Jalandhar News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਰਿਵਾਰ ਸਣੇ ਜਲੰਧਰ ਡੇਰਾ ਲਾਉਣਾ ਵਿਰੋਧੀਆਂ ਨੂੰ ਰਾਸ ਨਹੀਂ ਆ ਰਿਹਾ। ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਲੋਕ ਸਭਾ ਚੋਣਾਂ ਵਿੱਚ ਹਾਰ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਡਰ ਸਤਾਉਣ ਲੱਗਾ ਹੈ। ਇਸ ਲਈ ਹੁਣ ਜਲੰਧਰ ਜ਼ਿਮਨੀ ਚੋਣ ਵਿੱਚ ਹਾਰ ਦੇ ਡਰੋਂ ਉਨ੍ਹਾਂ ਨੇ ਜਲੰਧਰ ਵਿੱਚ ਰਿਹਾਇਸ਼ ਕੀਤੀ ਹੈ।


ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿੱਚ ਕੋਠੀ ਕਿਰਾਏ ਉਪਰ ਲੈ ਕੇ ਪਰਿਵਾਰ ਸਮੇਤ ਰਹਿ ਰਹੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਮਾਝਾ ਤੇ ਦੁਆਬਾ ਦੇ ਲੋਕਾਂ ਨੂੰ ਕੰਮ ਲਈ ਚੰਡੀਗੜ੍ਹ ਦੇ ਗੇੜੇ ਨਾ ਲਾਉਣੇ ਪੈਣ, ਇਸ ਲਈ ਉਹ ਜਲੰਧਰ ਵਿੱਚ ਵੀ ਰਿਹਾ ਕਰਨਗੇ। ਇਸ ਲਈ ਆਮ ਆਦਮੀ ਪਾਰਟੀ ਦੇ ਲੀਡਰ ਇਸ ਨੂੰ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਵਰਤਾਰਾ ਕਰਾਰ ਦੇ ਰਹੇ ਹਨ। 


ਉਧਰ, ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦੇ ਹੋਏ ਕਿਹਾ ਕਿ ਮੁੱਖ ਮੰਤਰੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਨੂੰ ਮਨਾਉਣ ਲਈ ਪਰਿਵਾਰ ਤੇ ਮੰਤਰੀ ਮੰਡਲ ਸਮੇਤ ਜਲੰਧਰ ’ਚ ਡੇਰਾ ਲਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇ ‘ਆਪ’ ਸਰਕਾਰ ਨੇ ਆਪਣੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਚੰਗਾ ਪ੍ਰਦਰਸ਼ਨ ਕੀਤਾ ਹੁੰਦਾ ਤਾਂ ਉਸ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਨੂੰ ਮਨਾਉਣ ਲਈ ਇੰਨੀ ਮਿਹਨਤ ਨਾ ਕਰਨੀ ਪੈਂਦੀ। 


ਉਨ੍ਹਾਂ ਨੇ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ‘ਆਪ’ ਸਰਕਾਰ ਸੂਬੇ ’ਚ ਕੰਮ ਕਰਨ ਤੇ ਆਪਣੀਆਂ ਗਾਰੰਟੀਆਂ ਪੂਰੀਆਂ ਕਰਨ ’ਚ ਬੁਰੀ ਤਰਾਂ ਅਸਫਲ ਰਹੀ ਹੈ। ਬਾਜਵਾ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਨਿਰਾਸ਼ ਕੀਤਾ ਹੈ। ਇਸ ਲਈ ਲੋਕ ਸਭਾ ਚੋਣਾਂ ਵਿੱਚ ‘ਆਪ’ ਤਿੰਨ ਸੀਟਾਂ ’ਤੇ ਸਿਮਟ ਕੇ ਰਹਿ ਗਈ ਹੈ। ‘ਆਪ’ ਦੇ ਚਾਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਲਾਲਜੀਤ ਸਿੰਘ ਭੁੱਲਰ, ਡਾ. ਬਲਬੀਰ ਸਿੰਘ ਅਤੇ ਕੁਲਦੀਪ ਸਿੰਘ ਧਾਲੀਵਾਲ ਹਾਰ ਗਏ। 


ਉਨ੍ਹਾਂ ਦਾਅਵਾ ਕੀਤਾ ਕਿ ਹੁਣ ਜਲੰਧਰ ਦੇ ਵੋਟਰ ‘ਆਪ’ ਨੂੰ ਇੱਕ ਹੋਰ ਕਰਾਰੀ ਹਾਰ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਝੂਠੇ ਦਾਅਵੇ ਕਰ ਰਹੀ ਹੈ। ‘ਆਪ’ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਅਸਫ਼ਲ ਰਹੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹੜ੍ਹਾਂ ਤੇ ਕੁਦਰਤੀ ਆਫ਼ਤਾਂ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਵਜੋਂ ਇੱਕ ਪੈਸਾ ਵੀ ਨਹੀਂ ਮਿਲਿਆ।


ਉਧਰ, ਜਲੰਧਰ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਮੁੱਖ ਮੰਤਰੀ ਆਪਣੇ ਪਰਿਵਾਰ ਸਣੇ ਜਲੰਧਰ ਵਿੱਚ ਰਹਿਣ ਆਇਆ ਹੈ। ਉਨ੍ਹਾਂ ਕਿਹਾ ਕਿ ਇੱਥੋਂ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੁੱਖ ਮੰਤਰੀ ਨੇ ਇੱਥੇ ਕਿਰਾਏ ’ਤੇ ਮਕਾਨ ਲਿਆ ਹੈ ਤੇ ਲਗਾਤਾਰ ਲੋਕਾਂ ਨੂੰ ਮਿਲ ਰਹੇ ਹਨ।