ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਪਹਿਲੀ ਜੁਲਾਈ ਤੋਂ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਵਿਰੋਧੀ ਧਿਰਾਂ ਸਵਾਲ ਉਠਾ ਰਹੀਆਂ ਹਨ ਕਿ ਖਜ਼ਾਨਾ ਖਾਲੀ ਤੇ ਸਰਕਾਰ ਇਸ ਲਈ ਪੈਸਾ ਕਿੱਥੋਂ ਲਿਆਏਗੀ। ਇਸ ਦਾ ਜਵਾਬ ਦਿੰਦਿਆਂ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੂਰੀ ਪਲਾਨਿੰਗ ਦੱਸੀ ਹੈ। ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਤਰੱਕੀ ਦੇ ਰਾਹ ’ਤੇ ਪਾਉਣ ਲਈ ਭ੍ਰਿਸ਼ਟਾਚਾਰ ਨੂੰ ਖਤਮ ਕਰਕੇ ਪੈਸੇ ਦੀ ਬੱਚਤ ਕਰੇਗੀ।



ਕੇਜਰੀਵਾਲ ਨੇ ਟਵਿੱਟਰ ’ਤੇ ਕਿਹਾ ਹੈ ਕਿ ਪੰਜਾਬ ਵਿੱਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਨੇ ਮੁਫ਼ਤ ਬਿਜਲੀ ਦੇਣ ਦਾ ਪਹਿਲਾ ਚੋਣ ਵਾਅਦਾ ਪੂਰਾ ਕਰ ਦਿੱਤਾ ਹੈ ਕਿਉਂਕਿ ‘ਆਪ’ ਦੂਜੀਆਂ ਪਾਰਟੀਆਂ ਵਾਂਗ ਝੂਠੇ ਵਾਅਦੇ ਨਹੀਂ ਕਰਦੀ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਤਰੱਕੀ ਦੇ ਰਾਹ ’ਤੇ ਪਾਉਣ ਲਈ ਭ੍ਰਿਸ਼ਟਾਚਾਰ ਨੂੰ ਖਤਮ ਕਰਕੇ ਪੈਸੇ ਦੀ ਬੱਚਤ ਕਰੇਗੀ। ਉਨ੍ਹਾਂ ਕਿਹਾ, ‘‘ਆਪ ਜੋ ਕਹਿੰਦੀ ਹੈ ਉਹ ਕਰਦੀ ਹੈ ਤੇ ਦੂਜੀਆਂ ਪਾਰਟੀਆਂ ਵਾਂਗ ਝੂਠੇ ਵਾਅਦੇ ਨਹੀਂ ਕਰਦੀ ਹੈ।’’

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਪੱਸ਼ਟ ਇਰਾਦਿਆਂ ਵਾਲੀ ਇਮਾਨਦਾਰ ਤੇ ਦੇਸ਼ ਭਗਤ ਸਰਕਾਰ ਆਈ ਹੈ ਅਤੇ ਸੂਬੇ ਦੀ ਤਰੱਕੀ ਦੇ ਰਾਹ ਵਿੱਚ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਅਕਾਲੀ ਦਲ ਤੇ ਕਾਂਗਰਸੀ ਆਗੂਆਂ ਵੱਲੋਂ ਸਵਾਲ ਉਠਾਉਣ ’ਤੇ ਨਿਸ਼ਾਨਾ ਸੇਧਿਆ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਲੋੜ ਨਹੀਂ ਕਿਉਂਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਬਹੁਤ ਵਧੀਆ ਜਵਾਬ ਦੇ ਦਿੱਤਾ ਹੈ। ਸੂਬੇ ਦੀ ਵਿੱਤੀ ਹਾਲਤ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਇੱਕ ਉਦੇਸ਼ ਯੋਜਨਾ ਤਿਆਰ ਹੈ।