ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਿਮਾ ਜਾਚਣਾ ਕਰਨ 'ਤੇ ਵੱਡੇ ਸਵਾਲ ਉੱਠੇ ਹਨ। ਸਿੱਖ ਬੁੱਧੀਜੀਵੀ ਤੇ ਵਿਰੋਧੀ ਧਿਰਾਂ ਸਵਾਲ ਕਰ ਰਹੀਆਂ ਹਨ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਵੀਕਾਰ ਲਿਆ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਪੰਥਕ ਸੰਕਟ ਲਈ ਉਹ ਹੀ ਜ਼ਿੰਮੇਵਾਰ ਹਨ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਕਿਹਾ ਹੈ ਕਿ ਪਹਿਲਾਂ ਇਹ ਤੈਅ ਕੀਤਾ ਜਾਣਾ ਚਾਹੀਦਾ ਹੈ ਕਿ ਅਕਾਲੀ ਲੀਡਰ ਕਿਹੜੀ-ਕਿਹੜੀ ਗਲਤੀ ਤੇ ਅਵੱਗਿਆ ਦੀ ਮੁਆਫ਼ੀ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਕੀ ਹੁਣ ਅਕਾਲੀ ਦਲ ਮੰਨ ਰਿਹਾ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਪੰਥਕ ਸੰਕਟ ਲਈ ਉਹ ਹੀ ਜ਼ਿੰਮੇਵਾਰ ਹਨ।
ਉਧਰ, ਪਾਰਟੀ ’ਚੋਂ ਕੱਢੇ ਗਏ ਟਕਸਾਲੀ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪਹਿਲਾਂ ਹੀ ਅਜਿਹੀ ਖਿਮਾ ਦੀ ਮੰਗ ਕੀਤੀ ਗਈ ਸੀ ਪਰ ਉਸ ਵੇਲੇ ਉਨ੍ਹਾਂ ਦੀ ਮੰਗ ਨੂੰ ਦਰਕਿਨਾਰ ਕਰ ਦਿੱਤਾ ਗਿਆ। ਉਨ੍ਹਾਂ ਆਖਿਆ ਕਿ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਹੁਣ ਆਪਣੀਆਂ ਗਲਤੀਆਂ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਆਖਿਆ ਕਿ ਹੁਣ ਮੁਆਫ਼ੀ ਮੰਗਣਾ ਸਿਰਫ਼ ਦਿਖਾਵਾ ਹੈ ਤਾਂ ਜੋ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਡਿੱਗ ਰਹੀ ਸਾਖ਼ ਨੂੰ ਬਚਾਇਆ ਜਾ ਸਕੇ।
ਵਿਰੋਧੀ ਧਿਰ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੁਖਬੀਰ ਬਾਦਲ ਨੂੰ ਵੰਗਾਰਦਿਆਂ ਕਿਹਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭੁੱਲਾਂ ਬਖ਼ਸ਼ਾਉਣ ਤੋਂ ਪਹਿਲਾਂ ਸੰਗਤ ਸਾਹਮਣੇ ਆਪਣੇ ਗੁਨਾਹਾਂ ਨੂੰ ਕਬੂਲ ਕਰਨ। ਉਨ੍ਹਾਂ ਸਵਾਲ ਕੀਤਾ ਕਿ ਸੁਖਬੀਰ ਬਾਦਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਕਾਲੀ ਸਰਕਾਰ ਸਮੇਂ ਹੋਈਆਂ ਬੇਅਦਬੀਆਂ ਲਈ ਮੁਆਫ਼ੀ ਮੰਗਣ ਜਾ ਰਹੇ ਹਨ ਜਾਂ ਆਪਣੀ ਉਸ ਗਲਤੀ ਦੀ ਜਿਸ ਤਹਿਤ ਉਨ੍ਹਾਂ ਦੀ ਸਰਕਾਰ ਨੇ ਨਿਰਦੋਸ਼ ਸਿੱਖਾਂ ’ਤੇ ਬਹਿਬਲ ਕਲਾਂ ਵਿਚ ਗੋਲੀ ਚਲਾ ਕੇ ਦੋ ਨੌਜਵਾਨ ਸ਼ਹੀਦ ਕਰ ਦਿੱਤੇ ਸਨ।