ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਡਾਕਟਰ ਧਰਮਵੀਰ ਗਾਂਧੀ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਹਰ ਵਿਸ਼ੇ ਦੇ ਮਾਹਰਾਂ ਦੀ ਭਰਮਾਰ ਹੈ ਪਰ ਇੱਕ MOU ਰਾਹੀਂ ਪੰਜਾਬ ਨੂੰ ਇੱਕ ਮਿਉਂਸੀਸਪਲ ਸਟੇਟ ਦਿੱਲੀ ਦੇ ਥੱਲੇ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹਜ਼ਾਰਾਂ ਸਾਲਾਂ ਤੋਂ ਇੱਕ ਆਜ਼ਾਦ ਹਸਤੀ, ਸ਼ਾਨਾਮੱਤੇ ਇਤਿਹਾਸ ਤੇ ਇੱਕ ਅਮੀਰ ਵਿਰਾਸਤ ਦਾ ਮਾਲਕ ਰਿਹਾ ਹੈ। ਭਗਵੰਤ ਦੇ ਹੱਥ ਥਿੜਕੇ ਕਿਉਂ ਨਹੀਂ ਦਸਤਖਤ ਕਰਨ ਵੇਲੇ?ਹੁਣ ਸਿੱਧਾ ਦਿੱਲੀ ਚਲਾਊ ਪੰਜਾਬ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਨੂੰ ਸਿੱਧਾ ਦਿੱਲੀ ਵੱਲੋਂ ਚਲਾਉਣ ਦੇ ਕਾਗਜਾਂ ਤੇ ਦਸਤਖਤ ਕਰ ਆਇਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇਹ ਦੱਸਦਿਆਂ ਦੁੱਖ ਹੋ ਰਿਹਾ ਹੈ ਕਿ ਜਿਸ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਨੇ ਚੁਣਿਆ ਸੀ, ਉਹ ਕੇਜਰੀਵਾਲ ਦੀ ਕਠਪੁਤਲੀ ਤੋਂ ਬਿਨਾ ਕੁਝ ਵੀ ਨਹੀਂ ਹੈ। ਸ਼ਹੀਦ ਭਗਤ ਸਿੰਘ ਦੀ ਗੱਲ ਕਰਨ ਵਾਲੇ ਭਗਵੰਤ ਦੇ ਹੱਥ ਇਨ੍ਹਾਂ ਕਾਗਜਾਂ ਤੇ ਦਸਤਖਤ ਕਰਨ ਵੇਲੇ ਕਿਉਂ ਨਹੀਂ ਥਿੜਕੇ !!
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਅੱਜ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਬਲਕਿ ਅਰਵਿੰਦ ਕੇਜਰੀਵਾਲ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ਸਰਕਾਰ ਨਾਲ ਐਮਓਯੂ ਕਰਕੇ ਪੰਜਾਬ ਨੂੰ ਦਿੱਲੀ ਦੇ ਹਵਾਲੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਲੱਗਾ ਸੀ ਕਿ ਸਾਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ 100 ਦਿਨ ਦਿੱਤੇ ਜਾਣੇ ਚਾਹੀਦੇ ਹਨ ਪਰ ਅੱਜ ਦਾ ਫੈਸਲਾ ਇੱਕ ਇਤਿਹਾਸਕ ਭੁੱਲ ਹੈ ਤੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਕਹਿੰਦੇ ਸੀ ਕਿ ਕੇਜਰੀਵਾਲ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਉਨ੍ਹਾਂ ਦਾ ਨਿਸ਼ਾਨਾ ਸੀ ਕਿ ਮੈਂ ਪੰਜਾਬ ਦਾ ਮੁੱਖ ਮੰਤਰੀ ਬਣਾਂ ਪਰ ਭਗਵੰਤ ਮਾਨ ਨੂੰ ਬਣਾਉਣਾ ਉਨ੍ਹਾਂ ਦੀ ਮਜਬੂਰੀ ਬਣ ਗਈ ਸੀ।