ਕੈਪਟਨ ਹੱਥ ਕਮਲ ਫੜਾ ਬੀਜੇਪੀ ਲਾਉਣਾ ਚਾਹੁੰਦੀ ਇੱਕ ਤੀਰ ਨਾਲ ਕਈ ਨਿਸ਼ਾਨੇ, ਆਖਰ ਨਰੇਂਦਰ ਤੋਮਰ ਨੂੰ ਕਿਉਂ ਸੌਂਪੀ ਕੈਪਟਨ ਨੂੰ 'ਜੀ ਆਇਆਂ' ਕਹਿਣ ਦੀ ਜ਼ਿੰਮੇਵਾਰੀ?
ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦੀ ਜ਼ਿੰਮੇਵਾਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੂੰ ਸੌਂਪੀ ਗਈ ਸੀ। ਤੋਮਰ ਨੇ ਹੀ ਖੇਤੀ ਕਾਨੂੰਨਾਂ ਦੀ ਸਭ ਤੋਂ ਵੱਧ ਪੈਰਵਾਈ ਕੀਤੀ ਸੀ ਜਿਸ ਕਰਕੇ ਪੰਜਾਬ 'ਚ ਬੀਜੇਪੀ ਲਈ ਰੋਸ ਵਧਿਆ ਸੀ।
ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ(captain amarinder singh) ਦੇ ਹੱਥ ਕਮਲ ਫੜਾ ਕੇ ਬੀਜੇਪੀ ਇੱਕ ਤੀਰ ਨਾਲ ਕਈ ਨਿਸ਼ਾਨੇ ਫੁੰਡਣਾ ਚਾਹੁੰਦੀ ਹੈ। ਇੱਕ ਪਾਸੇ ਬੀਜੇਪੀ ਨੇ ਕੈਪਟਨ ਤੇ ਉਸ ਦੇ ਖੇਮੇ ਦੇ ਲੀਡਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਕਾਂਗਰਸ ਨੂੰ ਸੱਟ ਮਾਰਨ ਦੀ ਕੋਸ਼ਿਸ਼ ਕੀਤੀ ਹੈ ਤੇ ਦੂਜੇ ਪਾਸੇ ਮਜਬੂਤ ਸਿੱਖ ਚਿਹਰਾ ਸਾਹਮਣੇ ਲਿਆ ਕੇ ਘੱਟ-ਗਿਣਤੀਆਂ ਨਾਲ ਵਿਤਕਰੇ ਦੇ ਇਲਜ਼ਾਮਾਂ ਨੂੰ ਵੀ ਖੁੰਡਾ ਕਰਨ ਦਾ ਯਤਨ ਕੀਤਾ ਹੈ। ਇਸ ਦੇ ਨਾਲ ਹੀ ਬੀਜੇਪੀ ਨੇ ਕਿਸਾਨ ਵਿਰੋਧੀ ਇਲਜ਼ਾਮਾਂ ਨੂੰ ਵੀ ਨਾਕਾਰ ਕਰਨ ਦੀ ਕੋਸ਼ਿਸ਼ ਕੀਤਾ ਹੈ।
ਦਰਅਸਲ, ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦੀ ਜ਼ਿੰਮੇਵਾਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ(Narendra Singh Tomar)ਨੂੰ ਸੌਂਪੀ ਗਈ ਸੀ। ਨਰੇਂਦਰ ਤੋਮਰ ਨੇ ਹੀ ਖੇਤੀ ਕਾਨੂੰਨਾਂ ਦੀ ਸਭ ਤੋਂ ਵੱਧ ਪੈਰਵਾਈ ਕੀਤੀ ਸੀ ਜਿਸ ਕਰਕੇ ਪੰਜਾਬ ਅੰਦਰ ਬੀਜੇਪੀ ਲਈ ਰੋਸ ਵਧਿਆ ਸੀ।
ਉਧਰ, ਸੀਨੀਅਰ ਕਾਂਗਰਸੀ ਲੀਡਰ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ(partap singh bajwa) ਨੇ ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਵਿੱਚ ਸ਼ਮੂਲੀਅਤ ਬਾਰੇ ਕਿਹਾ ਕਿ ਜਿਸ ਵਿਅਕਤੀ ਵੱਲੋਂ ਤਿੰਨ ਖੇਤੀ ਕਾਨੂੰਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਤੇ ਜੋ ਪੰਜਾਬ ਦੇ ਕਿਸਾਨਾਂ ਦੀ ਨਫ਼ਰਤ ਦਾ ਪਾਤਰ ਹੈ, ਉਸ ਵਿਅਕਤੀ ਨੂੰ ਭਾਜਪਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਵਿੱਚ ‘ਜੀ ਆਇਆਂ’ ਆਖਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਬਾਜਵਾ ਨੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਦੀ ਤਸਵੀਰ ਸਾਂਝੀ ਕਰਦਿਆਂ ਕਿਹਾ ਕਿ ਭਾਜਪਾ ਅਜਿਹਾ ਕਰਕੇ ਕੀ ਸੁਨੇਹਾ ਦੇਣਾ ਚਾਹੁੰਦੀ ਹੈ।
The man who was instrumental in framing the 3 farm laws & is most hated by farmers of Punjab is given duty by BJP to welcome Amrinder in the party. What signal does BJP want to give? pic.twitter.com/JmRIlGMBtd
— Partap Singh Bajwa (@Partap_Sbajwa) September 19, 2022
ਜ਼ਿਕਰ ਕਰ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Amarinder Singh) ਸੋਮਵਾਰ ਨੂੰ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਨਾਲ ਹੀ ਕੈਪਟਨ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀਐਲਸੀ) ਨੂੰ ਵੀ ਭਾਜਪਾ ਵਿੱਚ ਰਲੇਵਾਂ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ 'ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੈਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦਾ ਧੰਨਵਾਦ ਕਰਦਾ ਹਾਂ। ਹੁਣ ਸਮਾਂ ਆ ਗਿਆ ਹੈ ਕਿ ਦੇਸ਼ ਦੇ ਹਿੱਤਾਂ ਦੀ ਦੇਖਭਾਲ ਕਰਨ ਵਾਲੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਮਾਂ ਆ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਦੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਕਾਂਗਰਸ ਵਿੱਚ ਕਿਸੇ ਵੇਲੇ ਉਨ੍ਹਾਂ ਦੇ ਸਾਥੀ ਰਹੇ ਆਗੂਆਂ ਵੱਲੋਂ ਵਿਰੋਧੀ ਤੀਰ ਸਾਧੇ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਭਾਜਪਾ ਨਾਲ ਗਠਜੋੜ ਹੋਣ ਕਾਰਨ ਕੈਪਟਨ ਨੂੰ ਕਾਫ਼ੀ ਮੁਖ਼ਾਲਫ਼ਤ ਦਾ ਸਾਹਮਣਾ ਕਰਨਾ ਪਿਆ ਸੀ।