Punjab Police: ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ਨੀਵਾਰ ਨੂੰ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 64ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ।


ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਬਹਾਦਰੀ ਅਤੇ ਕੁਰਬਾਨੀ ਵਾਲਾ ਸ਼ਾਨਾਮੱਤਾ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਫੋਰਸ ਦੇ ਮੈਂਬਰਾਂ ਨੇ ਦੇਸ਼ ਦੀ ਏਕਤਾ ਨੂੰ ਕਾਇਮ ਰੱਖਣ ਅਤੇ ਨਾਗਰਿਕਾਂ ਨੂੰ ਸੁਰੱਖਿਆ ਦੇਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਸੂਬਾ ਪੁਲਿਸ ਨੇ ਸਤੰਬਰ 1981 ਤੋਂ ਹੁਣ ਤੱਕ 1997 ਅਧਿਕਾਰੀਆਂ, ਜਿੰਨ੍ਹਾਂ ਵਿੱਚ ਇਸ ਸਾਲ ਸ਼ਹੀਦ ਹੋਏ 3 ਮੁਲਾਜ਼ਮ ਵੀ ਸ਼ਾਮਲ ਹਨ, ਦੇ ਪ੍ਰਾਣਾਂ ਦੀ ਆਹੂਤੀ ਦਿੱਤੀ ਹੈ।


ਦੇਸ਼ ਦੀ ਖਾਤਿਰ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਪੁਲਿਸ ਮੁਖੀ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਪਣੀ ਬਹਾਦਰੀ, ਦਲੇਰੀ ਅਤੇ ਸਫਲਤਾਪੂਰਵਕ ਅੱਤਵਾਦ ਨਾਲ ਨਜਿੱਠਣ ਲਈ ਜਾਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਾਤ ਭੂਮੀ ਨੂੰ ਦੁਸ਼ਮਣਾਂ ਤੋਂ ਬਚਾਉਣ ਲਈ ਪੰਜਾਬ ਪੁਲਿਸ ਹਮੇਸ਼ਾ ਮੋਹਰੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਰਹੱਦੀ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਮਿਹਨਤ ਕਰਦੀ ਰਹੇਗੀ।


ਇਸ ਮੌਕੇ ਬੋਲਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ, “ਅਸੀਂ ਆਪਣੇ ਨਾਇਕਾਂ ਦੀਆਂ ਕੁਰਬਾਨੀਆਂ ਨੂੰ ਜ਼ਾਇਆ ਨਹੀਂ ਜਾਣ ਦੇਵਾਂਗੇ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਪੁਲਿਸ ਸਰਹੱਦੀ ਰਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਅਤੇ ਬਹਾਦਰੀ ਨਾਲ ਕੰਮ ਕਰਦੀ ਰਹੇਗੀ।’’


ਪੁਲਿਸ ਯਾਦਗਾਰੀ ਦਿਵਸ ਦਾ ਇਤਿਹਾਸ


ਪੁਲਿਸ ਯਾਦਗਾਰੀ ਦਿਵਸ ਦਾ ਇਤਿਹਾਸ 21 ਅਕਤੂਬਰ, 1959 ਨਾਲ ਜੁੜਦਾ ਹੈ, ਜਦੋਂ ਐਸਆਈ ਕਰਮ ਸਿੰਘ ਦੀ ਅਗਵਾਈ ਵਾਲੀ ਸੀ.ਆਰ.ਪੀ.ਐਫ. ਦੀ ਇੱਕ ਗਸ਼ਤ ਪਾਰਟੀ, ’ਤੇ ਲੱਦਾਖ ਦੇ ਹੌਟ ਸਪ੍ਰਿੰਗਜ਼ ਵਿਖੇ ਚੀਨੀ ਬਲਾਂ ਦੁਆਰਾ ਹਮਲਾ ਕੀਤਾ ਗਿਆ ਸੀ ਅਤੇ 10 ਜਵਾਨ ਸ਼ਹੀਦ ਹੋ ਗਏ ਸਨ। ਇਹ ਦਿਵਸ 16,000 ਫੁੱਟ ਦੀ ਉਚਾਈ ’ਤੇ ਅਤਿਅੰਤ ਠੰਡੀਆਂ ਸਥਿਤੀਆਂ ਅਤੇ ਹਰ ਤਰ੍ਹਾਂ ਦੇ ਔਕੜਾਂ ਵਿਰੁੱਧ ਲੜਦੇ ਹੋਏ ਜਵਾਨਾਂ ਦੀ ਬਹਾਦਰੀ ,ਕੁਰਬਾਨੀ, ਦੁਰਲੱਭ ਹੌਸਲੇ ਦਾ ਪ੍ਰਤੀਕ ਹੈ। ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਹਰ ਸਾਲ ਦੇਸ਼ ਦੇ ਸਾਰੇ ਪੁਲਿਸ ਬਲਾਂ ਦੇ ਇੱਕ ਪ੍ਰਤੀਨਿਧੀ ਦਲ ਨੂੰ ਹਾਟ ਸਪ੍ਰਿੰਗਜ਼, ਲੱਦਾਖ, ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਭੇਜਦੀ ਹੈ ,ਜਿਨ੍ਹਾਂ ਨੇ 21 ਅਕਤੂਬਰ, 1959 ਨੂੰ ਰਾਸ਼ਟਰੀ ਸਰਹੱਦਾਂ ਦੀ ਰਾਖੀ ਕਰਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ।


ਉਦੋਂ ਤੋਂ ਹਰ ਸਾਲ 21 ਅਕਤੂਬਰ ਨੂੰ, ਸਾਰੇ ਪੁਲਿਸ ਯੂਨਿਟਾਂ ਵਿੱਚ ਬਹਾਦਰ ਪੁਲਿਸ ਸ਼ਹੀਦਾਂ ਦੇ ਸਤਿਕਾਰ ਵਜੋਂ ਸ਼ਰਧਾਂਜਲੀ ਪਰੇਡ ਕੀਤੀ ਜਾਂਦੀ ਹੈ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਲਈ ਹਥਿਆਰ ਉਲਟੇ ਕੀਤੇ ਜਾਂਦੇ ਹਨ ਅਤੇ ਦੋ ਮਿੰਟ ਦਾ ਮੌਨ ਰੱਖਿਆ ਜਾਂਦਾ ਹੈ। ਰਾਜਾਂ, ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਪੁਲਿਸ ਸ਼ਹੀਦਾਂ ਦੇ ਨਾਮ ਉਹਨਾਂ ਦੁਆਰਾ ਦਿੱਤੀਆਂ ਮਹਾਨ ਕੁਰਬਾਨੀਆਂ ਨੂੰ ਸਨਮਾਨ ਦਿੰਦਿਆਂ ਪੜ੍ਹੇ ਜਾਂਦੇ ਹਨ।