੇ ਹਨ। ਇਸ ਤੋਂ ਇਲਾਵਾ ਡਾ. ਸੁਖਪਾਲ ਸਿੰਘ ਨੂੰ ਪੰਜਾਬ ਰਾਜ ਕਿਸਾਨ ਕਮਿਸ਼ਨ, ਅਮਨਦੀਪ ਮੋਹੀ ਨੂੰ ਮਾਰਕਫੈੱਡ, ਬਲਦੇਵ ਸਿੰਘ ਨੂੰ ਪਨਗਰੇਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਗੋਲਡੀ ਖਰੜ ਨੂੰ ਪੰਜਾਬ ਨੌਜਵਾਨ ਵਿਕਾਸ ਬੋਰਡ, ਜਗਦੀਪ ਸਿੰਘ ਸੰਧੂ ਨੂੰ ਪੰਜਾਬ ਐਗਰੋ ਫੂਡਗਰੇਨ ਕਾਰਪੋਰੇਸ਼ਨ ਲਿਮਟਿਡ, ਸ਼ਮਿੰਦਰ ਖਿੰਡਾ ਨੂੰ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ, ਦਲਬੀਰ ਸਿੰਘ ਢਿੱਲੋਂ ਨੂੰ ਪੰਜਾਬ ਸਮਾਲ ਸਕੇਲ ਉਦਯੋਗ ਕਾਰਪੋਰੇਸ਼ਨ ਤੇ ਨਵਜੋਤ ਜਰਗ ਨੂੰ ਜੰਗਲਾਤ ਵਿਕਾਸ ਕਾਰਪੋਰੋਸ਼ਨ ਦਾ ਚੇਅਰਮੈਨ ਲਾਇਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ 14 ਚੇਅਰਮੈਨ ਨਿਯੁਕਤ ਕੀਤੇ ਗਏ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਸੀ ਕਿ ਰੰਗਲਾ ਤੇ ਖੁਸ਼ਹਾਲ ਬਣਾਉਣ ਲਈ ਟੀਮ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਤੇ ਅਹਿਮ ਤੇ ਨਵੀਂਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਨਿਯੁਕਤ ਕੀਤੇ ਗਏ ਚੇਅਰਮੈਨਾਂ ਨੂੰ ਮੁਬਾਰਕਾਂ ਦਿੱਤੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।