ਕਿਸ ਦੇ ਸਿਰ ਬੱਝੇਗਾ ਕਾਂਗਰਸ ਦਾ 'ਸਿਹਰ', ਹਾਈਕਮਾਨ ਕਰੇਗੀ ਕੈਪਟਨ ਤੇ ਸਿੱਧੂ ਦਾ ਭਵਿੱਖ ਤੈਅ
ਕਾਂਗਰਸ ਹਾਈਕਮਾਨ ਪੰਜਾਬ ਵਿੱਚ ਪਾਰਟੀ ਅੰਦਰਲਾ ਕਲੇਸ਼ ਖਤਮ ਕਰਨ ਲਈ ਕਈ ਵੱਡੇ ਕਦਮ ਚੁੱਕ ਸਕਦੀ ਹੈ। ਦੋ ਧੜਿਆਂ ਵਿੱਚ ਵੰਡੀ ਪੰਜਾਬ ਕਾਂਗਰਸ ਨੂੰ ਇੱਕਜੁੱਟ ਕਰਨ ਲਈ ਹਾਈਕਮਾਨ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਅਹਿਮ ਜ਼ਿੰਮੇਵਾਰੀ ਸੌਂਪ ਸਕਦੀ ਹੈ।

ਚੰਡੀਗੜ੍ਹ: ਕਾਂਗਰਸ ਹਾਈਕਮਾਨ ਪੰਜਾਬ ਵਿੱਚ ਪਾਰਟੀ ਅੰਦਰਲਾ ਕਲੇਸ਼ ਖਤਮ ਕਰਨ ਲਈ ਕਈ ਵੱਡੇ ਕਦਮ ਚੁੱਕ ਸਕਦੀ ਹੈ। ਦੋ ਧੜਿਆਂ ਵਿੱਚ ਵੰਡੀ ਪੰਜਾਬ ਕਾਂਗਰਸ ਨੂੰ ਇੱਕਜੁੱਟ ਕਰਨ ਲਈ ਹਾਈਕਮਾਨ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਅਹਿਮ ਜ਼ਿੰਮੇਵਾਰੀ ਸੌਂਪ ਸਕਦੀ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ 'ਤੇ ਕੁਝ ਸ਼ਿਕੰਜਾ ਕੱਸਿਆ ਜਾ ਸਕਦਾ ਹੈ ਤਾਂ ਜੋ ਦੋਵਾਂ ਧੜਿਆਂ ਵਿਚਾਲੇ ਸੰਤੁਲਨ ਬਣਿਆ ਰਹੇ।
ਅਹਿਮ ਗੱਲ ਹੈ ਕਿ ਬਾਗੀ ਵਿਧਾਇਕ ਪੰਜਾਬ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਨਵੇਂ ਚਿਹਰੇ ਨੂੰ ਅੱਗੇ ਲਿਆਉਣ ਦੀ ਵਕਾਲਤ ਕਰ ਰਹੇ ਹਨ ਪਰ ਚੋਣਾਂ ਸਿਰ 'ਤੇ ਹੋਣ ਕਰਕੇ ਹਾਈਕਮਾਨ ਇਹ ਰਿਸਕ ਲੈਣ ਦਾ ਹੀਆ ਨਹੀਂ ਕਰ ਸਕਦੀ। ਇਸ ਲਈ ਹਾਈਕਮਾਨ ਵਿੱਚ-ਵਿਚਾਲੇ ਦਾ ਰਾਹ ਕੱਢਣਾ ਚਾਹੁੰਦੀ ਹੈ। ਮੰਨਿਆ ਜਾ ਰਿਹਾ ਹੈ ਕਿ ਹਾਈਕਮਾਨ ਨਵਜੋਤ ਸਿੱਧੂ ਨੂੰ ਅਹਿਮ ਜ਼ਿੰਮੇਵਾਰ ਸੌਂਪ ਸਕਦੀ ਹੈ।
ਦੱਸ ਦਈਏ ਕਿ ਕੈਪਟਨ ਤੇ ਨਵਜੋਤ ਸਿੱਧੂ ਵਿਚਾਲੇ ਵਿਵਾਦ ਦੇ ਹੱਲ ਲਈ ਹਾਈ ਕਮਾਂਡ ਵੱਲੋਂ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਵਿੱਚ ਸੀਨੀਅਰ ਲੀਡਰ ਮਲਿਕਾਰਜੁਨ ਖੜਗੇ, ਹਰੀਸ਼ ਰਾਵਤ ਤੇ ਜੇਪੀ ਅਗਰਵਾਲ ਸ਼ਾਮਲ ਹਨ। ਹਰੀਸ਼ ਰਾਵਤ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਵੀ ਹਨ। ਪਤਾ ਲੱਗਾ ਹੈ ਕਿ ਇਹ ਕਮੇਟੀ ਕਾਂਗਰਸ ਦੇ ਦੋਵੇਂ ਧੜਿਆਂ ਵਿੱਚ ਤਾਲਮੇਲ ਬਣਾਏਗੀ ਤੇ ਨਾਲ ਹੀ ਕੈਪਟਨ ਦੀ ਕਾਰਗੁਜ਼ਾਰੀ ਦਾ ਵਿਸ਼ਲੇਸ਼ਣ ਕਰੇਗੀ।
ਵਿਧਾਨ ਸਭਾ ਚੋਣਾਂ ਵਿੱਚ ਥੋੜ੍ਹਾ ਸਮਾਂ ਰਹਿਣ ਕਰਕੇ ਕਮੇਟੀ ਤੇਜ਼ੀ ਨਾਲ ਕੰਮ ਵਿੱਚ ਜੁੱਟ ਗਈ ਹੈ। ਇਸ ਲਈ ਕਮੇਟੀ ਨੇ ਅੱਜ ਪੰਜਾਬ ਕਾਂਗਰਸ ਦੇ 26 ਵਿਧਾਇਕਾਂ ਦਾ ਪੱਖ ਜਾਣਨ ਲਈ ਉਨ੍ਹਾਂ ਨੂੰ ਦਿੱਲੀ ਤਲਬ ਕੀਤਾ ਹੈ। ਇਹ ਵੀ ਪਤਾ ਲੱਗਾ ਹੈ ਕਿ ਨਵਜੋਤ ਸਿੱਧੂ ਮੰਗਲਵਾਰ ਤੇ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਜਾਂ ਸ਼ੁੱਕਰਵਾਰ ਨੂੰ ਕਮੇਟੀ ਸਾਹਮਣੇ ਪੇਸ਼ ਹੋਣਗੇ।
ਅੱਜ ਦੀ ਮੀਟਿੰਗ ’ਚ ਸ਼ਾਮਲ ਹੋਣ ਵਾਲੇ 26 ਵਿਧਾਇਕਾਂ ’ਚ ਸੁਖਜਿੰਦਰ ਸਿੰਘ ਰੰਧਾਵਾ ਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੀ ਸ਼ਾਮਲ ਹੋਣਗੇ। ਨਵਜੋਤ ਸਿੱਧੂ ਨੇ ਕਿਹਾ ਕਿ ਉਹ ਹਾਈ ਕਮਾਂਡ ਦੇ ਦਖਲ ਦੀ ਉਡੀਕ ਕਰ ਰਹੇ ਸਨ। ਸਿੱਧੂ ਨੇ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਲਾਏ ਗਏ ਦੋਸ਼ਾਂ ਨੂੰ ਸਾਬਤ ਕਰਕੇ ਦਿਖਾਉਣ।
ਇਸ ਬਾਰੇ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਇਹ ਸਿਰਫ਼ ਦੋਵਾਂ ਆਗੂਆਂ ਵਿਚਾਲੇ ਗਲਤਫਹਿਮੀ ਦਾ ਮਸਲਾ ਹੈ ਤੇ ਇਸ ਨੂੰ ਜਲਦੀ ਹੀ ਸੁਲਝਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਟੀਚਾ ਪਾਰਟੀ ਤੇ ਸਰਕਾਰ ਨੂੰ ਮਜ਼ਬੂਤ ਕਰਕੇ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਜਿੱਤ ਯਕੀਨੀ ਬਣਾਉਣਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :






















