ਜੰਗ ਤੋਂ ਪਹਿਲਾਂ ਹੀ ਕੈਪਟਨ ਦੇ ਜਰਨੈਲ ਨੇ ਕਿਉਂ ਛੱਡਿਆ ਮੈਦਾਨ? ਹੁਣ ਕੌਣ ਲਾਊ ਕਾਂਗਰਸ ਦਾ ਬੇੜਾ ਪਾਰ?
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਉਨ੍ਹਾਂ ਦਾ ਸਾਥ ਛੱਡ ਦਿੱਤਾ ਹੈ। ਉਨ੍ਹਾਂ ਦੇ ਅਸਤੀਫੇ ਮਗਰੋਂ ਸਵਾਲ ਉੱਠ ਰਹੇ ਹਨ ਕਿ ਆਖਰ ਜੰਗ ਤੋਂ ਪਹਿਲਾਂ ਹੀ ਕੈਪਟਨ ਦੇ ਜਰਨੈਲ ਨੇ ਮੈਦਾਨ ਕਿਉਂ ਛੱਡਿਆ ਹੈ।
ਚੰਡੀਗੜ੍ਹ: ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਉਨ੍ਹਾਂ ਦਾ ਸਾਥ ਛੱਡ ਦਿੱਤਾ ਹੈ। ਉਨ੍ਹਾਂ ਦੇ ਅਸਤੀਫੇ ਮਗਰੋਂ ਸਵਾਲ ਉੱਠ ਰਹੇ ਹਨ ਕਿ ਆਖਰ ਜੰਗ ਤੋਂ ਪਹਿਲਾਂ ਹੀ ਕੈਪਟਨ ਦੇ ਜਰਨੈਲ ਨੇ ਮੈਦਾਨ ਕਿਉਂ ਛੱਡਿਆ ਹੈ।
ਦਰਅਸਲ ਇਸ ਦੇ ਕਈ ਕਾਰਨ ਦੱਸੇ ਜਾ ਰਹੇ ਹਨ। ਪਹਿਲਾ ਇਹ ਕਿ ਪ੍ਰਸ਼ਾਂਤ ਕਿਸ਼ੋਰ ਕੌਮੀ ਰਾਜਨੀਤੀ ਵਿੱਚ ਅਹਿਮ ਰੋਲ ਨਿਭਾਉਣ ਦੀ ਤਿਆਰੀ ਕਰ ਰਹੇ ਹਨ। ਚਰਚਾ ਹੈ ਕਿ ਇਸ ਲਈ ਉਹ ਕਾਂਗਰਸ ਵਿੱਚ ਵੀ ਸ਼ਾਮਲ ਹੋ ਸਕਦੇ ਹਨ। ਦੂਜਾ ਨਵਜੋਤ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਰੇੜਕੇ ਕਰਕੇ ਪ੍ਰਸ਼ਾਂਤ ਕਿਸ਼ੋਰ ਲਈ ਕੰਮ ਕਰਨਾ ਔਖਾ ਹੋ ਗਿਆ ਸੀ। ਇਸ ਤੋਂ ਇਲਾਵਾ ਪ੍ਰਸ਼ਾਂਤ ਕਿਸ਼ੋਰ ਦੀ ਨਿਯੁਕਤੀ ਬਾਰੇ ਸੁਪਰੀਮ ਕੋਰਟ ਵਿੱਚ ਸੁਣਵਾਈ ਚੱਲ ਰਹੀ ਹੈ। ਇਸ ਲਈ ਉਨ੍ਹਾਂ ਕਿਸੇ ਵਿਵਾਦ ਤੋਂ ਪਹਿਲਾਂ ਹੀ ਅਹੁਦੇ ਤੋਂ ਲਾਂਭੇ ਹੋਣਾ ਸਮਝਿਆ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਨੇ 1 ਮਾਰਚ 2021 ਨੂੰ ਪ੍ਰਸ਼ਾਂਤ ਕਿਸ਼ੋਰ ਨੂੰ ਬਤੌਰ ਪ੍ਰਮੁੱਖ ਸਲਾਹਕਾਰ ਕੈਬਨਿਟ ਮੰਤਰੀ ਦਾ ਰੁਤਬਾ ਦੇਣ ਤੋਂ ਇਲਾਵਾ ਬਕਾਇਦਾ ਇੱਥੇ ਸਿਵਲ ਸਕੱਤਰੇਤ ਵਿੱਚ ਦਫ਼ਤਰ ਵੀ ਦਿੱਤਾ ਹੋਇਆ ਸੀ। ਪੰਜਾਬ ਸਰਕਾਰ ਵੱਲੋਂ ਵੱਡਾ ਅਮਲਾ ਫੈਲਾ ਦਫਤਰ ’ਚ ਤਾਇਨਾਤ ਕੀਤਾ ਹੋਇਆ ਸੀ, ਜਿਸ ’ਚ ਇੱਕ ਪੀਏ, ਇੱਕ ਪੀਐਸ, ਇੱਕ ਕਲਰਕ, ਇੱਕ ਅਪਰੇਟਰ ਤੇ ਦੋ ਚਪੜਾਸੀ ਸ਼ਾਮਲ ਹਨ।
ਦਿਲਚਸਪ ਹੈ ਕਿ ਸਾਬਕਾ ਬਾਕਸਿੰਗ ਕੋਚ ਲਾਭ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪ੍ਰਸ਼ਾਂਤ ਕਿਸ਼ੋਰ ਦੀ ਬਤੌਰ ਪ੍ਰਮੁੱਖ ਸਲਾਹਕਾਰ ਨਿਯੁਕਤੀ ਨੂੰ ਚੁਣੌਤੀ ਦੇ ਦਿੱਤੀ ਸੀ ਪਰ ਹਾਈਕੋਰਟ ਨੇ ਇਹ ਪਟੀਸ਼ਨ ਖਾਰਜ ਕਰ ਦਿੱਤੀ ਸੀ। ਪਟੀਸ਼ਨਰ ਤਰਫੋਂ ਇਸ ਮਾਮਲੇ ’ਚ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਈ ਗਈ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਂਤ ਕਿਸ਼ੋਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।
ਇਸ ਬਾਰੇ ਪਟੀਸ਼ਨਰ ਸਾਬਕਾ ਕੋਚ ਲਾਭ ਸਿੰਘ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਵਿੱਚ 20 ਅਗਸਤ ਨੂੰ ਇਸ ਮਾਮਲੇ ਦੀ ਸੁਣਵਾਈ ਹੋਣੀ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਪ੍ਰਸ਼ਾਂਤ ਕਿਸ਼ੋਰ ਵੱਲੋਂ ਅਸਤੀਫ਼ਾ ਦਿੱਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ ਪਰ ਉਹ ਸੁਪਰੀਮ ਕੋਰਟ ਵਿਚ ਕਾਨੂੰਨੀ ਲੜਾਈ ਜਾਰੀ ਰੱਖਣਗੇ। ਉਨ੍ਹਾਂ ਆਖਿਆ ਕਿ ਸਰਕਾਰੀ ਖ਼ਜ਼ਾਨੇ ਵਿੱਚੋਂ ਪ੍ਰਸ਼ਾਂਤ ਕਿਸ਼ੋਰ ਨੂੰ ਸਭ ਸਹੂਲਤਾਂ ਦਿੱਤੀਆਂ ਹੋਈਆਂ ਸਨ ਤੇ ਬਿਨਾਂ ਕੋਈ ਇਸ਼ਤਿਹਾਰ ਪ੍ਰਕਾਸ਼ਿਤ ਕੀਤੇ ਉਸ ਨੂੰ ਰੱਖਿਆ ਗਿਆ ਹੈ।