CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਲਗਤਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾ ਰਹੇ ਹਨ। ਹੁਣ ਉਨ੍ਹਾਂ ਨੇ ਅਨੰਤਨਾਗ ਵਿੱਚ ਸ਼ਹੀਦ ਹੋਏ ਫੌਜੀ ਜਵਾਨਾਂ ਨੂੰ ਲੈ ਕੇ ਬੀਜੇਪੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਸਵਾਲ ਉਠਾਇਆ ਹੈ ਕਿ ਜਿਸ ਵੇਲੇ ਅਨੰਤਨਾਗ ਵਿੱਚ ਫੌਜੀ ਜਵਾਨ ਸ਼ਹੀਦ ਹੋ ਰਹੇ ਸੀ, ਉਸ ਵੇਲੇ ਪ੍ਰਧਾਨ ਮੰਤਰੀ ਨਰੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਜੀ-20 ਤੋਂ ਬਾਅਦ ਉਸੇ ਸ਼ਾਮ ਜਸ਼ਨ ਮਨਾ ਰਹੇ ਸੀ।



ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਅਨੰਤਨਾਗ ‘ਚ ਇੱਕ ਪਾਸੇ ਸਾਡੇ ਫੌਜ ਦੇ ਜਵਾਨ ਸ਼ਹੀਦ ਹੋਏ ਸਨ…ਪਰ ਦੂਜੇ ਪਾਸੇ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਰੱਖਿਆ ਮੰਤਰੀ G20 ਤੋਂ ਬਾਅਦ ਉਸੇ ਸ਼ਾਮ ਜਸ਼ਨ ਮਨਾ ਰਹੇ ਸੀ…ਸ਼ਰਮ ਆਉਣੀ ਚਾਹੀਦੀ ਹੈ ਅਜਿਹੇ ਦੇਸ਼ ਦੇ ਸੇਵਕਾਂ ਨੂੰ...


 






ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਗੁਆਂਢੀ ਰਾਜਾਂ ਵਿੱਚ ਲਗਾਤਾਰ ਚੋਣ ਰੈਲੀਆਂ ਤੇ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਇਸ ਦੌਰਾਨ ਹੀ ਉਨ੍ਹਾਂ ਨੇ ਇਹ ਇਲਜ਼ਾਮ ਲਾਇਆ। ਮੁੱਖ ਮੰਤਰੀ ਭਗਵੰਤ ਮਾਨ ਮੱਧ ਪ੍ਰਦੇਸ਼ ਦੇ ਦੌਰੇ ਤੋਂ ਪਰਤ ਆਏ ਹਨ। ਅੱਜ ਉਹ ਚੰਡੀਗੜ੍ਹ ਵਿਖੇ ਪੰਜਾਬ ਸਕੱਤਰੇਤ ਵਿੱਚ ਸੂਬੇ ਦੇ ਵੱਖ-ਵੱਖ ਮੁੱਦਿਆਂ 'ਤੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। 


ਇਸ ਤੋਂ ਇਲਾਵਾ ਮੁੱਖ ਮੰਤਰੀ ਅਨੰਤਨਾਗ ਵਿੱਚ ਸ਼ਹੀਦ ਹੋਏ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਵਾਸੀ ਮੁੱਲਾਂਪੁਰ, ਮੁਹਾਲੀ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮਿਲ ਸਕਦੇ ਹਨ। ਸੀਐਮ ਮਾਨ ਪਿਛਲੇ ਕੁਝ ਦਿਨਾਂ ਤੋਂ ਰੈਲੀਆਂ ਤੇ ਹੋਰ ਸਮਾਗਮਾਂ ਵਿੱਚ ਰੁੱਝੇ ਹੋਏ ਹਨ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਸ਼ਹੀਦ ਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਵੀ ਦੇਵੇਗੀ। ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਚੈੱਕ ਸੌਂਪਣਗੇ। ਦੱਸ ਦਈਏ ਕਿ 13 ਸਤੰਬਰ ਨੂੰ ਨਿਊ ਚੰਡੀਗੜ੍ਹ ਦੇ ਕਰਨਲ ਮਨਪ੍ਰੀਤ ਸਿੰਘ ਅੱਤਵਾਦੀਆਂ ਨਾਲ ਮੁਕਾਬਲੇ 'ਚ ਸ਼ਹੀਦ ਹੋ ਗਏ ਸਨ।