Sri Akal Takht Sahib: ਕੌਣ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਗਲੇ ਜਥੇਦਾਰ? ਮੀਟਿੰਗ ਤੋਂ ਪਹਿਲਾਂ ਸੰਭਾਵੀ ਸੂਚੀ ਆਈ ਸਾਹਮਣੇ
ਸੂਤਰਾਂ ਅਨੁਸਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਵੀ ਕਈ ਨਾਵਾਂ ਉਪਰ ਵਿਚਾਰ ਹੋ ਰਹੀ ਹੈ। ਇਸ ਵਿੱਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਹੈ।
ਪਰਮਜੀਤ ਸਿੰਘ ਦੀ ਰਿਪੋਰਟ
ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ ਅੰਮ੍ਰਿਤਸਰ ਵਿਖੇ ਹੋ ਰਹੀ ਹੈ। ਇਸ ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਅਹੁਦੇ ਤੋਂ ਹਟਾਉਣ ਦਾ ਫੈਸਲਾ ਲੈਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੰਭਾਵੀ ਨਵੇਂ ਜਥੇਦਾਰ ਬਾਰੇ ਵੀ ਕਿਆਸ ਲਾਏ ਜਾ ਰਹੇ ਹਨ।
ਸੂਤਰਾਂ ਅਨੁਸਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਵੀ ਕਈ ਨਾਵਾਂ ਉਪਰ ਵਿਚਾਰ ਹੋ ਰਹੀ ਹੈ। ਇਸ ਵਿੱਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਹੈ। ਇਸ ਤੋਂ ਇਲਾਵਾ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸ਼੍ਰੀ ਹਰਿਮੰਦਰ ਸਾਹਿਬ, ਗਿਆਨੀ ਸੁਲਤਾਨ ਸਿੰਘ ਤੇ ਗਿਆਨੀ ਅਮਰਜੀਤ ਸਿੰਘ ਵੀ ਸੂਚੀ ਵਿੱਚ ਸ਼ਾਮਲ ਹਨ।
ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਜੋ ਇਸ ਸਮੇਂ ਅਸਟ੍ਰੇਲੀਆ ‘ਚ ਹਨ ਤੇ ਅੱਜ ਭਾਰਤ ਲਈ ਵਾਪਸ ਰਵਾਨਾ ਹੋ ਚੁੱਕੇ ਹਨ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੀਟਿੰਗ ਦੇ ਲਈ ਅੰਤ੍ਰਿਗ ਕਮੇਟੀ ਮੈਂਬਰਾਂ ਨੂੰ ਜੋ ਸੱਦੇ ਭੇਜੇ ਗਏ ਹਨ, ਉਸ ਵਿੱਚ ਕਿਸੇ ਵੀ ਏਜੰਡੇ ਦਾ ਜ਼ਿਕਰ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਜੋ ਟੈਂਡਰ ਅਗਲੇ ਮਹੀਨੇ ਖਤਮ ਹੋ ਰਹੇ ਹਨ, ਉਸ ਬਾਰੇ ਵੀ ਕੋਈ ਠੋਸ ਫੈਸਲਾ ਲਏ ਜਾਣ ਦੀ ਉਮੀਦ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਵੀ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਸੱਦੀ ਗਈ ਸੀ। ਇਸ ਵਿੱਚ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦੀ ਗੱਲ ਚੱਲੀ ਸੀ ਪਰ ਇਸ ਨੂੰ ਲੈ ਕੇ ਅਕਾਲੀ ਦਲ ਵਿੱਚ ਫੁੱਟ ਪੈਂਦੀ ਦਿਖਾਈ ਦਿੱਤੀ ਕਿਉਂਕਿ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਸੀਨੀਅਰ ਅਕਾਲੀ ਆਗੂ ਤੇ ਸੁਖਬੀਰ ਬਾਦਲ ਦੇ ਕਰੀਬੀ ਆਹਮੋ-ਸਾਹਮਣੇ ਆ ਗਏ ਸੀ। ਇਸ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਫੈਸਲੇ ਨੂੰ ਟਾਲ ਦਿੱਤਾ ਸੀ।
ਸੂਤਰਾਂ ਮੁਤਾਬਕ ਹਾਲਾਂਕਿ ਇਸ ਮੀਟਿੰਗ ਲਈ ਗੁਪਤ ਤਰੀਕੇ ਨਾਲ ਵਿਉਂਤਬੰਦੀ ਚੱਲ ਰਹੀ ਸੀ। ਪਿਛਲੀ ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਬਾਰੇ ਗੱਲ ਫੈਲਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਸੀ। ਗਿਆਨੀ ਹਰਪ੍ਰੀਤ ਸਿੰਘ ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਸੰਭਾਲ ਰਹੇ ਹਨ ਜਦਕਿ ਉਹ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਨ। ਅਜਿਹੀ ਸਥਿਤੀ ਵਿੱਚ ਇਹ ਫੈਸਲਾ ਕੀਤਾ ਜਾ ਸਕਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਅਹੁਦਾ ਉਨ੍ਹਾਂ ਤੋਂ ਵਾਪਸ ਲੈ ਲਿਆ ਜਾਵੇ ਪਰ ਉਹ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਬਣੇ ਰਹਿ ਸਕਦੇ ਹਨ।