ਚੰਡੀਗੜ੍ਹ: ਕਾਂਗਰਸ ਸਰਕਾਰ ਪੰਚਾਇਤੀ ਚੋਣਾਂ ਲਗਾਤਾਰ ਟਾਲ ਰਹੀ ਹੈ। ਹੁਣ ਸਰਕਾਰ ਨੇ ਦਸੰਬਰ ਵਿੱਚ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ ਪਰ ਰਾਖਵਾਂਕਰਨ ਦਾ ਕੰਮ ਅਜੇ ਵੀ ਸਿਰੇ ਨਹੀਂ ਚੜ੍ਹਿਆ। ਸਰਕਾਰ ਦੇ ਦਾਅਵਿਆਂ ਮਗਰੋਂ ਅਫਸਰਾਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ।

ਕਾਬਲੇਗੌਰ ਹੈ ਕਿ ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਚੋਣਾਂ ਭਾਵੇਂ 31 ਦਸੰਬਰ ਤੋਂ ਪਹਿਲਾਂ ਕਰਾਉਣ ਲਈ ਸੂਬਾਈ ਚੋਣ ਕਮਿਸ਼ਨ ਨੂੰ ਲਿਖਤੀ ਸਿਫਾਰਸ਼ ਭੇਜ ਦਿੱਤੀ ਗਈ ਹੈ ਪਰ ਸਰਪੰਚਾਂ ਦੇ ਰਾਖਵੇਂਕਰਨ ਦੀ ਪ੍ਰਕਿਰਿਆ ਅਜੇ ਤੱਕ ਸਿਰੇ ਨਹੀਂ ਚੜ੍ਹੀ।

ਦਰਅਸਲ ਡਿਪਟੀ ਕਮਿਸ਼ਨਰਾਂ ਨੂੰ 5 ਦਸੰਬਰ ਤੱਕ ਰਾਖਵੇਂਕਰਨ ਦੀ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਆਖਿਆ ਗਿਆ ਹੈ। ਇਸ ਤਰ੍ਹਾਂ ਚੋਣ ਕਮਿਸ਼ਨ ਨੂੰ ਰਾਖਵੇਂਕਰਨ ਸਬੰਧੀ ਨੋਟੀਫਿਕੇਸ਼ਨ 6 ਦਸੰਬਰ ਤੱਕ ਭੇਜੇ ਜਾਣਗੇ। ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ 7 ਦਸੰਬਰ ਨੂੰ ਕੀਤੇ ਜਾਣ ਦੀ ਸੂਚਨਾ ਹੈ ਤੇ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ 29 ਜਾਂ 30 ਦਸੰਬਰ ਤੈਅ ਕੀਤਾ ਜਾ ਸਕਦਾ ਹੈ।

ਉਧਰ, ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦਾਅਵਾ ਕੀਤਾ ਹੈ ਕਿ ਪੰਚਾਇਤੀ ਚੋਣਾਂ ਹਰ ਹਾਲ 31 ਦਸੰਬਰ ਤੋਂ ਪਹਿਲਾਂ ਕਰਾਈਆਂ ਜਾਣਗੀਆਂ। ਉਨ੍ਹਾਂ ਕਿਹਾ ਹੈ ਕਿ ਰਾਖਵੇਂਕਰਨ ਦੀ ਪ੍ਰਕਿਰਿਆ ਵੀ ਚੋਣਾਂ ਦੇ ਐਲਾਨ ਤੋਂ ਪਹਿਲਾਂ ਨੇਪਰੇ ਚਾੜ੍ਹ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।