ਮੁਹਾਲੀ: ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਮੰਗਲਵਾਰ ਨੂੰ ਇੱਥੋਂ ਦੇ ਫੇਜ਼-8 ਸਥਿਤ ਸਿੱਖਿਆ ਭਵਨ ਵਿੱਚ ਡੀਪੀਈ (ਕਾਲਜਾਂ) ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਕੈਬਨਿਟ ਮੰਤਰੀ ਨੇ ਖ਼ੁਦ ਮੁੱਖ ਦਫ਼ਤਰ ਦੀਆਂ ਵੱਖ-ਵੱਖ ਬਰਾਂਚਾਂ ਦਾ ਦੌਰਾ ਕਰਕੇ ਦਫ਼ਤਰੀ ਕੰਮਾਂ ਬਾਰੇ ਮੁੱਢਲੀ ਜਾਣਕਾਰੀ ਹਾਸਲ ਕੀਤੀ ਤੇ ਵੱਖ-ਵੱਖ ਸੀਟਾਂ ’ਤੇ ਕੀਤੇ ਜਾਂਦੇ ਕੰਮਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਵੀ ਮੌਜੂਦ ਸਨ। ਉਨ੍ਹਾਂ ਸਿੱਖਿਆ ਭਵਨ ਵਿੱਚ ਤਾਇਨਾਤ ਦਫ਼ਤਰੀ ਸਟਾਫ਼ ਦਾ ਹਾਜ਼ਰੀ ਰਜਿਸਟਰ ਵੀ ਚੈੱਕ ਕੀਤਾ ਤੇ ਗੈਰਹਾਜ਼ਰ ਮੁਲਾਜ਼ਮਾਂ ਨੂੰ ਤਾੜਨਾ ਕੀਤੀ।  


ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਮੁੱਖ ਦਫ਼ਤਰ ਨਾਲ ਸਬੰਧਤ ਕੰਮ ਅਕਸਰ ਲਟਕ ਜਾਂਦੇ ਹਨ। ਇਸ ਦਾ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਕਿਹਾ ਕਿ ਜੇ ਕੋਈ ਵੀ ਦਫ਼ਤਰੀ ਕੰਮ ਲੰਬਿਤ ਰੱਖਿਆ ਗਿਆ ਤਾਂ ਸਬੰਧਤ ਕਰਮਚਾਰੀ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਦਫ਼ਤਰਾਂ ਵਿੱਚ ਤੈਅ ਸਮੇਂ ਅੰਦਰ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ ਤਾਂ ਜੋ ਕਿਸੇ ਵਿਅਕਤੀ ਨੂੰ ਆਪਣੇ ਕੰਮਾਂ ਲਈ ਮੁੱਖ ਦਫ਼ਤਰ ਵਿੱਚ ਖੱਜਲ-ਖੁਆਰ ਨਾ ਹੋਣਾ ਪਵੇ। 


ਸਿੱਖਿਆ ਮੰਤਰੀ ਨੇ ਦਫ਼ਤਰੀ ਸਟਾਫ਼ ਨੂੰ ਕਿਹਾ ਕਿ ਆਮ ਲੋਕਾਂ ਨੂੰ ਕਿਸੇ ਵੀ ਕੰਮ ਵਿੱਚ ਦਿੱਕਤ ਨਹੀਂ ਆਉਣੀ ਚਾਹੀਦੀ ਤੇ ਪਾਰਦਰਸ਼ਤਾ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣਾ ਯਕੀਨੀ ਬਣਾਇਆ ਜਾਵੇ। ਅਨੁਸ਼ਾਸਨਹੀਣਤਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।


ਇਸੇ ਦੌਰਾਨ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਐਜੂਸੈੱਟ ਰਾਹੀਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਚੰਗੀ ਸਿਹਤ ਤੇ ਵਾਤਾਵਰਨ ਦੀ ਸੰਭਾਲ ਲਈ ਪਟਾਕਿਆਂ ਦੀ ਵਰਤੋਂ ਨਾ ਕਰਦਿਆਂ ‘ਗਰੀਨ ਦੀਵਾਲੀ’ ਮਨਾਉਣ ਦਾ ਸੱਦਾ ਦਿੱਤਾ। ਇਸ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਮਿੱਥੇ ਟੀਚਿਆਂ ਦੀ ਪ੍ਰਾਪਤੀ ਲਈ  ਸਖ਼ਤ ਮਿਹਨਤ ਕਰਨ ਤੇ ਦ੍ਰਿੜ ਇਰਾਦਾ ਰੱਖਣ ਲਈ ਪ੍ਰੇਰਿਆ।


ਇਹ ਵੀ ਪੜ੍ਹੋ: Viral News: ਐਥਲੀਟ ਦੀ ਮੌਤ ਦੇ 15 ਮਹੀਨੇ ਬਾਅਦ ਪਤਨੀ ਨੇ ਦਿੱਤਾ ਬੇਟੀ ਨੂੰ ਜਨਮ! ਇਸ ਤਰ੍ਹਾਂ ਹੋਇਆ ਚਮਤਕਾਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904