Punjab News: ਚੰਨੀ ਨੇ ਹਿਮਾਚਲ ਦੇ ਸੀਐਮ ਨਾਲ ਕਿਉਂ ਕੀਤੀ ਮੀਟਿੰਗ? ਦੋ ਦਿਨ ਬਾਅਦ ਖੋਲ੍ਹਿਆ ਰਾਜ, ਗੁਆਂਢੀ ਸੂਬੇ ਤੋਂ ਕੀਤੀ ਵੱਡੀ ਮੰਗ
Punjab News:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ 2 ਦਿਨ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਇਹ ਮੀਟਿੰਗ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਹੋਈ
Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਦੋ ਦਿਨ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਇਹ ਮੀਟਿੰਗ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਹੋਈ ਸੀ। ਮੀਟਿੰਗ ਬਾਰੇ ਕਾਫੀ ਚਰਚਾ ਹੋ ਰਹੀ ਸੀ। ਇਸ ਲਈ ਹੁਣ ਚਰਨਜੀਤ ਚੰਨੀ ਨੇ ਇਸ ਮੀਟਿੰਗ ਦਾ ਮਕਸਦ ਦੱਸਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਮੀਟਿੰਗ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਚਰਚਾ ਹੋਈ ਸੀ।
ਚੰਨੀ ਨੇ ਪੰਜਾਬੀ ਭਾਸ਼ਾ ਨੂੰ ਹਿਮਾਚਲ ਪ੍ਰਦੇਸ਼ ਦੀ ਦੂਜੀ ਭਾਸ਼ਾ ਵਜੋਂ ਮਾਨਤਾ ਦੇਣ ਸਬੰਧੀ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਗੱਲਬਾਤ ਕੀਤੀ ਹੈ। ਅੱਜ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਚੰਨੀ ਨੇ ਕਿਹਾ- ਹਿਮਾਚਲ ਪ੍ਰਦੇਸ਼ ਵਿੱਚ ਇੱਕ ਵੱਡਾ ਵਰਗ ਪੰਜਾਬੀ ਬੋਲਦਾ ਹੈ, ਜਿਸ ਕਾਰਨ ਪੰਜਾਬ ਭਾਸ਼ਾ ਨੂੰ ਸੂਬੇ ਵਿੱਚ ਦੂਜੀ ਭਾਸ਼ਾ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ।
ਚੰਨੀ ਨੇ ਦੋ ਦਿਨ ਪਹਿਲਾਂ ਹੋਈ ਮੀਟਿੰਗ ਸਬੰਧੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਸ਼ੇਅਰ ਕੀਤੀ ਹੈ। ਇਸ ਵਿੱਚ ਉਹ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਨਜ਼ਰ ਆ ਰਹੇ ਹਨ। ਪੋਸਟ 'ਚ ਚੰਨੀ ਨੇ ਲਿਖਿਆ, "ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਸ਼ਿਮਲਾ 'ਚ ਮੁਲਾਕਾਤ ਕੀਤੀ। ਇਸ ਮੌਕੇ 'ਤੇ ਉਨ੍ਹਾਂ ਨੂੰ ਪੰਜਾਬੀ ਭਾਸ਼ਾ ਨੂੰ ਹਿਮਾਚਲ ਪ੍ਰਦੇਸ਼ ਦੀ ਦੂਜੀ ਭਾਸ਼ਾ ਬਣਾਉਣ ਦੀ ਬੇਨਤੀ ਕੀਤੀ ਗਈ ਕਿਉਂਕਿ ਪੰਜਾਬੀ ਭਾਸ਼ਾ ਅਜੇ ਵੀ ਹਿਮਾਚਲ ਦੇ ਵੱਡੇ ਹਿੱਸੇ 'ਚ ਬੋਲੀ ਜਾਂਦੀ ਹੈ। ਉਨ੍ਹਾਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਦੇਖਣ ਦਾ ਭਰੋਸਾ ਦਿੱਤਾ।"
ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸ਼ਿਮਲਾ ਵਿੱਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ ਸੀ। ਦੋਵਾਂ ਆਗੂਆਂ ਨੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਕਰੀਬ ਡੇਢ ਘੰਟੇ ਤੱਕ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਵਿਚਾਲੇ ਹਿਮਾਚਲ ਤੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਵੀ ਗੱਲਬਾਤ ਹੋਈ।