ਚੰਡੀਗੜ੍ਹ: ਜੇਲ੍ਹਾਂ ਤੇ ਪੁਲਿਸ ਹਿਰਾਸਤ ਵਿੱਚ ਹੋ ਰਹੀਆਂ ਅਪਰਾਧੀਆਂ ਦੀਆਂ ਮੌਤਾਂ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਸਰਕਾਰ ਨੂੰ ਘੇਰਿਆ ਹੈ। ਅਕਾਲੀ ਦਲ ਨੇ ਨਿਆਂਇਕ ਹਿਰਾਸਤ ਵਿੱਚ ਮੌਤਾਂ ਦੀ ਹਾਈਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਪਾਰਟੀ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਪ੍ਰਸ਼ਾਸਨਿਕ ਪ੍ਰਬੰਧ ਤਹਿਸ-ਨਹਿਸ ਹੋਣ ਲਈ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਬਰਖ਼ਾਸਤ ਕਰਨ ਦੀ ਮੰਗ ਵੀ ਕੀਤੀ ਹੈ।

ਅਕਾਲੀ ਦਲ ਦੇ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ 548 ਕਿੱਲੋ ਹੈਰੋਇਨ ਬਰਾਮਦਗੀ ਦੇ ਮਾਮਲੇ ’ਚ ਮੁੱਖ ਮੁਲਜ਼ਮ ਗੁਰਪਿੰਦਰ ਦੀ ਅੰਮ੍ਰਿਤਸਰ ਜੇਲ੍ਹ ਵਿੱਚ ਹੋਈ ਮੌਤ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਗੁਰਪਿੰਦਰ ਦਾ ਢੁਕਵਾਂ ਇਲਾਜ ਨਹੀਂ ਕਰਵਾਇਆ ਗਿਆ। ਮਾਮਲੇ ਸਬੰਧੀ ਇਹ ਘੋਖਣ ਦੀ ਲੋੜ ਹੈ ਕਿ ਇਹ ਜਾਣਬੁੱਝ ਕੇ ਕੀਤਾ ਗਿਆ ਹੈ ਜਾਂ ਇਸ ਪਿੱਛੇ ਕੋਈ ਸਾਜ਼ਿਸ਼ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਬੇਅਦਬੀ ਕਾਂਡ ਦੇ ਦੋਸ਼ੀ ਮਹਿੰਦਰਪਾਲ ਬਿੱਟੂ ਦਾ ਨਾਭਾ ਜੇਲ੍ਹ ਵਿਚ ਕਤਲ ਹੋ ਗਿਆ ਸੀ। ਬਿੱਟੂ ਨੂੰ ਵੱਖਰੀ ਬੈਰਕ ਵਿੱਚ ਰੱਖਣ ਤੇ ਬਾਕੀ ਕੈਦੀਆਂ ਤੋਂ ਦੂਰ ਰੱਖਣ ਦੇ ਨਿਰਦੇਸ਼ਾਂ ਦੇ ਬਾਵਜੂਦ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਆਪਣੇ ਸੈੱਲ ਵਿੱਚੋਂ ਬਾਹਰ ਆਉਣ ਦੀ ਆਗਿਆ ਦਿੱਤੀ ਸੀ।

ਇਸੇ ਤਰ੍ਹਾਂ ਲੁਧਿਆਣਾ ਜੇਲ੍ਹ ਵਿੱਚ ਵੀ ਇੱਕ ਕੈਦੀ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਸੀ, ਜਿਸ ਮਗਰੋਂ ਪ੍ਰਦਰਸ਼ਨ ਕਰ ਰਹੇ ਕੈਦੀਆਂ ਉੱਤੇ ਕੀਤੀ ਗੋਲੀਬਾਰੀ ਵਿੱਚ ਇੱਕ ਹੋਰ ਕੈਦੀ ਮਾਰਿਆ ਗਿਆ ਸੀ। ਇਸ ਤੋਂ ਇਲਾਵਾ ਪਟਿਆਲਾ ਜੇਲ੍ਹ ਵਿੱਚ ਫਿਰੌਤੀ ਲੈਣ ਦੇ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ, ਜਿੱਥੇ ਗੈਂਗਸਟਰਾਂ ਵੱਲੋਂ ਜੇਲ੍ਹ ਅਧਿਕਾਰੀਆਂ ਨਾਲ ਮਿਲ ਕੇ ਕੈਦੀਆਂ ਨਾਲ ਬਦਫੈਲੀ ਕੀਤੀ ਜਾਂਦੀ ਸੀ।