ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਰਈਆ ਵਿੱਚ ਦੋ ਨੌਜਵਾਨਾਂ ਦੀ ਹੋਈ ਮੌਤ ਲਈ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਦੋਸ਼ੀਆਂ ਖ਼ਿਲਾਫ਼ ਕਾਨੂੰਨ ਕਾਰਵਾਈ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਰਈਆ ਵਿੱਚ ਸੀਵਰੇਜ ਦੀ ਸਫ਼ਾਈ ਕਰਨ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ।
ਪ੍ਰੈਸ ਬਿਆਨ ਰਾਹੀਂ ਚੀਮਾ ਨੇ ਕਿਹਾ ਕਿ ਇਹ ਘਟਨਾ ਬੇਹੱਦ ਮੰਦਭਾਗੀ ਹੈ ਤੇ ਸਰਕਾਰ ਨੂੰ ਇਸ 'ਤੇ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਸੀਵਰੇਜ ਦੀ ਸਫਾਈ ਲਈ ਇਨਸਾਨਾਂ ਦੀ ਥਾਂ ਮਸ਼ੀਨਾਂ ਦੀ ਵਰਤੋਂ ਯਕੀਨੀ ਬਣਾਉਣ ਦੇ ਫ਼ੈਸਲੇ ਤੋਂ ਬਾਅਦ ਵੀ ਨੌਜਵਾਨਾਂ ਨੂੰ ਜ਼ਬਰਦਸਤੀ ਸੀਵਰੇਜ ਦੀ ਸਫ਼ਾਈ ਲਈ ਲਾਇਆ ਗਿਆ। ਇਸ ਦੇ ਜ਼ਿੰਮੇਵਾਰ ਰਈਆ ਦੇ ਪ੍ਰਧਾਨ, ਕਾਰਜ ਸਾਧਕ ਅਫ਼ਸਰ ਤੇ ਪ੍ਰਾਈਵੇਟ ਠੇਕੇਦਾਰ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਚੀਮਾ ਨੇ ਕਿਹਾ ਕਿ ਮੈਲਾ ਚੁੱਕਣ ਵਿਰੁੱਧ ਤੇ ਉਨ੍ਹਾਂ ਦੇ ਪੁਨਰਵਾਸ ਬਿੱਲ 2012 ਦੇ ਅਧੀਨ ਸੀਵਰੇਜ ਵਿੱਚ ਇਨਸਾਨ ਦੇ ਵੜਨ ਦੌਰਾਨ ਉਨ੍ਹਾਂ ਲਈ ਖ਼ਾਸ ਕਿਸਮ ਦੇ ਸੰਦ ਤੇ ਕੱਪੜੇ ਮੁਹੱਈਆ ਕਰਵਾਉਣੇ ਜ਼ਰੂਰੀ ਹਨ। ਬਿੱਲ ਵਿੱਚ ਇਨ੍ਹਾਂ ਨਿਯਮਾਂ ਨੂੰ ਲਾਗੂ ਨਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਦੀ ਸਿਫ਼ਾਰਿਸ਼ ਕੀਤੀ ਗਈ ਹੈ।
ਚੀਮਾ ਨੇ ਮੰਗ ਕੀਤੀ ਕਿ ਸਰਕਾਰ ਜਲਦ ਤੋਂ ਜਲਦ ਇਸ ਘਟਨਾ ਦੌਰਾਨ ਮਾਰੇ ਗਏ ਨੌਜਵਾਨਾਂ ਦੇ ਪਰਿਵਾਰ ਦੀ ਵਿੱਤੀ ਸਹਾਇਤਾ ਕਰੇ ਤੇ ਪਰਿਵਾਰ ਦੇ ਕਿਸੇ ਵਿਅਕਤੀ ਲਈ ਸਰਕਾਰੀ ਨੌਕਰੀ ਮੁਹੱਈਆ ਕਰਵਾਏ।